ਅੰਮ੍ਰਿਤਸਰ, 28 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਏ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਸੰਸਾਰ ਲਈ ਮਾਰਗ ਦਰਸ਼ਨ ਹੈ ਜੋ ਮਜ਼ਲੂਮਾਂ ਦੇ ਹੱਕ ਵਿਚ ਖੜ੍ਹਨ ਦਾ ਸੁਨੇਹਾ ਦਿੰਦੀ ਹੈ। ਉਨ੍ਹਾਂ ਸੰਗਤ ਨੂੰ ਗੁਰਮਤਿ ਵਿਚਾਰਧਾਰਾ ਨਾਲ ਜੁੜਨ ਅਤੇ ਬਾਣੀ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਨਾ ਕੀਤੀ। ਇਸ ਮੌਕੇ ਵੱਖ-ਵੱਖ ਰਾਗੀ ਜਥਿਆਂ ਅਤੇ ਪ੍ਰਚਾਰਕ ਸਿੰਘਾਂ ਨੇ ਵੀ ਹਾਜ਼ਰੀ ਭਰੀ। ਇਸੇ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪਿਆਰੇ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕੀਤੇ ਗਏ।

ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਅਨੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ। ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਸੰਗਤ ਨਾਲ ਇਤਿਹਾਸ ਦੀ ਸਾਂਝ ਪਾਉਂਦਿਆਂ ਭਾਈ ਮਰਦਾਨਾ ਜੀ ਦੇ ਜੀਵਨ ਤੋਂ ਸੰਗਤ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਭਾਈ ਮਰਦਾਨਾ ਨੂੰ ਲੰਮਾਂ ਸਮਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸੰਗਤ ਪ੍ਰਾਪਤ ਹੋਈ ਹੈ ਅਤੇ ਉਨ੍ਹਾਂ ਨੇ ਗੁਰੂ ਸਾਹਿਬ ਨਾਲ ਰਬਾਬ ਵਜਾ ਕੇ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਹੋਣ ਦਾ ਮਾਨ ਪ੍ਰਾਪਤ ਕੀਤਾ। ਸਮਾਗਮ ਵਿਚ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਦੇ ਨੁਮਾਇੰਦਿਆਂ ਨੇ ਵੀ ਵਿਸ਼ੇਸ ਤੌਰ ਤੇ ਸ਼ਮੂਲੀਅਤ ਕੀਤੀ।

ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸ. ਇਕਬਾਲ ਸਿੰਘ ਮੁੱਖੀ, ਸ. ਨਿਸ਼ਾਨ ਸਿੰਘ, ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸ ਰਜਿੰਦਰ ਸਿੰਘ, ਮੀਤ ਪ੍ਰਧਾਨ ਜਤਿ ਖਾਨ ਗੋਰੀਆ, ਸ. ਤਰਸੇਮ ਸਿੰਘ, ਸ. ਅਮਰੀਕ ਸਿੰਘ, ਸ. ਜਸਵੰਤ ਸਿੰਘ , ਸ. ਮਹਿੰਦਰ ਸਿੰਘ,ਮੁਸ਼ਤਾਦ ਅਲੀ, ਦਿਲਸ਼ਾਦ, ਬੂਟਾ ਸ਼ਾਹ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।