ਪ੍ਰਬੰਧਕ ਕਮੇਟੀਆਂ ਦੀ ਲਾਪ੍ਰਵਾਹੀ ਕਾਰਨ ਵਾਪਰਦੀਆਂ ਘਟਨਾਵਾਂ ਦੁਖਦਾਈ – ਪ੍ਰੋ: ਕਿਰਪਾਲ ਸਿੰਘ ਬਡੂੰਗਰ

ਅੰਮ੍ਰਿਤਸਰ, 12 ਮਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪਿੰਡ ਝਾਬੇਵਾਲ ਜ਼ਿਲ੍ਹਾ ਲੁਧਿਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਾਰਟ ਸਰਕਟ ਹੋਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ ਹੋਣ ‘ਤੇ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਣਗਹਿਲੀ ਕਾਰਨ ਵਾਪਰੀ ਇਸ ਘਟਨਾ ਨਾਲ ਪ੍ਰਬੰਧਕਾਂ ਦਾ ਗੁਰੂ-ਘਰ ਪ੍ਰਤੀ ਗ਼ੈਰ-ਜ਼ਿੰਮੇਵਾਰਾਨਾ ਰਵੱਈਆ ਸਾਹਮਣੇ ਆਇਆ ਹੈ। ਸਾਰੀ ਰਾਤ ਗੁਰਦੁਆਰਾ ਸਾਹਿਬ ਅੰਦਰ ਅੱਗ ਦੀਆਂ ਚੰਗਿਆੜੀਆਂ ਭਖਦੀਆਂ ਰਹੀਆਂ ਤੇ ਸਵੇਰੇ ਜਾ ਕੇ ਇਸ ਘਟਨਾ ਦਾ ਪਤਾ ਲੱਗਾ, ਜੋ ਪ੍ਰਬੰਧਕਾਂ ਦੀ ਨਲਾਇਕੀ ਦਾ ਵੱਡਾ ਸਬੂਤ ਹੈ। ਉਨ੍ਹਾਂ ਕਿਹਾ ਕਿ ਜੋ ਵੀ ਅਹੁਦੇਦਾਰ ਚੁਣੇ ਜਾਂਦੇ ਹਨ ਉਹ 24 ਘੰਟੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਲਈ ਜ਼ਿੰਮੇਵਾਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਦਾ ਪਤਾ ਚੱਲਦਿਆਂ ਹੀ ਸ਼੍ਰੋਮਣੀ ਕਮੇਟੀ ਮੈਂਬਰ ਸ. ਰਣਜੀਤ ਸਿੰਘ ਮੰਗਲੀ, ਗੁਰਦੁਆਰਾ ਚਰਨ ਕੰਵਲ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗੁਰਦੁਆਰਾ ਦੇਗਸਰ ਸਾਹਿਬ ਕਟਾਣਾ ਦੇ ਹੈਡ ਗ੍ਰੰਥੀ ਤੋਂ ਇਲਾਵਾ ਮੈਨੇਜਰ ਸ. ਗੁਰਸੇਵਕ ਸਿੰਘ ਘਟਨਾ ਸਥਾਨ ‘ਤੇ ਪਹੁੰਚੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਰ-ਬਾਰ ਅਖਬਾਰਾਂ ਵਿਚ ਇਸ਼ਤਿਹਾਰ ਤੇ ਖਬਰਾਂ ਛਪਵਾ ਕੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਇਸ ਬਾਰੇ ਸੁਚੇਤ ਹੋਣ ਅਤੇ ਗੁਰਦੁਆਰਾ ਸਾਹਿਬਾਨ ਲਈ ਪੁਖਤਾ ਪ੍ਰਬੰਧ ਕਰਨ ਲਈ ਅਪੀਲਾਂ ਕੀਤੀਆਂ ਜਾਂਦੀਆਂ ਹਨ, ਪਰ ਫਿਰ ਵੀ ਅਜਿਹੀਆਂ ਘਟਨਾਵਾਂ ਰੁਕ ਨਹੀਂ ਰਹੀਆਂ। ਪ੍ਰੋ: ਬਡੂੰਗਰ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਲਾਪ੍ਰਵਾਹੀ ਕਾਰਨ ਵਾਪਰਦੀਆਂ ਘਟਨਾਵਾਂ ਦੁੱਖਦਾਈ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਆਪੋ-ਆਪਣੇ ਇਲਾਕੇ ਦੇ ਗੁਰੂ-ਘਰਾਂ ਦੀ ਸੇਵਾ ਸੰਭਾਲ ਵੱਲ ਧਿਆਨ ਦੇਣ ਲਈ ਅੱਗੇ ਆਉਣ।