ਅੰਮ੍ਰਿਤਸਰ, 12 ਮਈ-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਰਸਦਾਂ ਅਤੇ ਮਾਇਆ ਭੇਟ ਕਰਨ ਵਾਲੀਆਂ ਸੰਗਤਾਂ ਵਿਚ ਵੱਡਾ ਉਤਸ਼ਾਹ ਹੈ। ਬੀਤੇ ਕਈ ਦਿਨਾਂ ਤੋਂ ਵੱਖ-ਵੱਖ ਇਲਾਕਿਆਂ ਤੋਂ ਜਿਥੇ ਸ਼ਰਧਾਲੂਆਂ ਵੱਲੋਂ ਕਣਕ ਅਤੇ ਹੋਰ ਰਸਦਾਂ ਲੰਗਰ ਲਈ ਭੇਜੀਆਂ ਜਾ ਰਹੀਆਂ ਹਨ, ਉਥੇ ਹੀ ਸੰਗਤ ਵੱਲੋਂ ਮਾਇਆ ਭੇਜ ਕੇ ਵੀ ਸ਼ਰਧਾ ਪ੍ਰਗਟਾਈ ਜਾ ਰਹੀ ਹੈ। ਇਸੇ ਤਹਿਤ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹਲਕਾ ਲੰਬੀ ਦੀਆਂ ਸੰਗਤਾਂ ਵੱਲੋਂ 4 ਟਰਾਲੇ ਕਣਕ ਭੇਜੀ ਗਈ। ਇਹ ਕਣਕ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਦੀ ਪ੍ਰੇਰਣਾ ਨਾਲ ਸੰਗਤਾਂ ਵੱਲੋਂ ਇਕੱਤਰ ਕਰਕੇ ਭੇਜੀ ਗਈ ਹੈ, ਜਿਸ ਨੂੰ ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਹਲਕੇ ਤੋਂ ਅਰਦਾਸ ਉਪਰੰਤ ਰਵਾਨਾ ਕੀਤਾ ਸੀ। ਉਨ੍ਹਾਂ ਨਾਲ ਸ. ਤੇਜਿੰਦਰ ਸਿੰਘ ਮਿੱਠੂਖੇੜਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵੀ ਮੌਜੂਦ ਸਨ।
ਇਸੇ ਦੌਰਾਨ ਅੱਜ ਬਾਬਾ ਸਵਰਨਜੀਤ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਅਤੇ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ ਵੱਲੋਂ ਵੀ 111 ਕੁਇੰਟਲ ਕਣਕ ਭੇਟਾ ਕੀਤੀ ਗਈ, ਇਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਗੁਰੂ ਘਰ ਦੇ ਲੰਗਰਾਂ ਲਈ ਵੱਡੀ ਗਿਣਤੀ ਵਿਚ ਸੰਗਤਾਂ ਭੇਟਾਵਾਂ ਭੇਜ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜੇ.ਆਈ.ਐਸ. ਯੂਨੀਵਰਸਿਟੀ ਦੇ ਮਾਲਿਕ ਸ. ਤਰਨਜੀਤ ਸਿੰਘ ਨਰੂਲਾ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ 21 ਲੱਖ ਰੁਪਏ ਦਾ ਚੈੱਕ ਲੰਗਰਾਂ ਲਈ ਭੇਜਿਆ ਗਿਆ ਹੈ। ਉਨ੍ਹਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਵੀ 11-11 ਲੱਖ ਰੁਪਏ ਭੇਟਾ ਕੀਤੇ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਮੂਹ ਡਰਾਈਵਰਾਂ ਵੱਲੋਂ 1 ਲੱਖ 11 ਹਜ਼ਾਰ ਰੁਪਏ ਦੀ ਸੇਵਾ ਲੰਗਰ ਘਰ ਲਈ ਕਰਵਾਈ ਗਈ ਹੈ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ. ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵਡ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਸੁਖਵਿੰਦਰ ਸਿੰਘ ਅਗਵਾਨ ਮੁਖੀ ਯਾਦਗਾਰ ਸ਼ਹੀਦਾਂ ਪਿੰਡ ਅਗਵਾਨ, ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਾਵਾ ਸਿੰਘ ਗੁਮਾਨਪੁਰਾ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਸ. ਮੁਖਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਸੁਖਬੀਰ ਸਿੰਘ, ਬਾਬਾ ਹਰਪ੍ਰੀਤ ਸਿੰਘ ਪਠਲਾਵਾ, ਬਾਬਾ ਅਜੀਤ ਸਿੰਘ, ਬਾਬਾ ਫ਼ਤਹਿ ਸਿੰਘ ਆਦਿ ਮੌਜੂਦ ਸਨ।
ਫੋਟੋ ਕੈਪਸ਼ਨ : 1. ਲੰਗਰ ਸ੍ਰੀ ਗੁਰੂ ਰਾਮਦਾਸ ਜੀ ਰਸਦਾਂ ਭੇਟ ਕਰਨ ਪੁੱਜੇ ਬਾਬਾ ਸਵਰਨਜੀਤ ਸਿੰਘ ਤਰਨਾ ਦਲ, ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ ਅਤੇ ਹੋਰਾਂ ਨੂੰ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਅਧਿਕਾਰੀ।
2. ਸ਼੍ਰੋਮਣੀ ਕਮੇਟੀ ਦੇ ਸਮੂਹ ਡਰਾਈਵਰ ਵੱਲੋਂ ਇਕੱਤਰ ਕੀਤੇ 1 ਲੱਖ 11 ਹਜ਼ਾਰ ਰੁਪਏ ਲੰਗਰ ਲਈ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਮੈਨੇਜਰ ਸ. ਮੁਖਤਾਰ ਸਿੰਘ ਨੂੰ ਸੌਂਪਦੇ ਹੋਏ।