ਸ੍ਰੀਨਗਰ ‘ਚ ਸਿੱਖ ਨੌਜੁਆਨ ਦੀ ਹੱਤਿਆ ‘ਤੇ ਵੀ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 5 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੋਰਿੰਡਾ ਨੇੜਲੇ ਪਿੰਡ ਰਾਮਗੜ੍ਹ ਦੇ ਗੁਰਦੁਆਰਾ ਸਾਹਿਬ ‘ਚ ਇਕ ਵਿਅਕਤੀ ਵੱਲੋਂ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਦੇ ਸਰਬ ਸਾਂਝੇ ਗੁਰੂ ਹਨ ਅਤੇ ਪਾਵਨ ਗੁਰਬਾਣੀ ਹਰ ਧਰਮ ਦੇ ਲੋਕਾਂ ਦੀ ਅਗਵਾਈ ਕਰਦੀ ਹੈ। ਉਨ੍ਹਾਂ ਕਿਹਾ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਲੋਕ ਕਿਸੇ ਵੀ ਤਰ੍ਹਾਂ ਬਖ਼ਸ਼ੇ ਨਹੀਂ ਜਾਣੇ ਚਾਹੀਦੇ ਅਤੇ ਅਜਿਹੇ ਲੋਕਾਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਆਪਣੇ ਤੰਤਰ ਰਾਹੀਂ ਇਹ ਪਤਾ ਲਗਾਉਣਾ ਚਾਹੀਦਾ ਹੈ ਕਿ ਅਜਿਹੀ ਘਟੀਆ ਹਰਕਤ ਕਰਨ ਵਾਲੇ ਲੋਕਾਂ ਪਿੱਛੇ ਕਿਹੜੀਆਂ ਸ਼ਕਤੀਆਂ ਕੰਮ ਕਰ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਧਰਮ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਲੋਕ ਮਨੁੱਖਤਾ ਦੇ ਦੁਸ਼ਮਣ ਹਨ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਗੁਰੂ ਘਰਾਂ ਅੰਦਰ ਸੁਰੱਖਿਆ ਅਤੇ ਪਹਿਰੇਦਾਰੀ ਲਾਜ਼ਮੀ ਕੀਤੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਦੇ ਮਨਸੂਬੇ ਕਾਮਯਾਬ ਨਾ ਹੋ ਸਕਣ।
ਇਸੇ ਦੌਰਾਨ ਭਾਈ ਲੌਂਗੋਵਾਲ ਨੇ ਸ੍ਰੀਨਗਰ ਦੇ ਜ਼ਿਲ੍ਹਾ ਪੁਲਵਾਮਾ ਵਿਖੇ ਅਤਿਵਾਦੀਆਂ ਵੱਲੋਂ ਸਿੱਖ ਨੌਜੁਆਨ ਦੀ ਹੱਤਿਆਂ ਨੂੰ ਵੀ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਮਾਰੇ ਗਏ ਸ. ਸਿਮਰਜੀਤ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਭਾਈ ਲੌਂਗੋਵਾਲ ਨੇ ਕਿਹਾ ਕਿ ਅੱਤਵਾਦੀਆਂ ਵੱਲੋਂ ਕੀਤੀ ਗਈ ਇਹ ਕਾਰਵਾਈ ਮਨੁੱਖੀ ਭਾਈਚਾਰੇ ਦੇ ਮੱਥੇ ‘ਤੇ ਕਲੰਕ ਹੈ ਅਤੇ ਇਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਓਨੀ ਥੋੜ੍ਹੀ ਹੈ।