ਪ੍ਰੋ. ਕਿਰਪਾਲ ਸਿੰਘ ਬਡੂਗਰ ਨੇ ਕੀਤਾ ਘਟਨਾ ਸਥਾਨ ਦਾ ਦੌਰਾ

ਮੋਹਾਲੀ, 14 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਮੋਹਾਲੀ ਜ਼ਿਲ੍ਹੇ ਦੇ ਪਿੰਡ ਡੈਹਰ ਵਿਖੇ ਗੁਰਦੁਆਰਾ ਸਾਹਿਬ ਨੂੰ ਅੱਗ ਲੱਗਣ ਦੀ ਘਟਨਾ ਬੇਹੱਦ ਦੁਖਮਈ ਅਤੇ ਡੂੰਘੀ ਮਾਨਸਿਕ ਪੀੜਾ ਦੇਣ ਵਾਲੀ ਹੈ। ਉਨ੍ਹਾਂ ਅੱਜ ਘਟਨਾ ਸਥਾਨ ‘ਤੇ ਪੁੱਜ ਕੇ ਮੌਕਾ ਦੇਖਣ ਅਤੇ ਘਟਨਾ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਉਪਰੰਤ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਗ ਲੱਗਣ ਕਾਰਨ ਨੁਕਸਾਨੀ ਗਈ ਇਮਾਰਤ ਦੀ ਮੁਰੰਮਤ ਲਈ ਤਿੰਨ ਲੱਖ ਰੁਪਏ ਦੀ ਸਹਾਇਤਾ ਦੇਵੇਗੀ। ਉਨ੍ਹਾਂ ਇਸ ਘਟਨਾ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਸਰੂਪ ਅਗਨ ਭੇਟ ਹੋਣ ‘ਤੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਅਗਨ ਭੇਟ ਹੋਏ ਪਾਵਨ ਸਰੂਪ ਸ੍ਰੀ ਗੋਇੰਦਵਾਲ ਸਾਹਿਬ ਪਹੁੰਚਾਉਣ ਦਾ ਤੁਰੰਤ ਪ੍ਰਬੰਧ ਕਰਵਾਇਆ।
ਇਸ ਮੌਕੇ ਗੱਲਬਾਤ ਕਰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਨੂੰ ਚੇਤੰਨ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਅਕਸਰ ਸ਼ਾਰਟ ਸਰਕਟ ਕਾਰਨ ਅਜਿਹੇ ਹਾਦਸੇ ਵਾਪਰਦੇ ਹਨ, ਜਿਸ ਲਈ ਪ੍ਰਬੰਧਕਾਂ ਦੀ ਲਾਪ੍ਰਵਾਹੀ ਨੂੰ ਮਨਫੀ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅੱਜ ਦੀ ਪਾਵਰੀ ਘਟਨਾ ਦੇ ਪਸ਼ਚਾਤਾਪ ਲਈ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਤੋਂ ਪਾਵਨ ਸਰੂਪ ਲਿਆ ਕੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾ ਦਿੱਤੇ ਗਏ ਹਨ, ਜਿਸ ਦੇ ਭੋਗ ੧੬ ਮਈ ਨੂੰ ਪੈਣਗੇ।
ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਤੇ ਸ. ਹਰਭਜਨ ਸਿੰਘ ਮਨਾਵਾਂ, ਗੁਰਦੁਆਰਾ ਅੰਬ ਸਾਹਿਬ ਮੁਹਾਲੀ ਦੇ ਮੈਨੇਜਰ ਸ. ਭਗਵੰਤ ਸਿੰਘ ਆਦਿ ਮੌਜੂਦ ਸਨ।