ਅੰਮ੍ਰਿਤਸਰ, ੨੧ ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਬੰਤਾ ਸਿੰਘ ਮੁੰਡਾਪਿੰਡ ਨੂੰ ਸਨਮਾਨਿਤ ਕੀਤਾ ਗਿਆ। ਉਹ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਨ ਮਗਰੋਂ ਸ਼੍ਰੋਮਣੀ ਕਮੇਟੀ ਦਫ਼ਤਰ ਆਏ ਸਨ। ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਰੋਜ਼ਾਨਾ ਪਾਵਨ ਹੁਕਮਨਾਮੇ ਦੀ ਕਥਾ ਸੇਵਾ ਵੱਖ-ਵੱਖ ਕਥਾਵਾਚਕਾਂ ਵੱਲੋਂ ਨਿਭਾਈ ਜਾਂਦੀ ਹੈ। ਭਾਈ ਬੰਤਾ ਸਿੰਘ ਨੂੰ ਸਨਮਾਨਿਤ ਕਰਨ ਮੌਕੇ ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕਾਰਜ ਸਿੰਘ, ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਅਤੇ ਹੋਰ ਮੌਜੂਦ ਸਨ।