ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਗਤ ਨੇ ਭਰੀ ਹਾਜ਼ਰੀ
ਅਲੌਕਿਕ ਜਲੌ ਬਣੇ ਖਿੱਚ ਦਾ ਕੇਂਦਰ

ਅੰਮ੍ਰਿਤਸਰ, ੨੪ ਅਪ੍ਰੈਲ– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਜਿਥੇ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ ਸੀ, ਉਥੇ ਹੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਗਏ। ਉਧਰ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਵਿਚ ਵੱਖ ਵੱਖ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਹਾਜ਼ਰੀ ਭਰੀ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਇਥੇ ਸਥਿਤ ਹੋਰ ਅਸਥਾਨਾਂ ਅਤੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ਼ਰਧਾ ਨਾਲ ਮੱਥਾ ਟੇਕਿਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਸਰੋਵਰ ਵਿਚ ਇਸ਼ਨਾਨ ਕੀਤੇ। ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵਿਸ਼ਾਲ ਕੀਰਤਨ ਦਰਬਾਰ ਤੋਂ ਪਹਿਲਾਂ ਵੱਖ ਵੱਖ ਸਕੂਲਾਂ ਦੇ ਬੱਚਿਆਂ ਅਤੇ ਬੀਬੀਆਂ ਦੇ ਸ਼ਬਦੇ ਜਥਿਆਂ ਨੇ ਗੁਰਬਾਣੀ ਕੀਰਤਨ ਦੀ ਹਾਜ਼ਰੀ ਵੀ ਭਰੀ।