1-copy 2-copy 4-copy 5-copyਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪੂਰੇ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ : 21 ਦਸੰਬਰ (       ) ਮਰਦ ਅਗੰਮੜਾ,  ਸ਼ਾਹਿ ਸ਼ਾਹਨਸ਼ਾਹ ਮਾਨਵਤਾ ਦੇ ਗੁਰੂ, ਬਾਦਸ਼ਾਹ ਦਰਵੇਸ਼, ਸਰਬੰਸਦਾਨੀ, ਨੀਲੇ ਦੇ ਸ਼ਾਹ ਅਸਵਾਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਪਹੁੰਚ ਕੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ। ਇਹ ਨਗਰ ਕੀਰਤਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਅਗਲੇ ਪੜਾਅ ਲਈ ਰਵਾਨਾ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ  ਦੀ ਅਗਵਾਈ ‘ਚ ਵਿਸ਼ਾਲ ਨਗਰ ਕੀਰਤਨ ਦੀ ਅਰੰਭਤਾ ਦੀ ਅਰਦਾਸ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨੇ ਕੀਤੀ ਉਪਰੰਤ ਪਵਿੱਤਰ ਹੁਕਮਨਾਮਾ ਲਿਆ। ਸਤਿਨਾਮੁ ਵਾਹਿਗਰੂ ਦਾ ਜਾਪੁ ਕਰਨ ਉਪਰੰਤ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨਚੀ ਸਿੰਘਾਂ ਨੂੰ ਪ੍ਰੋ: ਕਿਰਪਾਲ ਸਿੰਘ ਜੀ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿਰੋਪਾਓ ਦੇ ਕੇ ਦਸਮੇਸ਼ ਪਿਤਾ ਦੇ ਜਨਮ ਅਸਥਾਨ ਸ੍ਰੀ ਪਟਨਾ ਸਾਹਿਬ ਲਈ ਜੈਕਾਰਿਆਂ ਦੀ ਗੂੰਝ ਨਾਲ ਰਵਾਨਾ ਕੀਤਾ।
ਇਸ ਮੌਕੇ ‘ਤੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਹਿਬ-ਏ-ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਸੰਗਤਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਸੰਸਾਰ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਿਅਕਤੀਤਵ ਬਿਲਕੁਲ ਬੇਮਿਸਾਲ ਹੈ। ਗੁਰੂ ਸਾਹਿਬ ਨੇ ਖੁਦ ਆਪਣੀ ਆਤਮ ਕਥਾ ਲਿਖਦਿਆਂ ਦੱਸਿਆ ਹੈ ਕਿ ਦੁਸ਼ਟਤਾਈ ਤੇ ਦੰਭਤਾਈ ਦੂਰ ਕਰਕੇ ਸੱਚੇ ਧਰਮ ਦਾ ਪੰਥ ਉਜਾਗਰ ਕਰਨ ਦਾ ਕਾਰਜ ਉਨ੍ਹਾਂ ਨੂੰ ਅਕਾਲ ਪੁਰਖ ਵੱਲੋਂ ਸੌਂਪਿਆ ਗਿਆ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੱਛੜੇ ਸਮਾਜ ਦਾ ਉਧਾਰ ਕਰਦਿਆਂ ਅਜਿਹਾ ਇਨਕਲਾਬੀ ਪਲਟਾ ਲਿਆਂਦਾ ਜਿਸ ਨਾਲ ਸਦੀਆਂ ਦੇ ਦੱਬੇ-ਕੁਚਲੇ ਤੇ ਪਿਛਾਂਹ ਸੁੱਟੇ ਲੋਕ ਜਾਗ੍ਰਿਤ ਹੋ ਕੇ ਆਪਣੇ ਧਾਰਮਿਕ, ਸਮਾਜਿਕ ਅਤੇ ਰਾਜਸੀ ਅਧਿਕਾਰਾਂ ਹਿਤ ਸੰਘਰਸ਼ ਕਰਨ ਹਿਤ ਤਿਆਰ-ਬਰ-ਤਿਆਰ ਹੋ ਗਏ। ਫ਼ਤਿਹਗੜ੍ਹ ਸਾਹਿਬ ਦੀ ਇਤਿਹਾਸਕ ਧਰਤੀ ਤੇ ਗੁਰੂ ਸਾਹਿਬ ਦੇ ਦੋ ਛੋਟੇ-ਛੋਟੇ ਲਾਲ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਤੇ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁੱਜਰ ਕੌਰ ਜੀ ਨੇ ਧਰਮ ਦੀ ਖਾਤਿਰ ਆਪਾ ਕੁਰਬਾਨ ਕਰ ਦਿੱਤਾ ਪਰ ਮੁੱਖੋਂ ਸੀਅ ਨਹੀਂ ਉਚਾਰੀ। ਜਿਸ ਦੇ ਪ੍ਰਤੀਕਰਮ ਵਜੋਂ ਬਾਬਾ ਬੰਦਾ ਸਿੰਘ ਬਹਾਦਰ ਨੇ ਜ਼ਾਲਮ ਰਾਜ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ। ਦਸਮੇਸ਼ ਪਿਤਾ ਦੇ ਚਾਰੋ ਫ਼ਰਜ਼ੰਦ ਧਰਮ ਦੀ ਖਾਤਰ ਸ਼ਹਾਦਤਾਂ ਪਾ ਗਏ, ਪਰ ਸਿੱਖੀ ਕੇਸਾਂ ਸਵਾਸਾਂ ਸੰਗ ਨਿਭਾਈ ਤੇ ਜ਼ਾਲਮ ਮੁਗਲ ਹਕੂਮਤ ਦੀ ਈਨ ਨਹੀਂ ਮੰਨੀ। ਅੱਜ ਦੇ ਨੌਜਵਾਨ ਬੱਚੇ-ਬੱਚੀਆਂ ਨੂੰ ਸਿੱਖੀ ਸਿਦਕ ਨਿਭਾਉਣ ਲਈ ਇਨ੍ਹਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਆਓ ਸਾਰੇ ਸ਼ਹੀਦਾਂ ਦੇ ਖੂਨ ਨਾਲ ਰੰਗੀ ਇਸ ਇਤਿਹਾਸਕ ਪਵਿੱਤਰ ਧਰਤੀ ਨੂੰ ਝੁਕ-ਝੁਕ ਪ੍ਰਣਾਮ ਕਰੀਏ ਅਤੇ ਇਹ ਪ੍ਰਣ ਲਈਏ ਕਿ ਅੱਜ ਤੋਂ ਬਾਅਦ ਦਸਮ ਪਿਤਾ ਵੱਲੋਂ ਬਖਸ਼ੀ ਸਿੱਖੀ ਦੀ ਚੜ੍ਹਦੀ ਕਲਾ ਲਈ ਖੰਡੇ ਬਾਟੇ ਦੀ ਪਾਹੁਲ ਛਕ ਗੁਰੂ ਵਾਲੇ ਬਣਾਂਗੇ।  

ਫੁੱਲਾਂ ਨਾਲ ਸਜ਼ੀ ਪਾਲਕੀ ਸਾਹਿਬ ਵਾਲੀ ਗੱਡੀ ਵਿੱਚ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ ਤੇ ਪਿੱਛੇ-ਪਿੱਛੇ ਗੁਰੂ ਸਾਹਿਬ ਜੀ ਦੇ ਸ਼ਸਤਰਾਂ ਬਸਤਰਾਂ ਵਾਲੀ ਗੱਡੀ ਜਾ ਰਹੀ ਸੀ। ਜਿਸ ਵਿੱਚ ਮੀਰੀ-ਪੀਰੀ ਦੇ ਮਾਲਿਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸ਼ਸਤਰ ਅਤੇ ਚੋਲਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਸਤਰ ਅਤੇ ਹੱਥ ਲਿਖਤ ਪੋਥੀ ਸੁਸ਼ੋਭਿਤ ਸੀ। ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਿਕ ਹੋ ਕੇ ਅਤੇ ਸ਼ਸਤਰਾਂ-ਬਸਤਰਾਂ ਦੇ ਦਰਸ਼ਨ-ਦੀਦਾਰੇ ਕਰਕੇ ਨਿਹਾਲ ਹੋ ਰਹੀਆਂ ਸਨ। ਨਗਰ ਕੀਰਤਨ ਦੇ ਅੱਗੇ-ਅੱਗੇ ਨਗਾਰਚੀ ਸਿੰਘ ਚੜ੍ਹਦੀ ਕਲਾ ਦਾ ਪ੍ਰਤੀਕ ਨਗਾਰਾ ਵਜਾ ਰਹੇ ਸਨ। ਨਗਰ ਕੀਰਤਨ ‘ਚ ਧਾਰਮਿਕ ਸਭਾ ਸੁਸਾਇਟੀਆਂ, ਗੱਤਕਾ ਪਾਰਟੀਆਂ, ਮਾਤਾ ਗੁਜਰੀ ਕਾਲਜ ਫ਼ਤਿਹਗੜ੍ਹ ਸਾਹਿਬ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਵਿਦਿਆਰਥੀ, ਸਟਾਫ ਤੇ ਵੱਡੀ ਗਿਣਤੀ ‘ਚ ਸੰਗਤ ਨੇ ਸਤਿਨਾਮੁ ਵਾਹਿਗੁਰੂ ਦਾ ਜਾਪੁ ਕਰਦਿਆਂ ਹੋਇਆਂ ਸ਼ਮੂਲੀਅਤ ਕੀਤੀ।
 ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਇਤਿਹਾਸਕ ਧਰਤੀ ਤੋਂ ਰਵਾਨਾ ਹੋ ਕੇ ਨਗਰ-ਕੀਰਤਨ ਰਾਜਪੁਰਾ, ਸ਼ੰਭੂ ਬਾਰਡਰ, ਘਨੌਰ ਰੋਡ, ਮਰਦਾਂਪੁਰ, ਸੰਧਾਰਸੀ, ਨਨਹੇੜਾ, ਪਿੱਪਲ ਮੰਗੋਲੀ, ਕਾਮੀ ਕਲਾਂ, ਘਨੌਰ ਸ਼ਹਿਰ, ਘਨੌਰੀ ਖੇੜਾ, ਮਨਜੋਲੀ-ਮਾੜੂ ਖੱਬੇ ਹੱਥ, ਸਰਾਲਾ ਹੈਡ ਪੁਲ, ਕਪੂਰੀ, ਲੋਹ ਸਿੰਬਲੀ, ਗੁਰਦੁਆਰਾ ਬਾਦਸ਼ਾਹੀ ਬਾਗ, ਮਾਨਵ ਚੌਂਕ, ਮਟੇੜੀ ਅੱਡਾ ਤੋਂ ਖੱਬੇ ਹੱਥ, ਭਾਨੂ ਖੇੜੀ, ਲਖਨੌਰ ਸਾਹਿਬ, ਜਲਬੈੜਾ ਰੋਡ ਤੋਂ ਖੱਬੇ ਹੱਥ ਬਹਿਬਲਪੁਰ ਸੋਂਡਾ, ਸੈਕਟਰ ੮, ਅਗਰਸੈਨ ਚੌਂਕ, ਕਾਲਕਾ ਮੋੜ ਤੋਂ ਹੁੰਦਾ ਹੋਇਆ ਰਾਤ ਦਾ ਵਿਸ਼ਰਾਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਅੰਬਾਲਾ (ਹਰਿਆਣਾ) ਵਿਖੇ ਕਰੇਗਾ। ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ (ਹਰਿਆਣਾ) ਤੋਂ ਹੁੰਦਾ ਹੋਇਆ ਵਾਇਆ ਜਗਾਧਰੀ ਤੋਂ ਰਾਤ ਦਾ ਵਿਸ਼ਰਾਮ ਗੁਰਦੁਆਰਾ ਸ੍ਰੀ ਕਪਾਲ ਮੋਚਨ ਸਾਹਿਬ (ਹਰਿਆਣਾ) ਵਿਖੇ ਹੋਵੇਗਾ।
 ਇਸ ਮੌਕੇ ਸ. ਰਣਧੀਰ ਸਿੰਘ ਚੀਮਾ, ਸ. ਕਰਨੈਲ ਸਿੰਘ ਪੰਜੋਲੀ, ਸ. ਰਵਿੰਦਰ ਸਿੰਘ ਖਾਲਸਾ, ਸ. ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਡਾ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ. ਸਿਮਰਜੀਤ ਸਿੰਘ ਤੇ ਸ. ਚਾਨਣ ਸਿੰਘ ਤੇ ਸ. ਹਰਜੀਤ ਸਿੰਘ ਲਾਲੂਘੁੰਮਣ ਮੀਤ ਸਕੱਤਰ, ਸ. ਨੱਥਾ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ (ਸਰਹਿੰਦ), ਸ. ਕਰਮਜੀਤ ਸਿੰਘ ਤੇ ਸ. ਬਲਵਿੰਦਰ ਸਿੰਘ ਮੀਤ ਮੈਨੇਜਰ, ਸ. ਤੇਜਿੰਦਰ ਸਿੰਘ ਪੱਡਾ ਤੇ ਸ. ਸਤਨਾਮ ਸਿੰਘ ਇੰਚਾਰਜ, ਸ. ਗੁਰਮੀਤ ਸਿੰਘ ਚੀਮਾ, ਸ. ਗੁਰਜੀਤ ਸਿੰਘ ਚੀਮਾ ਚੇਅਰਮੈਨ ਵਰਿੰਦਰ ਸਿੰਘ ਸੋਢੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦਾ ਸਟਾਫ ਤੇ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।