ਅੰਮ੍ਰਿਤਸਰ, ੦੩ ਅਪ੍ਰੈਲ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੱਢੇ ਗਏ ੫੨੩ ਮੁਲਾਜ਼ਮਾਂ ਦੇ ਸਬੰਧ ਵਿਚ ਸਪੱਸ਼ਟ ਕਰਦਿਆਂ ਕਿਹਾ ਕਿ ਇਹ ਫੈਸਲਾ ਸ਼੍ਰੋਮਣੀ ਕਮੇਟੀ ਦੀ ਸਮੁੱਚੀ ਅੰਤ੍ਰਿੰਗ ਕਮੇਟੀ ਦਾ ਹੈ ਨਾ ਕਿ ਕਿਸੇ ਵਿਅਕਤੀ ਵਿਸ਼ੇਸ ਦਾ।
ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੋਂ ਜਾਰੀ ਪ੍ਰੈਸ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਨਿਯਮਾਂ ਵਿਰੁੱਧ ਹੋਈਆਂ ਨਿਯੁਕਤੀਆਂ ਦੀ ਜਾਂਚ ਲਈ ਸ. ਰਘੁਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਇਕ ਸਬ ਕਮੇਟੀ ਬਣਾਈ ਸੀ। ਇਸ ਕਮੇਟੀ ਨੇ ਕਈ ਮੀਟਿੰਗਾਂ ਕਰਕੇ ਇਨ੍ਹਾਂ ਨਿਯੁਕਤੀਆਂ ਨੂੰ ਨਿਯਮਾਂ ਵਿਰੁੱਧ ਪਾਇਆ। ਲੰਬੀ ਪੜਤਾਲ ਤੋਂ ਬਾਅਦ ਇਸ ਸਬ-ਕਮੇਟੀ ਨੇ ਆਪਣੀ ਰਿਪੋਰਟ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਰੱਖੀ। ਅੰਤਿੰਗ ਕਮੇਟੀ ਦੀ ਮੀਟਿੰਗ ਵਿਚ ਇਸ ਰਿਪੋਰਟ ਤੇ ਲੰਬੀ ਚਰਚਾ ਤੋਂ ਬਾਅਦ ਸਰਬ-ਸੰਮਤੀ ਨਾਲ ਇਨ੍ਹਾਂ ਨਿਯੁਕਤੀਆਂ ਨੂੰ ਰੱਦ ਕਰਨ ਦਾ ਫੈਸਲਾ ਹੋਇਆ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਜਿਹੜੇ ਮੁਲਾਜ਼ਮ ਇਸ ਫੈਸਲੇ ਨਾਲ ਪ੍ਰਭਾਵਿਤ ਹੋਏ ਹਨ, ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਲਦ ਹੀ ਦਿੱਤੇ ਜਾ ਰਹੇ ਇਸ਼ਤਿਹਾਰ ਵਿਚ ਲੋੜ ਅਨੁਸਾਰ ਮੰਗੀਆਂ ਅਸਾਮੀਆਂ ਅਨੁਸਾਰ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹੀ ਫੈਸਲਾ ਵਿਦਿਅਕ ਅਦਾਰਿਆਂ ਤੇ ਵੀ ਲਾਗੂ ਹੋਵੇਗਾ।