ਅੰਮ੍ਰਿਤਸਰ, 13 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਸਿੱਖ ਪੰਥ ਦੀਆਂ ਚਾਰ ਪ੍ਰਮੁੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਤ ਕੀਤੀਆਂ ਗਈਆਂ ਹਨ। ਇਨ੍ਹਾਂ ਵਿਚ ਸ੍ਰੀ ਦਰਬਾਰ ਸਾਹਿਬ ਦੀ ਰਖਵਾਲੀ ਲਈ ਸ਼ਹੀਦ ਹੋਏ ਜਥੇਦਾਰ ਸ਼ਹੀਦ ਬਾਬਾ ਗੁਰਬਖਸ਼ ਸਿੰਘ ਨਿਹੰਗ ਸਿੰਘ, ਗੁਰਮਤਿ ਸੰਗੀਤ ਦੇ ਪ੍ਰਚਾਰ-ਪ੍ਰਸਾਰ ਨੂੰ ਸਮਰਪਿਤ ਰਹੇ ਬਾਬਾ ਸੁੱਚਾ ਸਿੰਘ ਜਵੱਦੀ ਟਕਸਾਲ ਲੁਧਿਆਣਾ, ਗੁਰੂ ਘਰ ਦੇ ਸੇਵਕ ਬਾਬਾ ਭਾਨ ਸਿੰਘ ਲੁਧਿਆਣਾ ਅਤੇ ਸਾਰਾਗੜ੍ਹੀ ਦੇ ਸ਼ਹੀਦਾਂ ਦਾ ਬਦਲਾ ਲੈਣ ਵਾਲੇ ਲੈਫਟੀਨੈਂਟ ਸ. ਰਾਮ ਸਿੰਘ ਬਹਾਦਰ ਸ਼ਾਮਲ ਹਨ। ਅਰਦਾਸ ਉਪਰੰਤ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਨਿਭਾਈ। ਇਸ ਮੌਕੇ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਸਿੱਖ ਕੌਮ ਆਪਣੇ ਸ਼ਹੀਦਾਂ ਅਤੇ ਸੇਵਾ ਸਿਮਰਨ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਤਿਕਾਰ ਕਰਦੀ ਹੈ। ਇਸ ਤਹਿਤ ਹੀ ਪੰਥ ਲਈ ਯੋਗਦਾਨ ਪਾਉਣ ਵਾਲਿਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਵਿਚ ਇਹ ਸਭ ਤੋਂ ਵੱਡਾ ਸਨਮਾਨ ਹੈ।
ਲਗਾਈਆਂ ਗਈਆਂ ਤਸਵੀਰਾਂ ਸਬੰਧੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼ਹੀਦ ਬਾਬਾ ਗੁਰਬਖਸ਼ ਸਿੰਘ ਨਿਹੰਗ ਸਿੰਘ ਦੀ ਸ਼ਹਾਦਤ ਬਹੁਤ ਵੱਡੀ ਹੈ। ਸੰਗਤਾਂ ਨੂੰ ਉਨ੍ਹਾਂ ਦੇ ਜੀਵਨ ਤੋਂ ਗੁਰਧਾਮਾਂ ਦੇ ਸੇਵਾਦਾਰ ਬਣਨ ਦੀ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਬਾਬਾ ਸੁੱਚਾ ਸਿੰਘ ਜਵੱਦੀ ਟਕਸਾਲ, ਬਾਬਾ ਭਾਨ ਸਿੰਘ ਅਤੇ ਲੈਫਟੀਨੈਂਟ ਰਾਮ ਸਿੰਘ ਬਹਾਦਰ ਦੇ ਕਾਰਜਾਂ ਦੀ ਵੀ ਪ੍ਰਸੰਸਾ ਕੀਤੀ। ਇਸ ਤੋਂ ਪਹਿਲਾ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਚਾਰਾਂ ਸ਼ਖ਼ਸੀਅਤਾਂ ਨਾਲ ਸਬੰਧਤਾਂ ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰੂ ਬਖਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਬਾਬਾ ਬਲਬੀਰ ਸਿੰਘ ਮੁੱਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਰਾਮ ਸਿੰਘ, ਭਾਈ ਮਨਜੀਤ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਗੁਰਿੰਦਰਪਾਲ ਸਿੰਘ ਗੋਰਾ, ਸਕੱਤਰ ਸ. ਮਨਜੀਤ ਸਿੰਘ ਬਾਠ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਬਾਬਾ ਗੱਜਣ ਸਿੰਘ ਮੁੱਖੀ ਤਰਨਾ ਦਲ, ਬਾਬਾ ਮੇਜਰ ਸਿੰਘ, ਬਾਬਾ ਵੱਸਣ ਸਿੰਘ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਰਘਬੀਰ ਸਿੰਘ ਖਿਆਲਾ, ਸ. ਦਿਲਜੀਤ ਸਿੰਘ ਬੇਦੀ, ਭਾਈ ਸੁਖਜੀਤ ਸਿੰਘ ਘਨੱਈਆ, ਬਾਬਾ ਰਣਜੋਧ ਸਿੰਘ, ਜਥੇਦਾਰ ਬਾਬਾ ਬਲਕਾਰ ਸਿੰਘ, ਬਾਬਾ ਅਮੀਰ ਸਿੰਘ ਜਵੱਦੀ ਟਕਸਾਲ, ਭਾਈ ਅਮਰੀਕ ਸਿੰਘ, ਸ. ਪਰਮਜੀਤ ਸਿੰਘ ਖਾਲਸਾ, ਭਾਈ ਹਰਭਜਨ ਸਿੰਘ, ਸ. ਕਰਮਜੀਤ ਸਿੰਘ ਕੈਲ ਬੱਡੂਵਾਲ, ਬਾਬਾ ਭੋਲਾ ਸਿੰਘ ਆਦਿ ਮੌਜੂਦ ਸਨ।