ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ

ਅੰਮ੍ਰਿਤਸਰ ੨੭ ਜਨਵਰੀ-
ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਮੌਕੇ ਅੱਜ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸਜਾਏ ਗਏ ਵਿਸ਼ੇਸ਼ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ‘ਚ ਸਿੱਖ ਕੌਮ ਮਹਾਨ ਕਥਾਕਾਰਾਂ ਅਤੇ ਰਾਗੀ ਜਥਿਆਂ ਨੇ ਹਾਜ਼ਰੀ ਭਰ ਕੇ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ। ਸ਼ਾਮ ੪:੦੦ ਵਜੇ ਤੋਂ ਆਰੰਭ ਹੋਏ ਇਸ ਗੁਰਮਤਿ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਸਿੱਖ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਲਾਸਾਨੀ ਸ਼ਹਾਦਤਾਂ ਦੀਆਂ ਗਾਥਾਵਾਂ ਨਾਲ ਭਰਿਆ ਪਿਆ ਹੈ ਅਤੇ ਸਾਡੇ ਮਹਾਨ ਸ਼ਹੀਦਾਂ ਨੇ ਸਾਨੂੰ ਧਰਮ ਦੀ ਖ਼ਾਤਰ ਆਪਾ ਕੁਰਬਾਨ ਕਰਨ ਦਾ ਰਸਤਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਮਹਾਨ ਸੂਰਬੀਰ ਤੇ ਨਿਧੜਕ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਨੂੰ ਕੌਮੀ ਜਜ਼ਬੇ ਦੀ ਮਿਸਾਲ ਦੱਸਦਿਆਂ ਉਨ੍ਹਾਂ ਦੇ ਨਕਸ਼ੇ ਕਦਮਾਂ ਉੱਤੇ ਚੱਲਣ ਦੀ ਅਪੀਲ ਕੀਤੀ।
ਇਸ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀ ਮੁਕਤਸਰ ਸਾਹਿਬ, ਭਾਈ ਗੁਰਚਰਨ ਸਿੰਘ ਰਸੀਆ, ਭਾਈ ਅਮਰਜੀਤ ਸਿੰਘ ਪਟਿਆਲਾ, ਬੀਬੀ ਆਸ਼ੂਪ੍ਰੀਤ ਕੌਰ, ਭਾਈ ਗੁਰਇਕਬਾਲ ਸਿੰਘ, ਭਾਈ ਮਹਿਤਾਬ ਸਿੰਘ, ਭਾਈ ਹਰਵਿੰਦਰਪਾਲ ਸਿੰਘ, ਭਾਈ ਸਤਨਾਮ ਸਿੰਘ ਜਵੱਦੀਕਲਾਂ ਆਦਿ ਨੇ ਇਲਾਹੀ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਕਥਾ ਵੀਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਰਾਤ ਨੂੰ ਦੀਪਮਾਲਾ ਕੀਤੀ ਜਾਵੇਗੀ ਤੇ ਰਹਰਾਸਿ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜੀ ਵੀ ਚਲਾਈ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਰਜਿੰਦਰ ਸਿੰਘ ਮਹਿਤਾ ਤੇ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਗਿਆਨੀ ਪੂਰਨ ਸਿੰਘ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਤੇ ਸ. ਮਨਜਿੰਦਰ ਸਿੰਘ ਮੰਡ, ਐਡੀਸ਼ਨਲ ਮੈਨੇਜਰ ਗੁਰਾ ਸਿੰਘ, ਮੀਤ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਅਮਰਬੀਰ ਸਿੰਘ ਢੋਟ ਆਦਿ ਹਾਜ਼ਰ ਸਨ।