ਡਾਕੂਮੈਂਟਰੀ ਫਿਲਮ ਲਈ ਇਲੈਕਟ੍ਰੋਨਿਕ ਤੇ ਸ਼ੋਸ਼ਲ ਮੀਡੀਆ ਦੀ ਵਰਤੋਂ ਕਰਾਂਗੇ – ਜਥੇ. ਅਵਤਾਰ ਸਿੰਘ

unnamed

ਅੰਮ੍ਰਿਤਸਰ 4 ਅਕਤੂਬਰ (               ) ਵਿਦੇਸ਼ਾਂ ਅੰਦਰ ਪਛਾਣ ਦੀ ਦੁਬਿਧਾ ਕਾਰਨ ਸਿੱਖਾਂ ਨੂੰ ਆਉਂਦੀਆਂ ਮੁਸ਼ਕਿਲਾਂ ਦੇ ਹੱਲ ਲਈ ਯਤਨਸ਼ੀਲ ਸਿੱਖ ਕੌਮ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਮੀ ਘਾਲਣਾ ਤੋਂ ਬਾਅਦ ਸਿੱਖ ਧਰਮ ਦੇ ਵੱਖ-ਵੱਖ ਪਹਿਲੂਆਂ ਨੂੰ ਦਰਸਾਉਂਦਾ ਵਿਸ਼ੇਸ਼ ਦਸਤਾਵੇਜ਼ ਅੱਜ ਜਾਰੀ ਕਰ ਦਿੱਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਜਾਰੀ ਕੀਤੇ ਗਏ ਇਸ ਅਹਿਮ ਦਸਤਾਵੇਜ਼ ਵਿਚ ਸਿੱਖ ਧਰਮ ਦੇ ਸ਼ਾਨਾਮੱਤੇ ਇਤਿਹਾਸ ਤੋਂ ਇਲਾਵਾ ਸਿੱਖ ਪਛਾਣ, ਸਿੱਖਾਂ ਦੇ ਵਿਦੇਸ਼ਾਂ ਅੰਦਰ ਵੱਸਣ ਦੇ ਮੁੱਢਲੇ ਦੌਰ ਸਬੰਧੀ ਜਾਣਕਾਰੀ, ਸਿੱਖਾਂ ਦੀਆਂ ਗਲੋਬਲੀ ਪ੍ਰਾਪਤੀਆਂ,  ਸਿੱਖਾਂ ਦੀ ਵਿਦੇਸ਼ਾਂ ਅੰਦਰ ਵਰਤਮਾਨ ਸਥਿਤੀ, ਕਾਰੋਬਾਰ, ਸਿੱਖ ਸਭਿਆਚਾਰ ਦੀ ਅਮੀਰੀ ਅਤੇ ਸਿੱਖਾਂ ਦੇ ਹੋਰਨਾ ਧਰਮਾਂ ਦੇ ਲੋਕਾਂ ਨਾਲ ਭਰਾਤਰੀ ਸਬੰਧਾਂ ਦੀ ਰੌਸ਼ਨੀ ਵਿਚ ਵਡਮੁੱਲੀ ਜਾਣਕਾਰੀ ਨਸ਼ਰ ਕੀਤੀ ਗਈ ਹੈ।

ਜ਼ਿਕਰ-ਏ-ਖਾਸ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਸਮੇਂ ਇਸ ਸਬੰਧ ਵਿਚ ਸਿੱਖ ਬੁਧੀਜੀਵੀਆਂ ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਕੀਤੀਆਂ ਗਈਆਂ ਇਕੱਤਰਤਾਵਾਂ ਵਿਚ ਵਿਚਾਰ-ਵਟਾਂਦਰੇ ਉਪਰੰਤ ਵਿਦਵਾਨਾਂ ਦੀ ਇੱਕ ਸਬ-ਕਮੇਟੀ ਬਣਾਈ ਗਈ ਸੀ। ਇਸ ਕਮੇਟੀ ਵਿਚ ਪ੍ਰਸਿੱਧ ਸਿੱਖ ਵਿਦਵਾਨ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਸਾਬਕਾ ਪ੍ਰੋ-ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਡਾ. ਬਲਕਾਰ ਸਿੰਘ ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਬਲਵੰਤ ਸਿੰਘ ਢਿੱਲੋਂ ਪ੍ਰੋਫੈਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਡਾ. ਧਰਮ ਸਿੰਘ ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਸ. ਦਿਲਜੀਤ ਸਿੰਘ ‘ਬੇਦੀ’ ਵਧੀਕ ਸਕੱਤਰ (ਕੋ-ਆਰਡੀਨੇਟਰ) ਨੂੰ ਸ਼ਾਮਲ ਕੀਤਾ ਗਿਆ ਸੀ। ਇਸ ਕਮੇਟੀ ਵੱਲੋਂ ਵੱਖ-ਵੱਖ ਮੀਟਿੰਗਾਂ ਕਰਕੇ ਇਸ ਕਿਤਾਬਚੇ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ।

ਕਿਤਾਬਚਾ ਜਾਰੀ ਕਰਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਪ੍ਰੈੱਸ ਦੇ ਰੂਬਰੂ ਹੁੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੇ ਮਸਲਿਆਂ ਨੂੰ ਲੈ ਕੇ ਸੰਜੀਦਾ ਹੈ ਅਤੇ ਇਹ ਸਿੱਖ ਮਸਲਿਆਂ ਦੇ ਹੱਲ ਲਈ ਸਾਰਥਿਕ ਪਹੁੰਚ ਅਪਣਾਉਣ ਲਈ ਸਦਾ ਯਤਨਸ਼ੀਲ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਯਤਨਾ ਤਹਿਤ ਹੀ ਵੱਖ-ਵੱਖ ਦੇਸ਼ਾਂ ਦੀਆਂ ਅੰਬੈਸੀਆਂ, ਸਰਕਾਰਾਂ ਆਦਿ ਤਕ ਸਿੱਖਾਂ ਦੀ ਪਛਾਣ ਅਤੇ ਪ੍ਰਾਪਤੀਆਂ ਪਹੁੰਚਾਉਣ ਲਈ ਇਹ ਦਸਤਾਵੇਜ਼ ਤਿਆਰ ਕਰਵਾਇਆ ਗਿਆ ਹੈ। ਦਸਤਾਵੇਜ਼ ਵਿਚ ਦਰਜ ਜਾਣਕਾਰੀ ਦਾ ਖੁਲਾਸਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵਿਚ ਪਹਿਲੀ ਸੰਸਾਰ ਜੰਗ ਤੋਂ ਲੈ ਕੇ ਵਰਤਮਾਨ ਸਮੇਂ ਤੱਕ ਸਿੱਖਾਂ ਦੇ ਇਤਿਹਾਸ ਅਤੇ ਵਿਸ਼ਵ ਪੱਧਰੀ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਪਹਿਲੀ ਸੰਸਾਰ ਜੰਗ ਵਿਚ ਸਿੱਖ ਫੌਜੀਆਂ ਦੇ ਯੋਗਦਾਨ, ੫੮ ਦੇਸ਼ਾਂ ਵਿਚ ਵੱਸਦੇ ਸਿੱਖ ਭਾਈਚਾਰੇ ਦੀ ਜਨਸੰਖਿਆ ਬਾਰੇ ਜਾਣਕਾਰੀ ਅਤੇ ਸਿੱਖ ਸਭਿਆਚਾਰ ਤੇ ਸਿੱਖ ਸੰਸਕਾਰਾਂ ਦੀ ਰੌਸ਼ਨੀ ਵਿਚ ਸਿੱਖ ਰਹੁਰੀਤਾਂ ਨੂੰ ਵਿਸ਼ੇਸ਼ ਤੌਰ ‘ਤੇ ਉਭਾਰਿਆ ਗਿਆ ਹੈ। ਇਸ ਦੇ ਨਾਲ ਹੀ ਅੰਤਰਰਾਸ਼ਟਰੀ ਪੱਧਰ ‘ਤੇ ਰਾਜਸੀ, ਸਮਾਜਿਕ, ਵਪਾਰਕ, ਪ੍ਰਸ਼ਾਸਨਿਕ ਅਤੇ ਧਾਰਮਿਕ ਖੇਤਰ ਨਾਲ ਸਬੰਧਤ ਸ਼ਖਸੀਅਤਾਂ ਦੇ ਜ਼ਿਕਰ ਨੂੰ ਇਸ ਵਿਚ ਵਿਸ਼ੇਸ਼ ਸਥਾਨ ਦਿੱਤਾ ਗਿਆ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਿਤਾਬਚੇ ਵਿਚ ਵਿਦੇਸ਼ਾਂ ਅੰਦਰ ਪੁਰਾਤਨ ਸਮੇਂ ਤੋਂ ਸਿੱਖ ਗੁਰਦੁਆਰਿਆਂ ਦੀ ਸਥਾਪਨਾ ਅਤੇ ਉਨ੍ਹਾਂ ਵੱਲੋਂ ਸਰਬੱਤ ਦੇ ਭਲੇ ਲਈ ਪਾਏ ਯੋਗਦਾਨ ਨੂੰ ਵੀ ਦਰਸਾਉਣ ਦਾ ਯਤਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਕਿਤਾਬਚੇ ਨੂੰ ਤਿਆਰ ਕਰਨ ਸਮੇਂ ਵਿਦਵਾਨਾਂ ਨੇ ਇਸ ਨੂੰ ਸੰਖੇਪ ਰੱਖਣ ਦੀ ਕੋਸ਼ਿਸ਼ ਕੀਤੀ ਹੈ, ਤਾਂ ਜੋ ਪੜ੍ਹਨ ਵਾਲਾ ਉਲਝਣ ਤੋਂ ਬਚ ਸਕੇ। ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਵੱਖ-ਵੱਖ ਦੇਸ਼ਾਂ ਦੇ ਦੂਤਾਵਾਸਾਂ ਅਤੇ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਭੇਜਣ ਲਈ ਅਮਲ ਜਲਦੀ ਹੀ ਆਰੰਭਿਆ ਜਾਵੇਗਾ ਅਤੇ ਇਸ ਦੇ ਨਾਲ ਹੀ ਇਸ ਦੀ ਕਾਪੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਲਈ ਆਉਂਦੇ ਹਰ ਵਿਦੇਸ਼ੀ ਨੁਮਾਇੰਦੇ ਨੂੰ ਵੀ ਦਿੱਤੀ ਜਾਇਆ ਕਰੇਗੀ। ਇੱਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਸ ਕਿਤਾਬਚੇ ਨੂੰ ਹੋਰਨਾਂ ਭਾਸ਼ਾਵਾਂ ਵਿਚ ਉਲਥਾ ਕਰਵਾ ਕੇ ਛਾਪਣ ਦੇ ਯਤਨ ਵੀ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਅਗਲੇ ਪੜਾਅ ਤਹਿਤ ਇਕ ਵੀਡੀਓ ਡਾਕੂਮੈਂਟਰੀ ਤਿਆਰ ਕਰੇਗੀ, ਜਿਸ ਨੂੰ ਇਲੈਕਟ੍ਰੋਨਿਕ, ਸ਼ੋਸ਼ਲ ਮੀਡੀਆ ਦੁਆਰਾ ਪ੍ਰਚਾਰਿਆ ਜਾਵੇਗਾ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਹ ਕਿਤਾਬਚਾ ਵਿਦੇਸ਼ਾਂ ਅੰਦਰ ਸਿੱਖਾਂ ਦੀ ਸਹੀ ਪਛਾਣ ਨੂੰ ਪੇਸ਼ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸਹਾਈ ਹੋਵੇਗਾ। ਉਨ੍ਹਾਂ ਇਸ ਕਾਰਜ ਲਈ ਭੂਮਿਕਾ ਨਿਭਾਉਣ ਵਾਲੇ ਵਿਦਵਾਨਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।

ਇਸ ਮੌਕੇ ਸ. ਨਿਰਮੈਲ ਸਿੰਘ ਜੌਲਾ ਕਲਾਂ ਤੇ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ,        ਸ. ਗੁਰਪ੍ਰੀਤ ਸਿੰਘ ਝੱਬਰ ਤੇ ਸ. ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਕਮੇਟੀ, ਸ. ਮਨਜੀਤ ਸਿੰਘ ਸਕੱਤਰ, ਸ. ਦਿਲਜੀਤ ਸਿੰਘ ‘ਬੇਦੀ’ ਤੇ ਡਾ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ. ਪਰਮਜੀਤ ਸਿੰਘ ਮੁੰਡਾ ਪਿੰਡ ਨਿੱਜੀ ਸਹਾਇਕ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਲਖਬੀਰ ਸਿੰਘ ਵਧੀਕ ਮੈਨੇਜਰ, ਸ. ਗੁਰਿੰਦਰ ਸਿੰਘ ਤੇ ਸ. ਰਣਜੀਤ ਸਿੰਘ ਖਾਲਸਾ ਆਦਿ ਹਾਜ਼ਰ ਸਨ।