ਅੰਮ੍ਰਿਤਸਰ, 10 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 28 ਸਤੰਬਰ ਨੂੰ ਰੱਖੇ ਗਏ ਬਜਟ ਇਜਲਾਸ ਸਬੰਧੀ ਤਿਆਰੀਆਂ ਜਾਰੀ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਮੈਂਬਰਾਂ ਨੂੰ ਬਜਟ ਸਮਾਗਮ ’ਚ ਸ਼ਾਮਲ ਹੋਣ ਲਈ ਸਕੱਤਰ ਸ. ਮਹਿੰਦਰ ਸਿੰਘ ਆਹਲੀ ਵੱਲੋਂ ਪੱਤਰ ਜਾਰੀ ਕਰ ਦਿੱਤੇ ਗਏ ਹਨ ਅਤੇ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ ਹਰ ਸਾਲ ਮਾਰਚ ਮਹੀਨੇ ਵਿਚ ਰੱਖਿਆ ਜਾਂਦਾ ਹੈ, ਪਰੰਤੂ ਇਸ ਵਾਰ ਕੋਰੋਨਾ ਕਾਰਨ ਸੰਭਵ ਨਹੀਂ ਹੋ ਸਕਿਆ ਸੀ। ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਹੁਣ ਇਹ ਬਜਟ ਇਜਲਾਸ 28 ਸਤੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1:00 ਵਜੇ ਹੋਵੇਗਾ। ਭਾਈ ਲੌਂਗੋਵਾਲ ਅਨੁਸਾਰ ਬਜਟ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ, ਟਰੱਸਟ ਫੰਡ, ਵਿਦਿਆ ਫੰਡ, ਧਰਮ ਪ੍ਰਚਾਰ ਕਮੇਟੀ, ਵਿਦਿਅਕ ਅਦਾਰੇ, ਪ੍ਰਿੰਟਿ੍ਰੰਗ ਪੈ੍ਰੱਸਾਂ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਆਦਿ ਦਾ ਬਜਟ ਪੇਸ਼ ਹੋਵੇਗਾ। ਉਨ੍ਹਾਂ ਆਖਿਆ ਕਿ ਇਜਲਾਸ ਦੌਰਾਨ ਸਿਹਤ ਵਿਭਾਗ ਅਤੇ ਸਰਕਾਰਾਂ ਵੱਲੋਂ ਜਾਰੀ ਨਿਰਦੇਸ਼ਾਂ ਦਾ ਪਾਲਣ ਕੀਤਾ ਜਾਵੇਗਾ ਅਤੇ ਸੁਰੱਖਿਆ ਦੇ ਹਰ ਪਹਿਲੂ ਨੂੰ ਯਕੀਨੀ ਬਣਾਇਆ ਜਾਵੇਗਾ।