ਭਾਈ ਲੌਂਗੋਵਾਲ, ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਰਘਬੀਰ ਸਿੰਘ ਤੇ ਬਾਬਾ ਲੱਖਾ ਸਿੰਘ ਨੇ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, 24 ਫ਼ਰਵਰੀ-
ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਜਰਾਤ ਸਰਕਾਰ ਵੱਲੋਂ ਅਹਿਮਦਾਬਾਦ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਾਬਾ ਲੱਖਾ ਸਿੰਘ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ।  ਸਮਾਗਮ ਵਿਚ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਉਸ ਸਮੇਂ ਹੋਇਆ, ਜਿਸ ਸਮੇਂ ਦੁਨੀਆਂ ਵਿਚ ਕੂੜਤਾ ਤੇ ਜਾਤ ਪਾਤ ਦੀਆਂ ਵੰਡੀਆਂ ਵਿਚ ਸਮਾਜ ਵੰਡਿਆਂ ਹੋਇਆ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਾਤ ਪਾਤ ਤੇ ਧਰਮ ਤੋਂ ਉਪਰ ਉੱਠ ਕੇ ਜੀਵਨ ਬਤੀਤ ਕਰਨ ਦੀ ਸਿੱਖਿਆ ਦਿੱਤੀ। ਉਨ੍ਹਾਂ ਕਿਹਾ ਕਿ ਰੱਬ ਇਕ ਹੈ ਅਤੇ ਉਹ ਹਰ ਇਨਸਾਨ ਵਿਚ ਵੱਸਦਾ ਹੈ। ਸਿੰਘ ਸਾਹਿਬ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੀ ਜ਼ਿੰਦਗੀ ਵਿਚ ਗ੍ਰਹਿਣ ਕਰਨ ਦੀ ਪ੍ਰੇਰਣਾ ਦਿੱਤੀ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਉਣ ’ਤੇ ਗੁਜਰਾਤ ਸਰਕਾਰ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਭਾਈ ਲੌਂਗੋਵਾਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਪੂਰੀ ਦੁਨੀਆਂ ਵਿਚ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਵਿਚ ਨੈਤਿਕ ਕਦਰਾਂ ਕੀਮਤਾਂ ਨੂੰ ਵਿਸ਼ੇਸ਼ ਮਹੱਤਵ ਦਿੱਤਾ ਹੈ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਨੂੰ ਦੁਨੀਆਂ ਦੇ ਕੋਨੇ ਕੋਨੇ ਵਿਚ ਫੈਲਾਅ ਰਹੀ ਹੈ।  ਭਾਈ ਲੌਂਗੋਵਾਲ ਨੇ ਗੁਜਰਾਤ ਦੀ ਸੰਗਤ ਨੂੰ ਨਵੰਬਰ 2019 ਵਿਚ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਵੀ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਘੱਟਗਿਣਤੀ ਕਮਿਸ਼ਨ ਗੁਜਰਾਤ ਅਤੇ ਗੁਰਮਤਿ ਸਮਾਗਮ ਦੀ ਕਨਵੀਨਰ ਬੀਬੀ ਪਰਮਜੀਤ ਕੌਰ ਛਾਬੜਾ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਬਾਬਾ ਲੱਖਾ ਸਿੰਘ ਸਮੇਤ ਭਾਰੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ।