ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਈ ਪਲੇਠੀ ਇਕੱਤਰਤਾ

ਅੰਮ੍ਰਿਤਸਰ 24 ਜੁਲਾਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 24-25 ਅਕਤੂਬਰ 2015 ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਕਰਵਾਉਣ ਸਬੰਧੀ ਪਲੇਠੀ ਇਕੱਤਰਤਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਈ।

ਇਥੋਂ ਜਾਰੀ ਪ੍ਰੈਸ ਬਿਆਨ ‘ਚ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਇਕੱਤਰਤਾ ਦੇ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਦਾ ਸਿਰਲੇਖ ‘ਮਾਂ ਬੋਲੀ ਪੰਜਾਬੀ:ਸਰੋਕਾਰ ਤੇ ਸੰਭਾਵਨਾ’ ਰੱਖਿਆ ਗਿਆ ਹੈ ਤੇ ਇਹ ਸੰਮੇਲਨ ਛੇ ਸੈਸ਼ਨਾਂ ‘ਚ ਹੋਵੇਗਾ ਜਿਸ ਵਿੱਚ ਉਦਘਾਟਨੀ ਤੇ ਸਮਾਪਤੀ ਤੋਂ ਇਲਾਵਾ ਪੰਜਾਬੀ ਭਾਸ਼ਾ ਦੇ 3 ਅਤੇ 1 ਗੁਰਮੁੱਖੀ ਲਿੱਪੀ ਤੇ ਹੋਵੇਗਾ। ਉਨ੍ਹਾਂ ਦੱਸਿਆ ਕਿ ਸੰਮੇਲਨ ਨੂੰ ਸੰਚਾਰੂ ਰੂਪ ਵਿੱਚ ਸੰਪੂਰਨ ਕਰਨ ਲਈ ਦੋ ਸਬ-ਕਮੇਟੀਆ ਸਥਾਪਿਤ ਕੀਤੀਆਂ ਗਈਆਂ ਹਨ ਜਿਸ ‘ਚ ਇਕ ਪ੍ਰਬੰਧਕੀ ਅਤੇ ਦੂਜੀ ਅਕਾਦਮਿਕ ਕਮੇਟੀ ਹੋਵੇਗੀ।ਉਨ੍ਹਾਂ ਕਿਹਾ ਕਿ ਪ੍ਰਬੰਧਕੀ ਕਮੇਟੀ ‘ਚ ਡਾ. ਗੁਰਮੋਹਨ ਸਿੰਘ ਵਾਲੀਆ ਵਾਈਸ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫਤਹਿਗੜ੍ਹ ਸਾਹਿਬ, ਸ. ਬਲਵਿੰਦਰ ਸਿੰਘ ਜੌੜਾ ਸਿੰਘਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ, ਡਾ. ਪਰਮਜੀਤ ਸਿੰਘ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ, ਡਾ. ਧਰਮਿੰਦਰ ਸਿੰਘ ਉੱਭਾ, ਡਾ. ਜੀ ਐਸ ਲਾਂਬਾ ਪ੍ਰਿੰਸੀਪਲ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਤੇ ਸ. ਅਮਰਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਸ਼ਾਮਲ ਕੀਤਾ ਗਿਆ ਹੈ।ਇਹ ਕਮੇਟੀ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਸਮੇਂ ਵਿਦਵਾਨਾਂ ਦੀ ਰਿਹਾਇਸ਼ ਤੇ ਲੰਗਰ ਆਦਿ ਦਾ ਪ੍ਰਬੰਧ ਕਰੇਗੀ।

ਉਨ੍ਹਾਂ ਦੱਸਿਆ ਕਿ ਅਕਾਦਮਿਕ ਕਮੇਟੀ ‘ਚ ਡਾ. ਜਸਪਾਲ ਸਿੰਘ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਬਰਜਿੰਦਰ ਸਿੰਘ ਹਮਦਰਦ, ਡਾ. ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਡਾ. ਜੋਗਾ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਦੀਪਕ ਮਨਮੋਹਨ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਬਲਵੰਤ ਸਿੰਘ ਢਿਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਡਾ. ਪਰਮਜੀਤ ਸਿੰਘ ਸਿੱਧੂ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ, ਡਾ. ਜਗਬੀਰ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫਤਹਿਗੜ੍ਹ ਸਾਹਿਬ ਤੇ ਡਾ. ਅਨੁਰਾਗ ਸਿੰਘ ਹੋਣਗੇ ਜੋ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਸਮੇਂ ਬੁਲਾਏ ਜਾਣ ਵਾਲੇ ਬਾਹਰਲੇ ਦੇਸ਼ਾਂ ਤੋਂ ਵਿਦਵਾਨ ਅਤੇ ਭਾਰਤ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਜਿਥੇ ਪੰਜਾਬੀ ਭਾਸ਼ਾ ਤੇ ਕੰਮ ਕੀਤਾ ਜਾ ਰਿਹਾ ਹੋਵੇ ਉਥੋਂ ਦੋ-ਦੋ ਪ੍ਰੋਫੈਸਰ ਬੁਲਾਉਣ ਤੇ ਪਰਚਾ ਪੜਨ ਦਾ ਵਿਸ਼ਾ ਦੇਣ ਦਾ ਪ੍ਰਬੰਧ ਕਰਨਗੇ।ਉਨ੍ਹਾਂ ਦੱਸਿਆ ਕਿ ਇਹ ਕਮੇਟੀ ਗੁਰਮੁਖੀ ਲਿਪੀ ਵਿੱਚ ਚੰਗੀ ਮੁਹਾਰਤ ਰੱਖਣ ਵਾਲੇ ਦੋ ਜਾਂ ਤਿੰਨ ਵਿਦਵਾਨਾਂ ਨੂੰ ਬੁਲਾਉਣ ਦਾ ਪ੍ਰਬੰਧ ਵੀ ਕਰੇਗੀ।