ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।


ਦੋਸ਼ੀਆਂ ਖ਼ਿਲਾਫ਼ ਕਰੜੀ ਕਾਰਵਾਈ ਕਰੇ ਉੱਤਰਾਖੰਡ ਸਰਕਾਰ- ਸ. ਕੁਲਵੰਤ ਸਿੰਘ ਮੰਨਣ
ਦਸਤਾਰ ਤੇ ਕੇਸਾਂ ਦੀ ਬੇਅਦਬੀ ਦੇ ਮੱਦੇਨਜ਼ਰ, ਪਰਚੇ ’ਚ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੀਆਂ ਧਾਰਾਵਾਂ ਕੀਤੀਆਂ ਜਾਣ ਸ਼ਾਮਲ- ਸ. ਕੁਲਵੰਤ ਸਿੰਘ ਮੰਨਣ

ਅੰਮ੍ਰਿਤਸਰ, 3 ਮਾਰਚ-
ਉੱਤਰਾਖੰਡ ਦੇ ਰਿਸ਼ੀਕੇਸ਼ ਵਿਖੇ ਸਿੱਖ ਵਪਾਰੀ ਨਾਲ ਭੀੜ ਵੱਲੋਂ ਕੀਤੀ ਗਈ ਕੁੱਟਮਾਰ ਅਤੇ ਉਸਦੇ ਸ਼ੋਅਰੂਮ ਨੂੰ ਪਹੁੰਚਾਏ ਗਏ ਨੁਕਸਾਨ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਘਟਨਾ ਦੀ ਕਰੜੀ ਨਿੰਦਾ ਕੀਤੀ ਹੈ ਅਤੇ ਦੋਸ਼ੀ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਇਸ ਘਟਨਾ ਨੂੰ ਲੈ ਕੇ ਉੱਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਧਾਮੀ ਅਤੇ ਉੱਤਰਾਖੰਡ ਪੁਲਿਸ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਈ-ਮੇਲ ਪੱਤਰ ਵੀ ਲਿਖਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਵਾਪਰੀ ਇਸ ਘਟਨਾ ਦੀ ਵਾਇਰਲ ਵੀਡੀਓ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਭੀੜ ਵੱਲੋਂ ਸਿੱਖ ਵਪਾਰੀਆਂ ਨਾਲ ਕੁੱਟਮਾਰ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸ਼ੋਅਰੂਮ ਉੱਤੇ ਵੀ ਪੱਥਰਬਾਜ਼ੀ ਕਰਕੇ ਬਹੁਤ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਭੀੜ ਵੱਲੋਂ ਸਿੱਖ ਵਪਾਰੀ ਦੀ ਦਸਤਾਰ ਉਤਾਰੀ ਗਈ ਅਤੇ ਉਸ ਦੇ ਕੇਸਾਂ ਦੀ ਬੇਅਦਬੀ ਕੀਤੀ ਗਈ, ਇਸ ਲਈ ਪੁਲਿਸ ਦੋਸ਼ੀਆਂ ਖ਼ਿਲਾਫ਼ ਦਰਜ ਕੀਤੇ ਗਏ ਪਰਚੇ ਵਿੱਚ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੀਆਂ ਧਾਰਾਵਾਂ ਵੀ ਸ਼ਾਮਲ ਕਰੇ।
ਸ. ਮੰਨਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੀੜਤ ਸਿੱਖ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਸਿੱਖ ਸੰਸਥਾ ਉਸ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਵਪਾਰੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਘਟਨਾ ਪਿੱਛੇ ਸਥਾਨਕ ਕਾਂਗਰਸ ਕੌਂਸਲਰ ਦਾ ਹੱਥ ਹੈ ਜੋ ਪਿਛਲੇ ਸਮੇਂ ਤੋਂ ਇਨ੍ਹਾਂ ਸਿੱਖ ਵਪਾਰੀਆਂ ਨੂੰ ਤੰਗ-ਪਰੇਸ਼ਾਨ ਵੀ ਕਰਦਾ ਆ ਰਿਹਾ ਹੈ। ਆਪਣੇ ਪੱਤਰ ਵਿੱਚ ਸ਼੍ਰੋਮਣੀ ਕਮੇਟੀ ਮੁੱਖ ਸਕੱਤਰ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਸੂਬੇ ਦੀ ਪੁਲਿਸ ਨੂੰ ਆਦੇਸ਼ ਕਰਨ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਹੋਵੇ ਅਤੇ ਦੋਸ਼ੀ ਵਿਅਕਤੀਆਂ ਦੀ ਪਛਾਣ ਕਰਕੇ ਤੁਰੰਤ ਗ੍ਰਿਫ਼ਤਾਰ ਕੀਤੇ ਜਾਣ। ਉਨ੍ਹਾਂ ਸਰਕਾਰਾਂ ਨੂੰ ਸਮੁੱਚੇ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਆਖਿਆ।
ਸ. ਮੰਨਣ ਨੇ ਇਹ ਵੀ ਕਿਹਾ ਕਿ ਜਲਦ ਹੀ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਪੀੜਤ ਸਿੱਖਾਂ ਅਤੇ ਉੱਤਰਾਖੰਡ ਸਰਕਾਰ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰੇਗਾ।