ਅੰਮ੍ਰਿਤਸਰ, 23 ਦਸੰਬਰ-
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਸਾਕਾ ਚਮਕੌਰ ਸਾਹਿਬ ਦੇ ਹੋਰ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਅਰਦਾਸ ਕੀਤੀ ਗਈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਵਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਕਥਾਵਾਚਕ ਭਾਈ ਸੁਖਵਿੰਦਰ ਸਿੰਘ ਨੇ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ। ਇਸ ਦੌਰਾਨ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਭਾਈ ਸੁਖਵਿੰਦਰ ਸਿੰਘ ਕਥਾਵਾਚਕ ਨੇ ਕਿਹਾ ਕਿ ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਨੇ ਹੱਕ ਸੱਚ ਅਤੇ ਧਰਮ ਦੀ ਰਖਵਾਲੀ ਲਈ ਆਪਣੀ ਸ਼ਹਾਦਤ ਦੇ ਕੇ ਸਾਡੇ ਲਈ ਮਾਰਗ ਦਰਸ਼ਨ ਦਿੱਤਾ ਹੈ, ਜਿਸ ਅਨੁਸਾਰ ਚੱਲਣਾ ਸਾਡਾ ਫ਼ਰਜ਼ ਹੈ।

ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਸਦਕਾ ਹੀ ਅੱਜ ਅਸੀਂ ਸੁਖੀ ਜੀਵਨ ਬਤੀਤ ਕਰ ਰਹੇ ਹਾਂ। ਉਨ੍ਹਾਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈਂਦਿਆਂ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ ਅਤੇ ਸਿੱਖ ਮਾਪਿਆਂ ਨੂੰ ਵੀ ਸੁਨੇਹਾ ਦਿੰਦਿਆਂ ਕਿਹਾ ਕਿ ਉਹ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੇ ਗੌਰਵਸ਼ਾਲੀ ਵਿਰਸੇ ਤੋਂ ਜਾਣੂ ਕਰਵਾਉਣ ਦੀ ਜਿੰਮੇਵਾਰੀ ਨਿਭਾਉਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਵਧੀਕ ਮੈਨੇਜਰ ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸ. ਹਰਪ੍ਰੀਤ ਸਿੰਘ, ਸ. ਨਿਸ਼ਾਨ ਸਿੰਘ, ਸ. ਜਗਤਾਰ ਸਿੰਘ, ਸ. ਗੁਰਪ੍ਰੀਤ ਸਿੰਘ, ਸ. ਕਾਬਲ ਸਿੰਘ, ਸ. ਰਣਜੀਤ ਸਿੰਘ ਆਦਿ ਮੌਜੂਦ ਸਨ।