ਸ਼੍ਰੋਮਣੀ ਕਮੇਟੀ ਵੱਲੋਂ ਕਾਰਵਾਈ ਤੋਂ ਬਾਅਦ ਰੇਲਵੇ ਵਿਭਾਗ ਨੇ ਕੀਤਾ ਭੁੱਲ ਦਾ ਅਹਿਸਾਸ

 

ਅੰਮ੍ਰਿਤਸਰ, 7 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੇ ਭਾਰਤੀ ਰੇਲਵੇ ਵੱਲੋਂ ਸ਼ਤਾਬਦੀ ਐਕਸਪ੍ਰੈਸ ਵਿਚ ਯਾਤਰੂਆਂ ਨੂੰ ਵਰਤਾਏ ਜਾਂਦੇ ਪਾਣੀ ਦੀਆਂ ਬੋਤਲਾਂ ਉੱਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਦਾ ਮਾਮਲਾ ਸਾਹਮਣੇ ਆਉਣ ‘ਤੇ ਤੁਰੰਤ ਕਾਰਵਾਈ ਕਰਦਿਆਂ ਰੇਲਵੇ ਵਿਭਾਗ ਦੇ ਅੰਮ੍ਰਿਤਸਰ ਸਥਿਤ ਦਫ਼ਤਰ ਦੇ ਉੱਚ ਅਧਿਕਾਰੀਆਂ ਤੱਕ ਪਹੁੰਚ ਕੀਤੀ ਅਤੇ ਪਾਣੀ ਦੀਆਂ ਬੋਤਲਾਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਹਟਾਉਣ ਲਈ ਕਿਹਾ। ਸ਼੍ਰੋਮਣੀ ਕਮੇਟੀ ਦੀ ਇਸ ਕਾਰਵਾਈ ‘ਤੇ ਰੇਲਵੇ ਵਿਭਾਗ ਨੇ ਤੁਰੰਤ ਫੈਸਲਾ ਲੈਂਦਿਆਂ ਆਪਣੀ ਭੁੱਲ ਦਾ ਅਹਿਸਾਸ ਕੀਤਾ ਅਤੇ ਪਾਣੀ ਵਾਲੀਆਂ ਬੋਤਲਾਂ ਤੋਂ ਸਟਿੱਕਰ ਉਤਾਰਨ ਦਾ ਭਰੋਸਾ ਦਿੱਤਾ। ਦੱਸਣਯੋਗ ਹੈ ਕਿ ਸ਼ਤਾਬਦੀ ਐਕਸਪ੍ਰੈਸ ਵਿਚ ਯਾਤਰੂਆਂ ਨੂੰ ਦਿੱਤੇ ਜਾਣ ਵਾਲੇ ਪਾਣੀ ਦੀਆਂ ਬੋਤਲਾਂ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਜਿਉਂ ਹੀ ਅੱਜ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਤਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਉੱਚ ਅਧਿਕਾਰੀਆਂ ਨੂੰ ਕਾਰਵਾਈ ਕਰਨ ਲਈ ਕਿਹਾ। ਇਸ ‘ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਮੀਤ ਮੈਨੇਜਰ ਸ. ਜਸਪਾਲ ਸਿੰਘ ਅਤੇ ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਸਥਿਤ ਰੇਲਵੇ ਦੇ ਮੁੱਖ ਦਫ਼ਤਰ ਵਿਖੇ ਭੇਜਿਆ। ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਅਧਿਕਾਰੀਆਂ ਨੇ ਮਾਮਲੇ ਸਬੰਧੀ ਰੇਲਵੇ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ, ਜਿਸ ‘ਤੇ ਵਿਭਾਗ ਨੇ ਇਸ ਨੂੰ ਅਣਜਾਣੇ ਵਿਚ ਹੋਈ ਭੁੱਲ ਕਰਾਰ ਦਿੱਤਾ ਅਤੇ ਇਸ ‘ਤੇ ਤੁਰੰਤ ਰੋਕ ਲਗਾ ਦਿੱਤੀ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਇੰਡੀਅਨ ਰੇਲਵੇ ਕੈਟਰਿੰਗ ਟੂਰਿਜ਼ਮ ਕਾਰਪੋਰੇਸ਼ਨ ਦੀ ਮੁਖੀ ਮੰਨੀ ਅਨੰਦ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਉਸ ਨੂੰ ਪਾਣੀ ਦੀਆਂ ਬੋਤਲਾਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਹਟਾਉਣ ਲਈ ਕਿਹਾ। ਸ. ਬੇਦੀ ਨੇ ਦੱਸਿਆ ਕਿ ਰੇਲਵੇ ਅਧਿਕਾਰੀ ਅਨੁਸਾਰ ਉਨ੍ਹਾਂ ਇਹ ਭੁੱਲ ਜਾਣ-ਬੁਝ ਕੇ ਨਹੀਂ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੇ ਰੇਲ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਵਾਲੀਆਂ ਪਾਣੀ ਦੀਆਂ ਬੋਤਲਾਂ ਭਾਰਤ ਅੰਦਰ ਕਿਧਰੇ ਵੀ ਵਰਤੋਂ ਵਿਚ ਨਾ ਲਿਆਂਦੀਆਂ ਜਾਣ। ਇਸ ਦੇ ਨਾਲ ਹੀ ਉਨ੍ਹਾਂ ਵਪਾਰਕ ਕੰਪਨੀਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਵਪਾਰਕ ਵਸਤੂ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਛਪਾਈ ਨਾ ਕੀਤੀ ਜਾਵੇ।