ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੀ ਤੌਹੀਨ ਕਰਨ ਦਾ ਮਾਮਲਾ

ਅੰਮ੍ਰਿਤਸਰ, 19 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੇ ਐਮਾਜ਼ੋਨ ਕੰਪਨੀ ਵੱਲੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਕ ਮਾਮਲੇ ਵਿਚ ਸਖ਼ਤ ਨੋਟਿਸ ਲਿਆ ਹੈ। ਇਹ ਮਾਮਲਾ ਕੰਪਨੀ ਵੱਲੋਂ ਆਪਣੀ ਵੈੱਬਸਾਈਟ ‘ਤੇ ਫਿਲੀਫੋਮ ਯੂਨੀਵਰਸਲ ਟਾਇਲਟ ਸੀਟ ਦੀ ਵਿਕਰੀ ਲਈ ਨਸ਼ਰ ਕੀਤੀ ਇਕ ਤਸਵੀਰ ਵਿਚ ਸੀਟ ਉੱਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਵਾਲੇ ਮੈਟ ਦਿਖਾਉਣ ਨਾਲ ਸਬੰਧਤ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ‘ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਐਮਾਜ਼ੋਨ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਐਮਾਜ਼ੋਨ ਕੰਪਨੀ ਦੀ ਇਹ ਹਰਕਤ ਸਿੱਖ ਹਿਰਦਿਆਂ ਨੂੰ ਸੱਟ ਮਾਰਨ ਵਾਲੀ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਧਿਆਤਮਕਾ ਸ਼ਕਤੀ ਦਾ ਅਮੁੱਕ ਸੋਮਾ ਹੈ, ਜਿਥੇ ਰੋਜ਼ਾਨਾ ਲੱਖਾਂ ਸ਼ਰਧਾਲੂ-ਯਾਤਰੂ ਆਪਣੀ ਆਤਮਿਕ-ਸੰਸਾਰਿਕ ਮਨੋਕਾਮਨਾਵਾਂ ਦੀ ਪੂਰਤੀ ਕਰਦੀਆਂ ਹਨ। ਐਮਾਜ਼ੋਨ ਕੰਪਨੀ ਦੀ ਇਸ ਘਨਾਉਣੀ ਹਰਕਤ ਨਾਲ ਵਿਸ਼ਵ ਭਰ ਵਿਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਹੀ ਕੇਵਲ ਠੇਸ ਨਹੀਂ ਪਹੁੰਚਾਈ, ਬਲਕਿ ਦੁਨੀਆਂ ਭਰ ਦੇ ਸ਼ਰਧਾਲੂਆਂ ਨੂੰ ਠੇਸ ਪਹੁੰਚੀ ਹੈ। ਕੰਪਨੀ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਪਾਸ ਪਰਚਾ ਵੀ ਦਰਜ਼ ਕਰਵਾਇਆ ਗਿਆ ਹੈ ਤਾਂ ਕਿ ਕੰਪਨੀ ‘ਤੇ ਸਖ਼ਤ ਕਾਰਵਾਈ ਹੋ ਸਕੇ। ਉਨ੍ਹਾਂ ਦੱਸਿਆ ਕਿ ਕੰਪਨੀ ਨੂੰ ਕਾਨੂੰਨੀ ਨੋਟਿਸ ਦੇ ਦਿੱਤਾ ਗਿਆ ਹੈ, ਜਿਸ ਵਿਚ ਇਹ ਵਿਵਾਦਤ ਉਤਪਾਦ ਹਟਾਉਣ ਲਈ ਅਤੇ ਸਿੱਖ ਜਗਤ ਤੋਂ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੰਪਨੀ ਅਜਿਹਾ ਨਹੀਂ ਕਰਦੀ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਕੰਪਨੀ ਵਿਰੁੱਧ ਸਿਵਲ ਅਤੇ ਫ਼ੌਜਦਾਰੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਮੁੱਖ ਸਕੱਤਰ ਨੇ ਦੱਸਿਆ ਕਿ ਉਕਤ ਵਿਦੇਸ਼ੀ ਕੰਪਨੀ ਹੈ, ਵਿਰੁੱਧ ਕਾਰਵਾਈ ਕਰਨ ਲਈ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਵੀ ਸ਼੍ਰੋਮਣੀ ਕਮੇਟੀ ਵੱਲੋਂ ਇਕ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਐਮਾਜ਼ੋਨ ਦੀ ਇਸ ਹਰਕਤ ਨਾਲ ਸਿੱਖ ਭਾਈਚਾਰੇ ਦੇ ਨਾਲ ਨਾਲ ਸਮੁੱਚੀ ਮਾਨਵਤਾ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ ਕਿਉਂਕਿ ਮਨੁੱਖਤਾ ਦੇ ਸਰਬਸਾਂਝੇ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੀ ਤੌਹੀਨ ਦੁਨੀਆਂ ਅੰਦਰ ਵੱਸਦਾ ਕੋਈ ਵੀ ਮਨੁੱਖ ਬਰਦਾਸ਼ਤ ਨਹੀਂ ਕਰ ਸਕਦਾ। ਮੁੱਖ ਸਕੱਤਰ ਨੇ ਕਿਹਾ ਕਿ ਸਰਕਾਰਾਂ ਨੂੰ ਵੀ ਅਜਿਹੀਆਂ ਕੰਪਨੀਆਂ ‘ਤੇ ਲਗਾਤਾਰ ਨਿਗ੍ਹਾ ਰੱਖਣੀ ਚਾਹੀਦੀ ਹੈ ਅਤੇ ਅਜਿਹਾ ਕਰਨ ਵਾਲੀਆਂ ਕੰਪਨੀਆਂ ‘ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਉਣੀ ਚਾਹੀਦੀ ਹੈ।