ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਲੱਗੇਗਾ ਖ਼ੂਨ ਦਾਨ ਕੈਂਪ ਤੇ ਹੋਵੇਗਾ ਅੰਮ੍ਰਿਤ ਸੰਚਾਰ

ਸ਼੍ਰੋਮਣੀ ਕਮੇਟੀ ਵੱਲੋਂ ਸਾਫ਼ ਸਫ਼ਾਈ ਲਈ ਸਥਾਨਕ ਦੁਕਾਨਦਾਰਾਂ ਨੂੰ ਪ੍ਰੇਰਨਾ

ਅੰਮ੍ਰਿਤਸਰ, 25 ਜਨਵਰੀ- ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਨਕ ਚਾਟੀਵਿੰਡ ਗੇਟ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾਣਗੇ। ਇਸ ਸਬੰਧੀ ੨੬ ਅਤੇ ੨੭ ਜਨਵਰੀ ਨੂੰ ਜਿਥੇ ਵਿਸ਼ਾਲ ਗੁਰਮਤਿ ਸਮਾਗਮ ਹੋਵੇਗਾ, ਉਥੇ ਹੀ ੨੭ ਜਨਵਰੀ ਨੂੰ ਵਿਸ਼ਾਲ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ੨੬ ਅਤੇ ੨੭ ਜਨਵਰੀ ਨੂੰ ਦੋ ਦਿਨਾਂ ਖ਼ੂਨ ਦਾਨ ਕੈਂਪ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਜਨਮ ਦਿਹਾੜੇ ਸਬੰਧੀ ੨੬ ਜਨਵਰੀ ਨੂੰ ਸਭਾ-ਸੁਸਾਇਰਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਹ ਨਗਰ ਕੀਰਤਨ ਦੁਪਹਿਰ ੧੨:੦੦ ਵਜੇ ਆਰੰਭ ਹੋ ਕੇ ਚੌਕ ਘੰਟਾ ਘਰ, ਜ਼ਲ੍ਹਿਆਂਵਾਲਾ ਬਾਗ, ਲੱਕੜ ਮੰਡੀ, ਸੁਲਤਾਨਵਿੰਡ ਗੇਟ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਕੋਟ ਮਾਹਣਾ ਸਿੰਘ ਤੋਂ ਤਰਨ ਤਾਰਨ ਰੋਡ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਚਾਟੀਵਿੰਡ ਗੇਟ ਵਿਖੇ ਸੰਪੰਨ ਹੋਵੇਗਾ।
ਇਸ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਆਲੇ-ਦੁਆਲੇ ਦੁਕਾਨਦਾਰਾਂ ਨੂੰ ਸੱਦਾ-ਪੱਤਰ ਦਿੱਤੇ ਗਏ ਅਤੇ ਲੱਡੂਆਂ ਦਾ ਪ੍ਰਸ਼ਾਦ ਵੰਡਿਆ ਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸੰਗਤਾਂ ਦੀ ਆਮਦ ਨੂੰ ਵੇਖਦਿਆਂ ਆਪੋ-ਆਪਣੀਆਂ ਦੁਕਾਨਾਂ ਦੇ ਬਾਹਰ ਵਿਸ਼ੇਸ਼ ਤੌਰ ‘ਤੇ ਸਫ਼ਾਈ ਦਾ ਪ੍ਰਬੰਧ ਕਰਨ ਅਤੇ ਦੁਕਾਨਾਂ ਦੇ ਬਾਹਰ ਲਗਾਇਆ ਗਿਆ ਸਮਾਨ ਵੀ ਅੰਦਰ ਰੱਖਿਆ ਜਾਵੇ ਤਾਂ ਜੋ ਸੰਗਤਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਦੁਕਾਨਦਾਰਾਂ ਤੱਕ ਪਹੁੰਚ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਜਾਇਬ ਸਿੰਘ ਅਭਿਆਸੀ ਤੇ ਭਾਈ ਰਾਮ ਸਿੰਘ, ਸ਼੍ਰੋਮਣੀ ਕਮੇਟੀ ਸਕੱਤਰ ਸ. ਮਨਜੀਤ ਸਿੰਘ ਬਾਠ, ਐਡੀਸ਼ਨਲ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਸ. ਮਨਜਿੰਦਰ ਸਿੰਘ ਮੰਡ, ਮੀਤ ਮੈਨੇਜਰ ਸ. ਗੁਰਪ੍ਰੀਤ ਸਿੰਘ ਤੇ ਹੋਰ ਮੌਜੂਦ ਸਨ।