ਅੰਮ੍ਰਿਤਸਰ, 3 ਸਤੰਬਰ- ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਚਾਟੀਵਿੰਡ ਗੇਟ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ ਹੋਇਆ। ਇਹ ਨਗਰ ਕੀਰਤਨ ਸ਼ਹੀਦ ਬਾਬਾ ਜੀਵਨ ਸਿੰਘ ਨਿਸ਼ਕਾਮ ਸੇਵਾ ਸੁਸਾਇਟੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਜਾਇਆ ਗਿਆ ਹੈ, ਜੋ ੫ ਸਤੰਬਰ ਨੂੰ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਵਿਖੇ ਸੰਪੰਨ ਹੋਵੇਗਾ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਵਧੀਕ ਮੈਨੇਜਰ ਸ. ਸੁਖਬੀਰ ਸਿੰਘ, ਸ਼ਹੀਦ ਬਾਬਾ ਜੀਵਨ ਸਿੰਘ ਨਿਸ਼ਕਾਮ ਸੇਵਾ ਸੁਸਾਇਟੀ ਦੇ ਸਰਪ੍ਰਸਤ ਬਾਬਾ ਭੁਪਿੰਦਰ ਸਿੰਘ, ਚੇਅਰਮੈਨ ਸ. ਅਮਰੀਕ ਸਿੰਘ ਸ਼ੇਰਗਿੱਲ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ. ਗੁਰਪ੍ਰਤਾਪ ਸਿੰਘ ਟਿੱਕਾ ਅਤੇ ਸ. ਅਜੈਬੀਰਪਾਲ ਸਿੰਘ ਰੰਧਾਵਾ ਸਮੇਤ ਸੰਗਤਾਂ ਮੌਜੂਦ ਸਨ। ਇਸ ਮੌਕੇ ਬਾਬਾ ਭੁਪਿੰਦਰ ਸਿੰਘ ਅਤੇ ਸ. ਅਮਰੀਕ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਮਹਾਨ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ਵਿਚ ਹਰ ਸਾਲ ਸੁਸਾਇਟੀ ਵੱਲੋਂ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਦੀ ਸ਼ਹਾਦਤ ਅਦੁੱਤੀ ਹੈ ਜਿਸ ਤੋਂ ਸਿੱਖ ਕੌਮ ਨੂੰ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਿਲੇ ਸਹਿਯੋਗ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਨਾਂ ‘ਤੇ ਬਣੀ ਸੁਸਾਇਟੀ ਵੱਲੋਂ ਹਰ ਸਾਲ ਉਨ੍ਹਾਂ ਦੇ ਜਨਮ ਦਿਹਾੜੇ ਮੌਕੇ ਨਗਰ ਕੀਰਤਨ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਸੁਸਾਇਟੀ ਦੇ ਅਹੁਦੇਦਾਰਾਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਵੀ ਦਿੱਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਸਾਇਟੀ ਦੇ ਜਨਰਲ ਸਕੱਤਰ ਸ. ਕਸ਼ਮੀਰ ਸਿੰਘ ਰੰਧਾਵਾ, ਜ਼ਿਲ੍ਹਾ ਪ੍ਰਧਾਨ ਸ. ਜਗਚਾਨਣ ਸਿੰਘ, ਵਾਈਸ ਚੇਅਰਮੈਨ ਸ. ਅਮਨਦੀਪ ਸਿੰਘ ਖ਼ਾਲਸਾ, ਸ. ਪ੍ਰੇਮ ਸਿੰਘ ਸੋਢੀ, ਸ. ਕੁਲਦੀਪ ਸਿੰਘ ਸੁਲਤਾਨਵਿੰਡ ਸਮੇਤ ਹੋਰ ਮੌਜੂਦ ਸਨ।