ਅੰਮ੍ਰਿਤਸਰ, ੫ ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਗਰਾਉਂ ਨੇੜਲੇ ਪਿੰਡ ਸ਼ੇਰਪੁਰ ਖੁਰਦ ਦੇ ਗੁਰਦੁਆਰਾ ਸਾਹਿਬ ਵਿਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਉਪਕਰਨਾਂ ਨੂੰ ਲਗਾਤਾਰ ਚੱਲਦੇ ਰੱਖਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਵੀ ਅਜਿਹੀ ਅਣਗਹਿਲੀ ਦਾ ਨਤੀਜਾ ਹੈ ਅਤੇ ਜੇਕਰ ਪ੍ਰਬੰਧਕੀ ਸੂਝ-ਬੂਝ ਦਿਖਾਈ ਜਾਵੇ ਤਾਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਰੁਕ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਵਾਪਰਨ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਹਨ, ਜਿਨ੍ਹਾਂ ਦੀ ਰੋਕ ਲਈ ਸਥਾਨਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਿਜਲੀ ਉਪਕਰਨ ਲੋੜ ਅਨੁਸਾਰ ਚਲਾਉਣ ਦੀਆਂ ਅਪੀਲਾਂ ਦੇ ਬਾਵਜੂਦ ਵੀ ਪ੍ਰਬੰਧਕੀ ਅਣਗਹਿਲੀ ਚਿੰਤਾ ਦਾ ਵਿਸ਼ਾ ਹੈ। ਭਾਈ ਲੌਂਗੋਵਾਲ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਅਜਿਹੀਆਂ ਘਟਨਾਵਾਂ ਰੋਕਣ ਲਈ ਸਹਿਯੋਗ ਦੇਣ।