੪ ਸਤੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਵੇਗਾ ਸੰਪੰਨ

ਅੰਮ੍ਰਿਤਸਰ, ੩ ਸਤੰਬਰ- ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਾਬਾ ਜੀਵਨ ਸਿੰਘ ਜੀ ਵਿਦਿਅਕ ਤੇ ਚੈਰੀਟੇਬਲ ਟਰੱਸਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਇਕ ਵਿਸ਼ਾਲ ਨਗਰ ਕੀਰਤਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਹੋਇਆ। ਇਹ ਚੇਤਨਾ ਮਾਰਚ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ੪ ਸਤੰਬਰ ਦੀ ਸ਼ਾਮ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸੰਪੰਨ ਹੋਵੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸਜਾਏ ਗਏ ਇਸ ਨਗਰ ਕੀਰਤਨ ਵਿਚ ਸਿੱਖ ਮਾਰਸ਼ਲ ਆਰਟ ਗਤਕਾ ਦੇ ਜੌਹਰ ਵਿਖਾਉਂਦੀਆਂ ਗਤਕਾ ਪਾਰਟੀਆਂ ਅਤੇ ਸ਼ਬਦੀ ਜਥੇ ਸ਼ਾਮਲ ਹੋਏ। ਨਗਰ ਕੀਰਤਨ ਦੀ ਰਵਾਨਗੀ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਚੇਚੇ ਤੌਰ ‘ਤੇ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ, ਸਾਬਕਾ ਮੈਂਬਰ ਸ. ਸੁਖਵਿੰਦਰ ਸਿੰਘ ਝਬਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਸ. ਲਖਬੀਰ ਸਿੰਘ ਤੇ ਟਰੱਸਟ ਦੇ ਚੇਅਰਮੈਨ ਸ. ਜਸਵੰਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ. ਗੁਰਬਚਨ ਸਿੰਘ ਕਰਮੂੰਵਾਲਾ ਨੇ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਾਬਾ ਜੀਵਨ ਸਿੰਘ ਵਿਦਿਅਕ ਅਤੇ ਚੈਰੀਟੇਬਲ ਟਰੱਸਟ ਵੱਲੋਂ ਸਜਾਏ ਗਏ ਇਸ ਨਗਰ ਕੀਰਤਨ ਦੇ ਉਪਰਾਲੇ ਨੂੰ ਪ੍ਰਸੰਸਾਮਈ ਦੱਸਿਆ ਅਤੇ ਕਿਹਾ ਕਿ ਇਸ ਨਾਲ ਸੰਗਤਾਂ ਅੰਦਰ ਬਾਬਾ ਜੀਵਨ ਸਿੰਘ ਦੇ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਸਬੰਧੀ ਚੇਤਨਾ ਪੈਦਾ ਹੋਵੇਗੀ। ਇਸ ਮੌਕੇ ਟਰੱਸਟ ਦੇ ਚੇਅਰਮੈਨ ਸ. ਜਸਵੰਤ ਸਿੰਘ ਨੇ ਦੱਸਿਆ ਕਿ ਟਰੱਸਟ ਵੱਲੋਂ ਇਹ ੧੯ਵਾਂ ਚੇਤਨਾ ਮਾਰਚ ਹੈ ਅਤੇ ਇਸ ਦਾ ਮੰਤਵ ਸੰਗਤਾਂ ਅਤੇ ਖ਼ਾਸਕਰ ਨੌਜੁਆਨੀ ਨੂੰ ਆਪਣੇ ਵਿਰਸੇ ਨਾਲ ਜੋੜਨਾ ਹੈ। ਉਨ੍ਹਾਂ ਦੱਸਿਆ ਕਿ ਇਸ ਨਗਰ ਕੀਰਤਨ ਦੌਰਾਨ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਮਹਾਨ ਜੀਵਨੀ ਤੇ ਸ਼ਹਾਦਤ ਸਬੰਧੀ ਸੰਗਤਾਂ ਵਿਚ ਕਿਤਾਬਚੇ ਵੰਡੇ ਜਾਣਗੇ ਅਤੇ ਸਮਾਜਕ ਕੁਰੀਤੀਆਂ ਖ਼ਿਲਾਫ਼ ਜਾਗਰੂਕ ਵੀ ਕੀਤਾ ਜਾਵੇਗਾ। ਇਸ ਦੌਰਾਨ ਸ. ਜਸਵੰਤ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਗਏ ਸਹਿਯੋਗ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਾਮਲ ਹੋ ਕੇ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ।