ਅੰਮ੍ਰਿਤਸਰ 29 ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹਿਰ ਦੀਆਂ ਸਿੱਖ ਸੰਸਥਾਵਾਂ, ਸਭਾ ਸੁਸਾਇਟੀਆਂ, ਪ੍ਰਮੁੱਖ ਸ਼ਖਸੀਅਤਾਂ ਤੇ ਸੰਗਤਾਂ ਨਾਲ ਮਿਲਕੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਵਿਲੱਖਣ ਢੰਗ ਨਾਲ ਮਨਾਉਣ ਲਈ ਆਰੰਭੇ ਗਏ ਯਤਨਾਂ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਤੇ ਸ. ਮਨਜੀਤ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਵੱਲੋਂ ਮਨੁੱਖਤਾ ਦੀ ਸੇਵਾ ਵਿਚ ਜੁੱਟੀਆਂ ਮਹਾਨ ਸੰਸਥਾਵਾਂ ਭਗਤ ਪੂਰਨ ਸਿੰਘ ਪਿੰਗਲਵਾੜਾ, ਸੈਂਟਰਲ ਖਾਲਸਾ ਯਤੀਮਖਾਨਾ ਪੁਤਲੀਘਰ ਅਤੇ ਬੀਬੀ ਭਾਨੀ ਜੀ ਨੇਤਰਹੀਣ ਵਿਦਿਆਲਾ ਛੇਹਰਟਾ ਸਾਹਿਬ ਵਿਖੇ ਪਹੁੰਚ ਕੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਨਿੱਘੇ ਸੱਦੇ ਦਿੱਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਕਿਰਨਜੋਤ ਕੌਰ ਤੇ ਸ. ਅਜਾਇਬ ਸਿੰਘ ਅਭਿਆਸੀ ਅਤੇ ਸ. ਸਕੱਤਰ ਸਿੰਘ ਮੀਤ ਸਕੱਤਰ ਵੀ ਮੌਜੂਦ ਸਨ।
ਭਗਤ ਪੂਰਨ ਸਿੰਘ ਪਿੰਗਲਵਾੜਾ ਦੇ ਮਾਨਾਂਵਾਲਾ ਕੰਪਲੈਕਸ ਵਿਖੇ ਅੱਜ ਮਨਾਏ ਗਏ ‘ਇੰਟਰਨੈਸ਼ਨਲ ਡੈਫ ਡੇ’ ਮੌਕੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਅਧਿਕਾਰੀਆਂ ਨੇ ਇਨ੍ਹਾਂ ਸੰਸਥਾਵਾਂ ਦੇ ਬੱਚਿਆਂ ਨੂੰ ਲੱਡੂਆਂ ਦਾ ਪ੍ਰਸ਼ਾਦ ਵੰਡਿਆ ਅਤੇ ਪਿਆਰ ਦਿੱਤਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਪਿੰਗਲਾਵਾੜਾ ਸੰਸਥਾ ਵੱਲੋਂ ਮਨੁੱਖਤਾ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਵਿਚ ਹਿੱਸਾ ਲੈਣ ਦਾ ਸੱਦਾ ਵੀ ਦਿੱਤਾ। ਪਿੰਗਲਵਾੜਾ ਸੰਸਥਾ ਦੀ ਮੁਖੀ ਡਾ. ਇੰਦਰਜੀਤ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਕੀਤੇ ਜਾ ਰਹੇ ਇਹ ਯਤਨ ਬਹੁਤ ਹੀ ਸ਼ਲਾਘਾਯੋਗ ਹਨ ਜੋ ਸਮਾਜ ਨੂੰ ਸੇਧ ਦੇਣ ਵਾਲਾ ਵਧੀਆ ਉਪਰਾਲਾ ਹੈ।ਉਨ੍ਹਾਂ ਕਿਹਾ ਕਿ ਚੌਥੇ ਪਾਤਸ਼ਾਹ ਜੀ ਦੀਆਂ ਬਖਸ਼ਿਸ਼ਾਂ ਦੇ ਭਾਗੀ ਬਣਨ ਲਈ ਉਨ੍ਹਾਂ ਦੇ ਉਪਦੇਸ਼ਾਂ ਨੂੰ ਜੀਵਨ ਅੰਦਰ ਕਮਾਉਣਾ ਬੇਹੱਦ ਜ਼ਰੂਰੀ ਹੈ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਸੈਂਟਰਲ ਖਾਲਸਾ ਯਤੀਮਖਾਨਾ ਦੇ ਬੱਚਿਆਂ ਨੂੰ ਵੀ ਸੰਬੋਧਨ ਕੀਤਾ ਅਤੇ ਲੱਡੂਆਂ ਦਾ ਪ੍ਰਸ਼ਾਦ ਵੰਡਿਆ। ਇਸ ਮੌਕੇ ਡਾ. ਰੂਪ ਸਿੰਘ ਨੇ ੬ ਅਕਤੂਬਰ ਨੂੰ ਕਰਵਾਏ ਜਾਣ ਵਾਲੇ ਰਾਗ ਦਰਬਾਰ ਦੀ ਸ਼ੁਰੂਆਤ ਸੈਂਟਰਲ ਖਾਲਸਾ ਯਤੀਮਖਾਨਾ ਦੇ ਬੱਚਿਆਂ ਤੋਂ ਕਰਵਾਉਣ ਲਈ ਸੱਦਾ ਦਿੱਤਾ ਜਿਸ ‘ਤੇ ਖਾਲਸਾ ਯਤੀਮਖਾਨਾ ਦੇ ਪ੍ਰਬੰਧਕਾਂ ਨੇ ਬੇਹੱਦ ਖੁਸ਼ੀ ਜ਼ਾਹਰ ਕੀਤੀ ਅਤੇ ਇਹ ਮਾਣ ਦੇਣ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਵੀ ਕੀਤਾ। ਇਥੇ ਮੌਜੂਦ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਖਾਲਸਾ ਯਤੀਮਖਾਨਾ ਦੇ ਮੈਂਬਰ ਇੰਚਾਰਜ ਬੀਬੀ ਕਿਰਨਜੋਤ ਕੌਰ ਨੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਅੰਦਰ ਸਫਾਈ ਅਤੇ ਦੀਪਮਾਲਾ ਪ੍ਰਤੀ ਚੇਤਨਾ ਪੈਦਾ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਸੰਯੁਕਤ ਉਪਰਾਲਿਆਂ ਲਈ ਪ੍ਰੇਰਿਤ ਕਰਨਾ ਸ਼੍ਰੋਮਣੀ ਕਮੇਟੀ ਦਾ ਇਤਿਹਾਸਕ ਕਦਮ ਹੈ।
ਇਸ ਮੌਕੇ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਸਕੱਤਰ ਸਿੰਘ ਮੀਤ ਸਕੱਤਰ, ਬੀਬੀ ਸਵਿੰਦਰ ਕੌਰ, ਸ. ਮਨਜੀਤ ਸਿੰਘ ਵਿਰਕ, ਬੀਬੀ ਜਸਵਿੰਦਰ ਕੌਰ ਮਾਹਲ, ਸ. ਮਹਿੰਦਰ ਸਿੰਘ, ਸ. ਮੋਹਨ ਸਿੰਘ ਤੇ ਸ. ਰਵਿੰਦਰ ਸਿੰਘ ਆਦਿ ਹਾਜ਼ਰ ਸਨ।