ਅੰਮ੍ਰਿਤਸਰ 2 ਨਵੰਬਰ ( ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਜਸਥਾਨ ਦੇ ਜ਼ਿਲ੍ਹਾ ਸ੍ਰੀ ਗੰਗਾਨਗਰ ਦੇ ਪਾਕਿਸਤਾਨ ਦੀ ਸਰਹੱਦ ਨਾਲ ਲਗਦੇ ਪਿੰਡ ੩ ਸੀ ਦੇ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਕਰਦਿਆਂ ੧੧੩ ਅੰਗ ਪਾੜ ਕੇ ਸੁੱਟਣ ਦੀ ਘਟਨਾ ਨੂੰ ਮੰਦਭਾਗੀ ਤੇ ਨਿੰਦਣਯੋਗ ਕਰਾਰ ਦਿੱਤਾ ਹੈ।
ਇਥੋਂ ਜਾਰੀ ਪ੍ਰੈਸ ਬਿਆਨ ‘ਚ ਉਨ੍ਹਾਂ ਕਿਹਾ ਕਿ ਗਿਣੀ ਮਿਥੀ ਸਾਜਿਸ਼ ਤਹਿਤ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਕਿਸੇ ਦੇ ਹੱਥੀ ਚੜ੍ਹ ਕੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਵਾਲੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਮੁਆਫ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ‘ਤੇ ਦੇਸ਼-ਵਿਦੇਸ਼ ‘ਚ ਵੱਸਦੇ ਸਿੱਖ ਭਾਈਚਾਰੇ ਦੇ ਹਿਰਦੇ ਵਲੂੰਧਰੇ ਗਏ ਹਨ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਬਾਣੀ ਤੋਂ ਸਰਬੱਤ ਦੇ ਭਲੇ ਤੇ ਹਰ ਧਰਮ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਮਿਲਦੀ ਹੈ, ਪਰ ਕੁਝ ਪੰਥ ਦੋਖੀ ਭਾਈਚਾਰਕ ਸਾਂਝ, ਆਪਸੀ ਪਿਆਰ ਤੇ ਸਦਭਾਵਨਾ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ।
ਉਨ੍ਹਾਂ ਰਾਜਸਥਾਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਬੰਧਤ ਘਟਨਾ ਦੇ ਦੋਸ਼ੀ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦੇਣ।ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵੀ ਕਿਹਾ ਕਿ ਉਹ ਗੁਰਦੁਆਰਾ ਸਾਹਿਬ ਵਿੱਚ ੨੪ ਘੰਟੇ ਪਹਿਰੇਦਾਰੀ ਨੂੰ ਯਕੀਨੀ ਬਣਾਉਣ ਤਾਂ ਕਿ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ।