ਅੰਮ੍ਰਿਤਸਰ, 21 ਦਸੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵੱਲੋਂ ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ ਮੌਕੇ ਰਾਜਸੀ ਜਲਸਿਆਂ ‘ਤੇ ਪਾਬੰਦੀ ਦੇ ਆਦੇਸ਼ ਦਾ ਸਵਾਗਤ ਕਰਦਿਆਂ ਸਮੁੱਚੀਆਂ ਰਾਜਸੀ ਧਿਰਾਂ ਨੂੰ ਇਸ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਰਾਜਸੀ ਕਾਨਫਰੰਸਾਂ ਨਾਲ ਸੰਗਤਾਂ ਦੇ ਮਨਾਂ ਨੂੰ ਪੁੱਜਦੀ ਠੇਸ ਦੇ ਮੱਦੇਨਜ਼ਰ ਸਿੰਘ ਸਾਹਿਬ ਦਾ ਬਿਆਨ ਵੱਡੇ ਮਹੱਤਵ ਵਾਲਾ ਹੈ ਅਤੇ ਇਸ ਨਾਲ ਸਾਲਾਨਾ ਸ਼ਹੀਦੀ ਸਭਾ ਮੌਕੇ ਧਾਰਮਿਕਤਾ ਬਰਕਰਾਰ ਰਹੇਗੀ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਭਾਵਨਾ ਦੇ ਪ੍ਰਚਾਰ ਤੇ ਉਭਾਰ ਲਈ ਸ਼ਹੀਦੀ ਦਿਹਾੜੇ ਸਮੇਂ ਕੇਵਲ ਧਾਰਮਿਕ ਵਿਚਾਰਾਂ ਦਾ ਹੀ ਪ੍ਰਗਟਾਵਾ ਹੋਣਾ ਚਾਹੀਦਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਲਏ ਗਏ ਫੈਸਲੇ ਨੂੰ ਮੰਨਣਾ ਸਾਡਾ ਸਭ ਦਾ ਫਰਜ ਹੈ ਅਤੇ ਇਸ ਲਈ ਸਭ ਨੂੰ ਪਹਿਲਕਦਮੀ ਕਰਨੀ ਚਾਹੀਦੀ ਹੈ।