ਸ਼੍ਰੋਮਣੀ ਕਮੇਟੀ ਪੜਤਾਲ ਤੋਂ ਬਾਅਦ ਕਰੇਗੀ ਕਾਰਵਾਈ -ਭਾਈ ਲੌਂਗੋਵਾਲ
ਜਾਣਕਾਰੀ ਲਈ ਸ਼੍ਰੋਮਣੀ ਕਮੇਟੀ ਦੀ ਟੀਮ ਜਾਵੇਗੀ ਮੁੰਬਈ

ਅੰਮ੍ਰਿਤਸਰ, ੨੭ ਸਤੰਬਰ – ਮੁੰਬਈ ਦੇ ਇੱਕ ਇਲਾਕੇ ਵਿਚ ਸਿੱਖ ਕੌਮ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦਾ ਹੂਬਹੂ ਮਾਡਲ ਬਣਾ ਕੇ ਉਸ ਵਿਚ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਲਗਾਉਣ ਦੇ ਮਾਮਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਇਥੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਅਜਿਹੀਆਂ ਸਿੱਖੀ ਨੂੰ ਢਾਹ ਲਗਾਉਣ ਵਾਲੀਆਂ ਹਰਕਤਾਂ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀ ਅਤੇ ਇਸ ਮਾਮਲੇ ਦੀ ਸ਼੍ਰੋਮਣੀ ਕਮੇਟੀ ਵੱਲੋਂ ਪੜਤਾਲ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਇਹ ਜਾਣਕਾਰੀ ਦਰੁਸਤ ਹੋਈ ਤਾਂ ਅਜਿਹਾ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਮੁਕੰਮਲ ਜਾਣਕਾਰੀ ਲਈ ਜਲਦ ਹੀ ਇਕ ਟੀਮ ਮੁੰਬਈ ਵਿਖੇ ਭੇਜੀ ਜਾਵੇਗੀ ਤਾਂ ਜੋ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ। ਉਨ੍ਹਾਂ ਮੁੰਬਈ ਦੀਆਂ ਪ੍ਰਮੁੱਖ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਦਾ ਸਖ਼ਤ ਵਿਰੋਧ ਕਰਨ। ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਮਹਾਰਾਸ਼ਟਰ ਸਰਕਾਰ ਨੂੰ ਪੱਤਰ ਲਿਖਣ ਦੀ ਗੱਲ ਵੀ ਆਖੀ ਹੈ।