ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਹਰ ਤਰ੍ਹਾਂ ਦੇ ਨਸ਼ਿਆਂ ‘ਤੇ ਮੁਕੰਮਲ ਪਾਬੰਦੀ ਦੀ ਕੀਤੀ ਮੰਗ

ਅੰਮ੍ਰਿਤਸਰ, ੩ ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਅੰਦਰ ਸ਼ਰਾਬ ਦੇ ਸੇਵਨ ਨਾਲ ਹੋਈਆਂ ਇੱਕ ਸੌ ਤੋਂ ਵੱਧ ਮੌਤਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਹਰ ਤਰ੍ਹਾਂ ਦੇ ਨਸ਼ਿਆਂ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਇਥੇ ਜਾਰੀ ਇੱਕ ਪ੍ਰੈਸ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਸਰਕਾਰੀ ਤੌਰ ‘ਤੇ ਨਸ਼ਾ ਭਾਵੇਂ ਜਾਇਜ਼ ਮੰਨਿਆਂ ਜਾਂਦਾ ਹੋਵੇ ਜਾਂ ਨਜਾਇਜ਼ ਇਸ ‘ਤੇ ਰੋਕ ਲੱਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂ ਸਾਹਿਬਾਨ ਦੀ ਧਰਤੀ ਹੈ, ਇਥੇ ਅੰਮ੍ਰਿਤਮਈ ਵਿਚਾਰਧਾਰਾ ਪ੍ਰਵਾਨ ਚੜ੍ਹੀ ਹੈ। ਇਸ ਧਰਤੀ ਤੇ ਨਸ਼ਿਆਂ ਦਾ ਬੋਲਬਾਲਾ ਇਥੋਂ ਦੇ ਇਤਿਹਾਸਕ ਤੇ ਧਾਰਮਿਕ ਖਾਸੇ ਦੇ ਵਿਰੁੱਧ ਹੈ। ਗੁਰੂਆਂ ਦੀ ਧਰਤੀ ਉਤੇ ਨਸ਼ਿਆਂ ਨਾਲ ਮੌਤਾਂ ਇੱਕ ਵੱਡਾ ਸਵਾਲ ਹੈ। ਭਾਈ ਲੌਂਗੋਵਾਲ ਨੇ ਸ਼ਰਾਬ ਕਾਰਨ ਮਰਨ ਵਾਲਿਆਂ ਦੇ ਪਰਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੈਪਟਨ ਸਰਕਾਰ ਦੀ ਕਾਰਜਸ਼ੈਲੀ ‘ਤੇ ਵੀ ਤਿੱਖੇ ਸਵਾਲ ਚੁੱਕੇ ਹਨ। ਉਨ੍ਹਾਂ ਮੁੱਖ ਮਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਕਿ ਇਹ ਕਿਹੋ ਜਿਹੀ ਲੋਕਾਂ ਦੀ ਨੁਮਾਇੰਦਗੀ ਹੈ ਜੋ ਲੋਕਾਂ ਦੀ ਹੀ ਜਾਨ ਦੀ ਦੁਸ਼ਮਣ ਬਣੀ ਹੋਈ ਹੈ। ਸ਼ਰੇਆਮ ਨਸ਼ਿਆਂ ਦੇ ਸੌਦਾਗਰ ਲੋਕਾਂ ਦੀਆਂ ਜਾਨਾਂ ਨਾਲ ਖੇਡ ਰਹੇ ਹਨ ਅਤੇ ਪੰਜਾਬ ਦੀ ਸਰਕਾਰ ਸੁੱਤੀ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਵੱਡੀ ਨਲਾਇਕੀ ਹੈ, ਜਿਸ ਦੀ ਜਿੰਮੇਵਾਰੀ ਮੁੱਖ ਮੰਤਰੀ ਹੋਣ ਨਾਤੇ ਕੈਪਟਨ ਅਮਰਿੰਦਰ ਸਿੰਘ ਨੂੰ ਖੁਦ ਲੈਣੀ ਚਾਹੀਦੀ ਹੈ। ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਕਿਹਾ ਕਿ ਮੌਤ ਦੇ ਇਨ੍ਹਾਂ ਵਪਾਰੀਆਂ ਦੀ ਪੁਸ਼ਤਪਨਾਹੀ ਕਰਨ ਵਾਲੇ ਰਾਜਸੀ ਲੋਕਾਂ ਦੀਆਂ ਚਰਚਾਵਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸਾਰੇ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਪਾਸੋਂ ਕਰਵਾਈ ਜਾਵੇ, ਕਿਉਂਕਿ ਸ਼ਰਾਬ ਕਾਰਨ ਹੋਈਆਂ ਮੌਤਾਂ ਕੋਈ ਛੋਟੀ ਘਟਨਾ ਨਹੀਂ ਹੈ ਅਤੇ ਜੇਕਰ ਇਸ ਪਿੱਛੇ ਕੰਮ ਕਰਦਾ ਮਾਫੀਆ ਜਨਤਕ ਨਾ ਹੋਇਆ ਤਾਂ ਭਵਿੱਖ ਵਿਚ ਪੰਜਾਬ ਨੂੰ ਬਰਬਾਦ ਕਰਨ ਵਾਲੇ ਅਜਿਹੇ ਹੋਰ ਹਾਦਸੇ ਵਾਪਰਨ ਦੇ ਖਦਸ਼ਿਆਂ ਨੂੰ ਨਕਾਰਿਆ ਨਹੀਂ ਜਾ ਸਕਦਾ। ਭਾਈ ਲੋਂਗੋਵਾਲ ਨੇ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਦੈਂਤ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਨਸ਼ੇ ਸਾਡੇ ਦੁਸ਼ਮਣ ਹਨ ਤੇ ਸਭ ਨੂੰ ਰਲ ਕੇ ਇਨ੍ਹਾਂ ‘ਤੇ ਰੋਕ ਲਗਾਉਣ ਲਈ ਲਹਿਰ ਸਿਰਜਣੀ ਚਾਹੀਦੀ ਹੈ।