ਅੰਮ੍ਰਿਤਸਰ : 26 ਜੂਨ (        ) ਸ਼ੇਰਿ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 177ਵੀਂ ਬਰਸੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ-ਭਾਵਨਾ ਨਾਲ ਮਨਾਈ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ੍ਰ: ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ 26 ਜੂਨ 2016 ਐਤਵਾਰ ਨੂੰ ਸਵੇਰੇ 9:00 ਵਜੇ ਤੋਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 28 ਜੂਨ 2016 ਦਿਨ ਮੰਗਲਵਾਰ ਨੂੰ ਸਵੇਰੇ 9:00 ਵਜੇ ਪਾਏ ਜਾਣਗੇ। ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਕਰਨ ਉਪਰੰਤ ਪੰਥ ਪ੍ਰਸਿੱਧ ਢਾਡੀ ਜਥਿਆਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਜੀ ਦੀ ਸੂਰਬੀਰਤਾ ਦੀਆਂ ਵਾਰਾਂ ਗਾ ਕੇ ਉਨ੍ਹਾਂ ਦੇ ਜੀਵਨ ਤੇ ਚਾਨਣਾ ਪਾਇਆ ਜਾਵੇਗਾ।