ਅੰਮ੍ਰਿਤਸਰ, 20 ਅਪ੍ਰੈਲ- ਵਿਸ਼ਵ ਮਹਾਂਮਾਰੀ ਕੋਰਨਾਵਾਇਰਸ ਦੇ ਚੱਲਦਿਆਂ ਗੁਰੂ ਕੇ ਲੰਗਰਾਂ ਲਈ ਜਿਥੇ ਦੇਸ਼ ਦੁਨੀਆਂ ਦੇ ਸ਼ਰਧਾਲੂ ਮਾਇਆ ਅਤੇ ਰਸਦਾਂ ਭੇਟ ਕਰਨ ਲਈ ਅੱਗੇ ਆ ਰਹੇ ਹਨ, ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਆਪੋ-ਆਪਣੀ ਸਮਰੱਥਾ ਅਨੁਸਾਰ ਹਿੱਸਾ ਪਾ ਰਹੇ ਹਨ। ਇਸੇ ਤਹਿਤ ਹੀ ਅੱਜ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਆਪਣੀ ਮਾਤਾ ਸਵਰਗੀ ਬੀਬੀ ਗੁਰਮੀਤ ਕੌਰ ਦੇ ਨਾਂ ’ਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 31 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਨੂੰ ਸੌਂਪਿਆ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਮੀਤ ਸਕੱਤਰ ਸ. ਗੁਰਬਚਨ ਸਿੰਘ ਲੇਹਲ ਵੱਲੋਂ ਵੀ 11-11 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਦੌਰਾਨ ਲੋੜਵੰਦਾਂ ਨੂੰ ਲੰਗਰ ਮੁਹੱਈਆ ਕਰਵਾਉਣ ਲਈ ਗੁਰੂ ਘਰਾਂ ਤੋਂ ਸੇਵਾਵਾਂ ਜਾਰੀ ਹਨ। ਇਸ ਸਮੇਂ ਗੁਰੂ ਘਰ ਦੇ ਸ਼ਰਧਾਲੂਆਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਸੇਵਾ ਲਈ ਅੱਗੇ ਆਉਣਾ ਸ਼ਲਾਘਾਯੋਗ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਸ. ਮਨਜੀਤ ਸਿੰਘ ਬਾਠ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸਤਿੰਦਰ ਸਿੰਘ ਆਦਿ ਮੌਜੂਦ ਸਨ।