ਸ੍ਰੀ ਫ਼ਤਹਿਗੜ੍ਹ ਸਾਹਿਬ, 2 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੱਜ ਇਥੇ ਕਿਹਾ ਕਿ ਸ. ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਟਰੱਸਟਾਂ ਵਿਚ ਮੁਲਾਜਮਾਂ ਵੱਲੋਂ ਦੋਹਰੀ ਤਨਖਾਹ ਲੈਣ ਦੇ ਉਠਾਏ ਗਏ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਲਦੀ ਹੀ ਇੱਕ ਕਮੇਟੀ ਬਣਾ ਦਿੱਤੀ ਜਾਵੇਗੀ। ਪ੍ਰੋ. ਬਡੂੰਗਰ ਨੇ ਆਖਿਆ ਕਿ ਇਸ ਮਾਮਲੇ ਬਾਰੇ ਸ. ਮਾਨ ਵੱਲੋਂ ਉਨ੍ਹਾਂ ਨੂੰ ਕੱਲ੍ਹ ਹੀ ਪੱਤਰ ਪ੍ਰਾਪਤ ਹੋਇਆ ਹੈ, ਜਿਸ ਸਬੰਧੀ ਉਹ ਸਬ-ਕਮੇਟੀ ਰਾਹੀਂ ਰਿਪੋਰਟ ਪ੍ਰਾਪਤ ਕਰਨਗੇ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਅਧੀਨ ਕਾਰਜਸ਼ੀਲ ਸਾਰੇ ਟਰੱਸਟਾਂ ਦੇ ਸਕੱਤਰ ਸ਼੍ਰੋਮਣੀ ਕਮੇਟੀ ਦੇ ਸਕੱਤਰਾਂ ਤੇ ਐਡੀਸ਼ਨਲ ਸਕੱਤਰਾਂ ਵਿਚੋਂ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਇਸ ਫੈਸਲੇ ਨੂੰ ਲਾਗੂ ਵੀ ਕਰ ਦਿੱਤਾ ਗਿਆ ਹੈ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰਾਂ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਕਿਹਾ ਕਿ ਸਰਕਾਰਾਂ ਪਾਸ ਜਾਂਚ ਏਜੰਸੀਆਂ ਦਾ ਇੱਕ ਵੱਡਾ ਤੰਤਰ ਹੈ ਇਸ ਲਈ ਉਨ੍ਹਾਂ ਨੂੰ ਸੰਜੀਦਾ ਪਹੁੰਚ ਅਪਣਾਉਣ ਦੀ ਜ਼ਰੂਰਤ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਤਾਂ ਕੇਵਲ ਚੇਤੰਨਤਾ ਹੀ ਫੈਲਾਅ ਸਕਦੀ  ਹੈ। ਸ. ਮਨਪ੍ਰੀਤ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਕਮੇਟੀ ਸਬੰਧੀ ਦਿੱਤੇ ਬਿਆਨ ‘ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਉਸ ਦਾ ਇਹ ਬਿਆਨ ਬਿਲਕੁਲ ਨਿਰਮੂਲ ਹੈ ਅਤੇ ਸ਼੍ਰੋਮਣੀ ਕਮੇਟੀ ਕਿਸੇ ਦੇ ਵੀ ਪ੍ਰਭਾਵ ਅਧੀਨ ਨਹੀਂ ਹੈ।
ਇਸ ਮੌਕੇ ਸ. ਦੀਦਾਰ ਸਿੰਘ ਭੱਟੀ, ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ ਵਿਧਾਇਕ, ਸ. ਦਰਬਾਰਾ ਸਿੰਘ ਗੁਰੂ, ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ. ਅਤਵਾਰ ਸਿੰਘ ਰਿਆ, ਸ. ਰਵਿੰਦਰ ਸਿੰਘ ਖ਼ਾਲਸਾ, ਬੀਬੀ ਪਰਮਜੀਤ ਕੌਰ ਲਾਂਡਰਾਂ, ਸ. ਰਣਜੀਤ ਸਿੰਘ ਲਿਬੜਾ, ਸ. ਕਰਨੈਲ ਸਿੰਘ ਪੰਜੋਲੀ, ਬੀਬੀ ਰਣਜੀਤ ਕੌਰ ਮਾਹਲ, ਸ. ਜਰਨੈਲ ਸਿੰਘ ਕਰਤਾਰਪੁਰ, ਡਾ. ਪਰਮਜੀਤ ਸਿੰਘ ਸਰੋਆ, ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਨੱਥਾ ਸਿੰਘ ਆਦਿ ਹਾਜ਼ਰ ਸਨ।