ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ ੨੭ ਜਨਵਰੀ- ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਬਾਬਾ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਭਾਰੀ ਗਿਣਤੀ ਸੰਗਤ ਨੇ ਲਗਾਤਾਰ ਦੋ ਦਿਨ ਗੁਰੂ ਘਰ ਵਿਖੇ ਸ਼ਰਧਾਂ ਨਾਲ ਹਾਜ਼ਰੀ ਭਰੀ। ਇਸ ਸਬੰਧ ਵਿਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਗੁਰਮਤਿ ਵਿਚਾਰਾਂ ਨਾਲ ਸੰਗਤ ਨੂੰ ਜੋੜਿਆ ਤੇ ਬਾਬਾ ਦੀਪ ਸਿੰਘ ਜੀ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕੀਤੀ। ਇਸ ਦੌਰਾਨ ਸਾਰਾ ਦਿਨ ਲਗਾਤਾਰ ਸਜਾਏ ਗਏ ਧਾਰਮਿਕ ਦੀਵਾਨ ਵਿਚ ਸਿੱਖ ਕੌਮ ਦੇ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥਿਆਂ, ਪ੍ਰਚਾਰਕਾਂ ਤੇ ਪੰਥਕ ਕਵੀਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ, ਸਿੱਖ ਇਤਿਹਾਸ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ। ਇਸ ਮੌਕੇ ਹੋਏ ਅੰਮ੍ਰਿਤ ਸੰਚਾਰ ਵਿਚ ੨੦੨ ਪ੍ਰਾਣੀਆਂ ਅੰਮ੍ਰਿਤ ਪਾਨ ਕੀਤਾ, ਜਦਕਿ ਖੂਨਦਾਨ ਕੈਂਪ ਵਿਚ ਸੰਗਤਾਂ ਨੇ ਕਰੀਬ ੩੦੦ ਯੂਨਿਟ ਖੂਨ ਦਾਨ ਵੀ ਕੀਤਾ।
ਇਸੇ ਸਬੰਧ ਵਿਚ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ ਜੋ ਚੌਕ ਘੰਟਾ ਘਰ, ਜਲ੍ਹਿਆਂ ਵਾਲਾ ਬਾਗ, ਲੱਕੜ ਮੰਡੀ ਬਾਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ਼ ਨਗਰ ਚੌਂਕ, ਬਾਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਾਜ਼ਾਰ ਕੋਟ ਮਾਹਣਾ ਸਿੰਘ ਤੇ ਤਰਨਤਾਰਨ ਰੋਡ ਤੋਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸੰਪੂਰਣ ਹੋਇਆ। ਨਗਰ ਕੀਰਤਨ ਦੌਰਾਨ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਚੌਰ ਸਾਹਿਬ ਦੀ ਸੇਵਾ ਨਿਭਾਈ। ਇਸ ਮੌਕੇ ਧਾਰਮਿਕ ਸਭਾ-ਸੁਸਾਇਟੀਆਂ, ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ, ਗੱਤਕਾ ਪਾਰਟੀਆਂ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਨਗਰ ਕੀਰਤਨ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸ. ਸ਼ਿੰਗਾਰਾ ਸਿੰਘ ਲੋਹੀਆਂ, ਸ. ਖੁਸ਼ਵਿੰਦਰ ਸਿੰਘ ਭਾਟੀਆ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਭਗਵੰਤ ਸਿੰਘ ਸਿਆਲਕਾ, ਭਾਈ ਅਮਰਜੀਤ ਸਿੰਘ ਚਾਵਲਾ, ਸ. ਬਲਦੇਵ ਸਿੰਘ ਚੂੰਘਾ, ਸ. ਰਤਨ ਸਿੰਘ ਜ਼ਫਰਵਾਲ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਗੁਰਨਾਮ ਸਿੰਘ ਜੱਸਲ, ਬੀਬੀ ਜੋਗਿੰਦਰ ਕੌਰ, ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਸ. ਗੁਰਪ੍ਰਤਾਪ ਸਿੰਘ ਟਿੱਕਾ, ਸ. ਸੁਖਬੀਰ ਸਿੰਘ ਵਾਹਲਾ, ਸਕੱਤਰ ਸ. ਮਨਜੀਤ ਸਿੰਘ ਬਾਠ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ. ਸੁਖਮਿੰਦਰ ਸਿੰਘ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਮੁਖਤਾਰ ਸਿੰਘ, ਸ. ਸਿਮਰਜੀਤ ਸਿੰਘ ਕੰਗ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜਿੰਦਰ ਸਿੰਘ ਕੈਰੋਵਾਲ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਟ, ਸ. ਦਰਸ਼ਨ ਸਿੰਘ ਪੀਏ, ਐਡੀਸ਼ਨਲ ਮੈਨੇਜਰ ਸ. ਸੁਖਬੀਰ ਸਿੰਘ, ਸ. ਨਰਿੰਦਰ ਸਿੰਘ, ਸ. ਜਸਪਾਲ ਸਿੰਘ ਆਦਿ ਮੌਜੂਦ ਸਨ।