ਅੰਮ੍ਰਿਤਸਰ, 22 ਅਪ੍ਰੈਲ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਮਾਝਾ ਖੇਤਰ ਵਿਚ ਪੈਂਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਇਕੱਤਰਤਾ ਕਰਕੇ ਜਿਥੇ ਪ੍ਰਬੰਧਕੀ ਨਿਰਦੇਸ਼ ਦਿੱਤੇ, ਉਥੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਵੱਧ ਤੋਂ ਵੱਧ ਸੰਗਤਾਂ ਨੂੰ ਜਾਗਰੂਕ ਕਰਨ ਦੀ ਪ੍ਰੇਰਣਾ ਕੀਤੀ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਅਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਗੁਰੂ ਘਰਾਂ ਅੰਦਰ ਸਾਫ ਸਫਾਈ ਅਤੇ ਸੰਗਤੀ ਸਹੂਲਤਾਂ ਵੱਲ ਉਚੇਚਾ ਧਿਆਨ ਦੇਣ ਲਈ ਕਿਹਾ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪ੍ਰੇਰਣਾ ਕੀਤੀ ਕਿ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਦਾ ਸੰਗਤ ਨਾਲ ਸਿੱਧਾ ਰਾਬਤਾ ਹੁੰਦਾ ਹੈ ਅਤੇ ਉਹ ਸੰਗਤ ਨੂੰ 550ਵੇਂ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਵੱਖ-ਵੱਖ ਸਮਾਗਮਾਂ ਵਿਚ ਭਰਪੂਰ ਸ਼ਮੂਲੀਅਤ ਕਰਨ ਲਈ ਪ੍ਰੇਰਤ ਕਰਨ।
ਇਸ ਤੋਂ ਇਲਾਵਾ ਹਰ ਗੁਰਦੁਆਰਾ ਸਾਹਿਬ ਅੰਦਰ ਮਹੀਨੇ ਵਿਚ ਇਕ ਗੁਰਮਤਿ ਸਮਾਗਮ ਕਰਵਾਇਆ ਜਾਵੇ ਅਤੇ ਸਵੇਰੇ ਸ਼ਾਮ ਕੀਤੀ ਜਾਣ ਵਾਲੀ ਕਥਾ ਦੌਰਾਨ ਵੀ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੰਗਤ ਨੂੰ ਜਾਗਰੂਕ ਕੀਤਾ ਜਾਵੇ। ਇਸ ਮੌਕੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਸਾਰੇ ਸਟਾਫ ਸਮੇਤ ਗੁਰੂ ਘਰਾਂ ਅੰਦਰ ਤਨਦੇਹੀ ਨਾਲ ਸੇਵਾ ਨਿਭਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਅਤੇ ਵਾਤਾਵਰਨ ਦੀ ਸਾਂਭ-ਸੰਭਾਲ ਲਈ ਵੀ ਉਚੇਚੇ ਯਤਨ ਕਰਨ ਲਈ ਵੀ ਆਖਿਆ। ਇਸ ਮੌਕੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਵੱਲੋਂ ਵੀ ਪ੍ਰਬੰਧਾਂ ਸਬੰਧੀ ਆਪਣੇ ਪੇਸ਼ ਕੀਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਮੈਨੇਜਰ ਸ. ਗੁਰਪ੍ਰੀਤ ਸਿੰਘ ਰੋਡੇ, ਸ. ਗੁਰਤਿੰਦਰਪਾਲ ਸਿੰਘ, ਸ. ਸਤਨਾਮ ਸਿੰਘ ਰਿਆੜ, ਸ. ਸਤਬੀਰ ਸਿੰਘ, ਸ. ਜਗਦੀਸ਼ ਸਿੰਘ ਬੁੱਟਰ, ਸ. ਜਗਜੀਤ ਸਿੰਘ, ਸ. ਜਰਮਨ ਸਿੰਘ, ਸ. ਰਣਜੀਤ ਸਿੰਘ ਕਲਿਆਣਪੁਰ, ਸ. ਕੁਲਦੀਪ ਸਿੰਘ, ਸ. ਲਾਲ ਸਿੰਘ, ਸ. ਜਗੀਰ ਸਿੰਘ, ਸ. ਬਖ਼ਸ਼ੀਸ਼ ਸਿੰਘ, ਸ. ਹਰਦੀਪ ਸਿੰਘ, ਸ. ਬਲਜੀਤ ਸਿੰਘ ਆਦਿ ਮੌਜੂਦ ਸਨ।