ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ॥ ੧॥ ਸੋਮਵਾਰ, ੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੧ ਅਪ੍ਰੈਲ, ੨੦੨੫ (ਅੰਗ: ੬੧੯)

ਅੰਮ੍ਰਿਤਸਰ, 2 ਅਪ੍ਰੈਲ-
ਸਾਊਥ ਅਮਰੀਕਾ ਦੇ ਦੇਸ਼ ਚਿਲੀ ਦੀ ਰਾਜਧਾਨੀ ਸੈਨਟਿਆਗੋ ਵਿਖੇ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਦੀ ਮੌਜੂਦਗੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਗੁਰਬਾਣੀ ਅਤੇ ਮੂਲ ਮੰਤਰ ਦੇ ਗਾਇਨ ’ਤੇ ਨ੍ਰਿਤ ਕੀਤੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਰਤ ਦੇ ਰਾਸ਼ਟਰਪਤੀ ਦੇ ਫੇਸਬੁੱਕ ਪੇਜ ’ਤੇ ਪਾਈ ਗਈ ਇਸ ਦੀ ਵੀਡੀਓ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਮੂਲ ਮੰਤਰ ਅਤੇ ਜਪੁਜੀ ਸਾਹਿਬ ਦੀ ਪਾਵਨ ਗੁਰਬਾਣੀ ਦੀ ਪਹਿਲੀ ਪਾਉੜੀ ਦੇ ਗਾਇਨ ’ਤੇ ਕੀਤਾ ਗਿਆ ਨ੍ਰਿਤ ਸਿੱਖ ਸਿਧਾਂਤਾਂ, ਰਵਾਇਤਾਂ, ਮਰਯਾਦਾ ਤੇ ਕਦਰਾਂ ਕੀਮਤਾਂ ਦੇ ਵਿਰੁੱਧ ਹੈ ਜਿਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ।
ਉਨ੍ਹਾਂ ਕਿਹਾ ਭਾਰਤ ਦੇ ਰਾਸ਼ਟਰਪਤੀ ਦੀ ਹਾਜ਼ਰੀ ਵਿਚ ਅਜਿਹਾ ਕਰਨਾ ਅਤੇ ਫਿਰ ਮਾਨਯੋਗ ਰਾਸ਼ਟਰਪਤੀ ਦੇ ਫੇਸਬੁੱਕ ਪੇਜ ’ਤੇ ਪਾ ਕੇ ਪ੍ਰਸੰਸਾ ਕਰਨੀ ਸਿੱਖ ਧਰਮ ਦੇ ਸਿਧਾਂਤਾਂ ਨੂੰ ਸੱਟ ਮਾਰਨ ਵਾਲੀ ਗੱਲ ਹੈ। ਉਨ੍ਹਾਂ ਆਖਿਆ ਕਿ ਪਾਵਨ ਗੁਰਬਾਣੀ ਅਧਿਆਤਮਕ ਗਿਆਨ ਦਾ ਸੋਮਾ ਹੈ ਅਤੇ ਇਸ ਦਾ ਕੇਵਲ ਸੰਗਤ ਵਿਚ ਕੀਰਤਨ ਹੀ ਕੀਤਾ ਜਾ ਸਕਦਾ ਹੈ। ਗੁਰਬਾਣੀ ਦੇ ਗਾਇਨ ’ਤੇ ਨਾਚ ਕਰਨਾ ਸਿੱਖ ਮਰਯਾਦਾ ਦਾ ਹਿੱਸਾ ਨਹੀਂ ਹੈ, ਜਦਕਿ ਸੈਨਟਿਆਗੋ ਵਿਖੇ ਸਮਗਾਮ ਦੌਰਾਨ ਅਜਿਹਾ ਕਰਕੇ ਸਿੱਖ ਮਰਯਾਦਾ ਨੂੰ ਚੁਣੌਤੀ ਦਿੱਤੀ ਗਈ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਇਹ ਮਾਮਲਾ ਬੇਹੱਦ ਸੰਜੀਦਾ ਹੈ ਅਤੇ ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਵਿਚਾਰ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।