ਅੰਮ੍ਰਿਤਸਰ, 28 ਅਗਸਤ-
ਬੀਤੇ ਦਿਨੀਂ ਉੱਤਰ ਪ੍ਰਦੇਸ਼ ਦੇ ਸ਼ਾਹਜਹਾਨਪੁਰ ਵਿਖੇ ਪੈਂਦੇ ਕਸਬਾ ਬੰਡਾ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਸਿੱਖ ਸੰਗਤਾਂ ਨਾਲ ਕੁਝ ਲੋਕਾਂ ਵੱਲੋਂ ਕੀਤੇ ਗਏ ਝਗੜੇ ਸਬੰਧੀ ਪੜਤਾਲ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਸਬ-ਕਮੇਟੀ ਦਾ ਗਠਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਾਹਜਹਾਨਪੁਰ ਵਿਖੇ ਸਿੱਖ ਭਾਈਚਾਰੇ ਅਤੇ ਸਥਾਨਕ ਲੋਕਾਂ ਵਿਚ ਟਕਰਾਅ ਵਾਲੀ ਸਥਿਤੀ ਬਣ ਗਈ ਸੀ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਇੱਕ ਸਬ-ਕਮੇਟੀ ਕਾਇਮ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਸ. ਬਲਦੇਵ ਸਿੰਘ ਕਾਇਮਪੁਰ, ਸ. ਕਰਨੈਲ ਸਿੰਘ ਪੰਜੋਲੀ, ਸ. ਸੁਰਜੀਤ ਸਿੰਘ ਗੜ੍ਹੀ, ਸਿੱਖ ਮਿਸ਼ਨ ਯੂ.ਪੀ. ਦੇ ਇੰਚਾਰਜ ਸ. ਬ੍ਰਿਜਪਾਲ ਸਿੰਘ ਤੇ ਗੁਰਮਤਿ ਵਿਦਿਆਲਾ ਸ਼ਾਹਜਹਾਨਪੁਰ ਦੇ ਇੰਚਾਰਜ ਸ. ਦਿਲਪ੍ਰੀਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੋਹਾਂ ਫਿਰਕਿਆਂ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਸਥਾਨਕ ਪ੍ਰਸ਼ਾਸਨ ਨੂੰ ਵੀ ਕਿਹਾ ਹੈ। ਸ. ਬੇਦੀ ਅਨੁਸਾਰ ਭਾਈ ਲੌਂਗੋਵਾਲ ਵੱਲੋਂ ਬਣਾਈ ਗਈ ਸਬ-ਕਮੇਟੀ ਸਥਾਨਕ ਸੰਗਤਾਂ ਨਾਲ ਰਾਬਤਾ ਕਰਕੇ ਜਾਣਕਾਰੀ ਹਾਸਲ ਕਰੇਗੀ ਅਤੇ ਆਪਣੀ ਰਾਇ/ਰਿਪੋਰਟ ਦਫ਼ਤਰ ਸ਼੍ਰੋਮਣੀ ਕਮੇਟੀ ਨੂੰ ਦੇਵੇਗੀ।