ਅੱਠ ਦਿਨਾਂ ਯਾਤਰਾ ਦੌਰਾਨ ਵੱਖ ਵੱਖ ਗੁਰ ਅਸਥਾਨਾਂ ਦੇ ਦਰਸ਼ਨ ਕਰੇਗੀ ਸਿਕਲੀਗਰ ਸੰਗਤ
ਸ਼੍ਰੋਮਣੀ ਕਮੇਟੀ ਵੱਲੋਂ ਬੱਸਾਂ ਤੇ ਰਿਹਾਇਸ਼ ਦੇ ਕੀਤੇ ਗਏ ਵਿਸ਼ੇਸ਼ ਪ੍ਰਬੰਧ


ਅੰਮ੍ਰਿਤਸਰ, ੨੭ ਫ਼ਰਵਰੀ– ਮੱਧ ਪ੍ਰਦੇਸ਼ ਦੇ ਵੱਖ-ਵੱਖ ਪਿੰਡਾਂ ‘ਚ ਵਿਚ ਵੱਸਦੇ ਸਿਕਲੀਗਰ ਸਿੱਖਾਂ ਦੇ ਇਕ ਜਥੇ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ। ਸਿੱਖ ਕੌਂਸਲ ਆਫ ਸਕਾਟਲੈਂਡ ਦੇ ਉਪਰਾਲੇ ਨਾਲ ਵੱਖ ਵੱਖ ਗੁਰ-ਅਸਥਾਨਾਂ ਦੇ ਦਰਸ਼ਨ ਕਰਨ ਪੰਜਾਬ ਪੁੱਜੇ ਸਿਕਲੀਗਰ ਸਿੱਖਾਂ ਦੇ ਇਸ ਜਥੇ ਵਿਚ ੧੭੦ ਮੈਂਬਰ ਸ਼ਾਮਲ ਹਨ। ਆਪਣੀ ਅੱਠ ਦਿਨਾਂ ਯਾਤਰਾ ਦੇ ਪਹਿਲੇ ਦਿਨ ਜਥੇ ਵਿਚ ਸ਼ਾਮਲ ਸੰਗਤ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਸਥਾਨਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕੀਤੇ ਗਏ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਨਰਲ ਸਕੱਤਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਮੀਤ ਸਕੱਤਰ ਸ. ਸਤਿੰਦਰ ਸਿੰਘ ਨੇ ਸਿੱਖ ਕੌਂਸਲ ਆਫ ਸਕਾਟਲੈਂਡ ਦੇ ਨੁਮਾਇੰਦਿਆਂ ਅਤੇ ਸਿਕਲੀਗਰ ਸਿੱਖ ਸੰਗਤ ਦੇ ਆਗੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਜਥੇਦਾਰ ਕਰਮੂੰਵਾਲਾ ਨੇ ਸਿੱਖ ਕੌਂਸਲ ਆਫ ਸਕਾਟਲੈਂਡ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਸੰਗਤ ਨੂੰ ਜੀ-ਆਇਆਂ ਕਿਹਾ। ਉਨ੍ਹਾਂ ਕਿਹਾ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਸਿੱਖਾਂ ਦੀ ਮੱਦਦ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਅਤੇ ਸ਼੍ਰੋਮਣੀ ਕਮੇਟੀ ਦੀ ਮਨਸ਼ਾ ਹੈ ਕਿ ਇਨ੍ਹਾਂ ਦੇ ਬੱਚਿਆਂ ਨੂੰ ਵਿਦਿਆ ਦੀਆਂ ਸਹੂਲਤਾਂ ਦੇ ਕੇ ਸਵੈ-ਨਿਰਭਰ ਕੀਤਾ ਜਾਵੇ। ਇਸੇ ਤਹਿਤ ਹੀ ਵੱਡੀ ਗਿਣਤੀ ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀਆਂ ਜਾਂਦੀਆਂ ਹਨ। ਡਾ. ਰੂਪ ਸਿੰਘ ਨੇ ਕਿਹਾ ਕਿ ਸਿੱਖ ਕੌਂਸਲ ਆਫ ਸਕਾਟਲੈਂਡ ਦੇ ਉੱਦਮ ਨਾਲ ਸਿਕਲੀਗਰ ਸੰਗਤ ਗੁਰ-ਅਸਥਾਨਾਂ ਦੇ ਦਰਸ਼ਨ ਕਰਕੇ ਆਪਣੇ ਇਤਿਹਾਸ ਅਤੇ ਵਿਰਾਸਤ ਤੋਂ ਜਾਣੂ ਹੋ ਸਕੇਗੀ। ਉਨ੍ਹਾਂ ਦੱਸਿਆ ਕਿ ਇਸ ਜਥੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਰਿਹਾਇਸ਼ ਅਤੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਲਈ ਬੱਸਾਂ ਮੁਹੱਈਆ ਕਰਵਾਈਆਂ ਗਈਆਂ ਹਨ।
ਇਸ ਮੌਕੇ ਸਿੱਖ ਕੌਂਸਲ ਆਫ ਸਕਾਟਲੈਂਡ ਦੇ ਮੁੱਖ ਸੇਵਾਦਾਰ ਸ. ਸੁਲੱਖਣ ਸਿੰਘ ਸਮਰਾ ਤੇ ਜਨਰਲ ਸਕੱਤਰ ਸ. ਗੁਰਦੀਪ ਸਿੰਘ ਸਮਰਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਸੰਸਥਾ ਸੰਨ ੨੦੦੨ ਵਿਚ ਸ਼ੁਰੂ ਕੀਤੀ ਗਈ ਸੀ ਅਤੇ ਉਦੋਂ ਤੋਂ ਲੈ ਕੇ ਸਿਕਲੀਗਰ ਸਿੱਖਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕੌਂਸਲ ਵੱਲੋਂ ਸਮੇਂ ਸਮੇਂ ਜਿਥੇ ਸਿਕਲੀਗਰ ਸੰਗਤ ਨੂੰ ਗੁਰਧਾਮਾਂ ਦੇ ਦਰਸ਼ਨ ਕਰਵਾਏ ਜਾਂਦੇ ਹਨ, ਉਥੇ ਹੀ ਅੱਖਾਂ ਦੇ ਕੈਂਪ ਅਤੇ ਬੱਚਿਆਂ ਦੀ ਪੜ੍ਹਾਈ ਲਈ ਵੀ ਕਾਰਜ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸਿਕਲੀਗਰ ਸੰਗਤ ਵਿਚ ਸ਼ਾਮਲ ਗਿਆਨੀ ਤਕਦੀਰ ਸਿੰਘ ਨੇ ਆਪਣੇ ਅਨੁਭਵ ਸਾਂਝੇ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਗੁਰੂ ਸਾਹਿਬਾਨ ਦੇ ਪਾਵਨ ਅਸਥਾਨਾਂ ਦੇ ਦਰਸ਼ਨ ਕਰਕੇ ਬਹੁਤ ਚੰਗਾ ਮਹਿਸੂਸ ਹੋਇਆ ਹੈ। ਉਨ੍ਹਾਂ ਅਨੁਸਾਰ ਜਥੇ ‘ਚ ਸ਼ਾਮਲ ਬਹੁਤ ਸਾਰੀ ਸੰਗਤ ਪਹਿਲੀ ਵਾਰ ਗੁਰ-ਅਸਥਾਨਾਂ ਦੇ ਦਰਸ਼ਨ ਕਰਕੇ ਆਪਣੇ ਇਤਿਹਾਸ ਤੋਂ ਜਾਣੂ ਹੋ ਰਹੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਮਾਣ-ਸਨਮਾਨ ਅਤੇ ਵੱਖ ਵੱਖ ਗੁਰਧਾਮਾਂ ਦੀ ਯਾਤਰਾ ਲਈ ਕੀਤੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਕੀਤਾ। ਇਸ ਮੌਕੇ ਕੌਂਸਲ ਦੇ ਪ੍ਰਾਜੈਕਟ ਮੈਨੇਜਰ ਸ. ਤਰਨਦੀਪ ਸਿੰਘ ਫਗਵਾੜਾ, ਭਾਈ ਸੰਜੀਵਨ ਸਿੰਘ, ਭਾਈ ਬਲਵੰਤ ਸਿੰਘ ਐਨੋਕੋਟ ਪ੍ਰਚਾਰਕ, ਗਿਆਨੀ ਦੀਵਾਨ ਸਿੰਘ, ਭਾਈ ਰੋਸ਼ਨ ਸਿੰਘ, ਸ. ਬਾਬੂ ਸਿੰਘ, ਸ. ਮਨਜੀਤ ਸਿੰਘ ਆਦਿ ਮੌਜੂਦ ਸਨ।