ਸ਼੍ਰੋਮਣੀ ਕਮੇਟੀ ਮੈਂਬਰਾਂ, ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ, ਧਾਰਮਿਕ ਅਧਿਆਪਕਾਂ, ਪ੍ਰਚਾਰਕਾਂ, ਢਾਡੀਆਂ, ਕਵੀਸ਼ਰਾਂ ਅਤੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ


unnamed-1ਅੰਮ੍ਰਿਤਸਰ 30 ਨਵੰਬਰ (             ) –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਸਕੂਲਾਂ/ਕਾਲਜਾਂ ਦੇ ਬੱਚੇ-ਬੱਚੀਆਂ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖ ਵਿਰਸੇ ਨਾਲ ਜੋੜਿਆ ਜਾਵੇਗਾ। ਇਸ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਤੇਜਾ ਸਿੰਘ ਸਮੁੰਦਰੀ ਹਾਲ, ਦਫਤਰ ਸ਼੍ਰੋਮਣੀ ਕਮੇਟੀ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ, ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ, ਧਾਰਮਿਕ ਅਧਿਆਪਕਾਂ, ਪ੍ਰਚਾਰਕਾਂ, ਢਾਡੀਆਂ, ਕਵੀਸ਼ਰਾਂ ਅਤੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਇਕੱਤਰਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ:ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਬੱਚੇ-ਬੱਚੀਆਂ ਤੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਲਈ ਜ਼ੋਰਦਾਰ ਮੁਹਿੰਮ ਵਿੱਢੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦੇ ਪਹਿਲੇ ਪੜਾਅ ਤਹਿਤ ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਕੂਲਾਂ/ਕਾਲਜਾਂ ਅੰਦਰ ਵਿਸ਼ੇਸ਼ ਧਾਰਮਿਕ ਪ੍ਰੋਗਰਾਮ ਉਲੀਕੇ ਗਏ ਹਨ। ਇਸ ਫੈਸਲੇ ਨੂੰ ਅਮਲ ਵਿਚ ਲਿਆਉਣ ਲਈ ਅਤੇ ਧਰਮ ਪ੍ਰਚਾਰ ਦੀ ਲਹਿਰ ਨੂੰ ਹੋਰ ਪ੍ਰਚੰਡ ਕਰਨ ਲਈ ਸ੍ਰੀ ਅੰਮ੍ਰਿਤਸਰ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਤਿੰਨ ਜ਼ੋਨ ਬਣਾਏ ਗਏ ਹਨ। ਅੰਮ੍ਰਿਤਸਰ ਜ਼ੋਨ ਦਾ ਹੈਡ ਕੁਆਟਰ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦਾ ਹੈਡ ਕੁਆਟਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਲਵੰਡੀ ਸਾਬੋ ਜ਼ੋਨ ਦਾ ਹੈਡ ਕੁਆਟਰ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏਗਾ। ਸ੍ਰੀ ਅੰਮ੍ਰਿਤਸਰ ਜੋਨ ਵਿੱਚ ਜ਼ਿਲ੍ਹਾ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਪਠਾਨਕੋਟ, ਫ਼ਿਰੋਜ਼ਪੁਰ ਤੇ ਮੋਗਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਜੋਨ ਵਿੱਚ ਹੁਸ਼ਿਆਰਪੁਰ, ਰੋਪੜ, ਨਵਾਂ ਸ਼ਹਿਰ, ਮੋਹਾਲੀ, ਸ੍ਰੀ ਫ਼ਤਹਿਗੜ੍ਹ ਸਾਹਿਬ, ਚੰਡੀਗੜ੍ਹ, ਲੁਧਿਆਣਾ ਤੇ ਹਿਮਾਚਲ ਪ੍ਰਦੇਸ਼ ਰਾਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਜੋਨ ਵਿੱਚ ਬਠਿੰਡਾ, ਮਾਨਸਾ, ਸੰਗਰੂਰ, ਬਰਨਾਲਾ, ਫਾਜਿਲਕਾ, ਪਟਿਆਲਾ, ਸ੍ਰੀ ਮੁਕਤਸਰ ਸਾਹਿਬ ਤੇ ਹਰਿਆਣਾ ਰਾਜ ਸ਼ਾਮਿਲ ਕੀਤੇ ਗਏ ਹਨ। ਉਨ੍ਹਾਂ ਪ੍ਰੋਗਰਾਮਾਂ ਦੀ ਰੂਪ ਰੇਖਾ ਦੱਸਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਫੈਸਲੇ ਅਨੁਸਾਰ ਸ਼੍ਰੋਮਣੀ ਗੁ: ਪ੍ਰ: ਕਮੇਟੀ ਦੇ ਮੈਂਬਰ ਸਾਹਿਬਾਨ, ਪ੍ਰਿੰਸੀਪਲ ਸਾਹਿਬਾਨ, ਧਾਰਮਿਕ ਟੀਚਰ, ਢਾਡੀ, ਕਵੀਸ਼ਰ ਪੰਜਾਬ ਦੇ ਸਾਰੇ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਜਪੁਜੀ ਸਾਹਿਬ ਦੀ ਬਾਣੀ ਦ੍ਰਿੜ੍ਹ ਕਰਵਾਉਣਗੇ। ਇਸ ਉਪਰੰਤ ਮਿਤੀ 22-12-2016 ਨੂੰ ਸਾਰੇ ਵਿਦਿਅਕ ਅਦਾਰਿਆਂ ਵਿੱਚ ਘੱਟੋ-ਘੱਟ ਇੱਕ ਲੱਖ ਵਿਦਿਆਰਥੀਆਂ ਪਾਸੋਂ ਜਪੁਜੀ ਸਾਹਿਬ ਦੇ ਪਾਠ ਸੰਗਤੀ ਰੂਪ ਵਿੱਚ ਕਰਵਾਏ ਜਾਣਗੇ।

ਅੱਜ ਅੰਮ੍ਰਿਤਸਰ ਜ਼ੋਨ ਦੇ ਪ੍ਰੋਗਰਾਮ ਦੀ ਵਿਉਂਤਬੰਦੀ ਲਈ ਸੱਦੀ ਗਈ ਇਕੱਤਰਤਾ ਮੌਕੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸਿੱਖ ਪਨੀਰੀ ਨੌਜਵਾਨੀ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ, ਸਿੱਖ ਇਤਿਹਾਸ ਤੇ ਸਿੱਖ ਵਿਰਾਸਤ ਨਾਲ ਜੋੜਨ ਲਈ ਵੱਡੇ ਉਪਰਾਲੇ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਦੀ ਇਹ ਪਹਿਲ ਰਹੇਗੀ ਕਿ ਗੁਰਦੁਆਰਾ ਸਾਹਿਬਾਨ ਦੀ ਬਿਹਤਰ ਸੇਵਾ-ਸੰਭਾਲ ਦੇ ਨਾਲ-ਨਾਲ ਧਰਮ ਪ੍ਰਚਾਰ ਵੱਲ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇ। ਇਸੇ ਤਹਿਤ ਹੀ ਅੱਜ ਦੀ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ, ਪ੍ਰਚਾਰਕ, ਢਾਡੀ ਅਤੇ ਵਿਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਬਿਹਤਰ ਇਕਸੁਰਤਾ ਇਸ ਮੁਹਿੰਮ ਨੂੰ ਸਫਲ ਕਰਨ ਵਿਚ ਵੱਡਾ ਰੋਲ ਅਦਾ ਕਰ ਸਕਦੀ ਹੈ। ਸਟੇਜ ਸਕੱਤਰ ਦੀ ਸੇਵਾ ਸ. ਸੁਖਦੇਵ ਸਿੰਘ ਭੂਰਾਕੋਹਨਾ ਨਿੱਜੀ ਸਕੱਤਰ ਨੇ ਨਿਭਾਈ।

unnamed-3ਪ੍ਰੋ: ਬਡੂੰਗਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਾਡੀ ਨੌਜਵਾਨੀ ਜੇਕਰ ਧਰਮ ਦੇ ਸਿਧਾਂਤ ਵਿਚ ਪ੍ਰਪੱਕ ਹੋਵੇਗੀ ਤਾਂ ਨਿਰਸੰਦੇਹ ਸਾਡਾ ਸਮਾਜ ਨਿੱਗਰ ਹੋਏਗਾ। ਉਨ੍ਹਾਂ ਕਿਹਾ ਕਿ ਬੱਚਿਆਂ ਅੰਦਰ ਧਰਮ ਦੇ ਸੰਸਕਾਰ ਪੈਦਾ ਕਰਨ ਲਈ ਸਾਡਾ ਇਤਿਹਾਸ ਅਗਵਾਈ ਕਰ ਸਕਦਾ ਹੈ ਇਸ ਲਈ ਬੱਚਿਆਂ ਅੰਦਰ ਇਤਿਹਾਸ ਦੇ ਅੰਸ਼ ਦ੍ਰਿੜ੍ਹ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਚੰਗੇ ਹੁਨਰਮੰਦ ਬਣਾਉਣ ਦੇ ਨਾਲ-ਨਾਲ ਚੰਗੇ ਮਨੁੱਖ ਬਣਾਉਣ ਲਈ ਵੀ ਇਸ ਸਬੰਧ ਵਿਚ ਸੁਚੇਤ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਸਾਡੀ ਅਕਸਰ ਚਿੰਤਾ ਰਹਿਣੀ ਹੈ ਕਿ ਬੱਚਿਆਂ ਅੰਦਰ ਅਧਾਰਮਿਕ ਪ੍ਰਵਿਰਤੀਆਂ ਵਧ ਰਹੀਆਂ ਹਨ ਪਰ ਉਨ੍ਹਾਂ ਨੂੰ ਇਸ ਵਿੱਚੋਂ ਕੱਢਣ ਲਈ ਸਾਡੇ ਯਤਨ ਕੀ ਹਨ? ਇਹ ਵੀ ਵੱਡਾ ਸਵਾਲ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮੋਢਿਆਂ ਤੇ ਕੌਮੀ ਭਵਿੱਖ ਉਸਰਨੇ ਹਨ। ਅੱਜ ਦੀ ਨੌਜਵਾਨੀ ਕੌਮੀ ਨੀਂਹ ਹੈ ਅਤੇ ਜੇਕਰ ਨੀਂਹ ਕਮਜ਼ੋਰ ਰਹਿ ਗਈ ਤਾਂ ਮਜ਼ਬੂਤ ਭਵਿੱਖ ਦੀ ਕਾਮਨਾ ਨਹੀਂ ਕਰ ਸਕਾਂਗੇ। ਇਸ ਲਈ ਅੱਜ ਦੇ ਬੱਚਿਆਂ ਅਤੇ ਨੌਜਵਾਨਾਂ ਦੇ ਜੀਵਨ ਅੰਦਰ ਗੁਰਬਾਣੀ ਅਤੇ ਇਤਿਹਾਸ ਦੀ ਸ਼ਮੂਲੀਅਤ ਜ਼ਰੂਰੀ ਹੈ।

ਉਨ੍ਹਾਂ ਦੱਸਿਆ ਕਿ ਉਲੀਕੇ ਗਏ ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁ: ਪ੍ਰ: ਕਮੇਟੀ ਵਲੋਂ ‘ਜਪੁਜੀ ਸਾਹਿਬ ਦੇ ਗੁਟਕੇ ਅਤੇ ਸਚਿੱਤਰ ਨਿੱਕੀਆਂ ਜਿੰਦਾਂ ਵੱਡਾ ਸਾਕਾ’ ਭੇਟਾ ਰਹਿਤ ਦਿੱਤੇ ਜਾਣਗੇ, ਤਾਂ ਜੋ ਨੌਜਵਾਨ ਬੱਚੇ-ਬੱਚੀਆਂ ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਹੋ ਗੁਰਬਾਣੀ ਨਾਲ ਜੁੜ ਸਕਣ।

ਇਸ ਮੌਕੇ ਭਾਈ ਰਾਮ ਸਿੰਘ ਅੰਤ੍ਰਿੰਗ ਮੈਂਬਰ, ਬੀਬੀ ਕਿਰਨਜੋਤ ਕੌਰ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਅਮਰਜੀਤ ਸਿੰਘ ਬੰਡਾਲਾ ਮੈਂਬਰ ਸ਼੍ਰੋਮਣੀ ਕਮੇਟੀ, ਸ. ਭਗਵਾਨ ਸਿੰਘ ਜੌਹਲ ਤੇ ਸ. ਅਵਤਾਰ ਸਿੰਘ ਵਣਵਾਲਾ ਮੈਂਬਰ ਧਰਮ ਪ੍ਰਚਾਰ ਕਮੇਟੀ, ਪ੍ਰਿੰਸੀਪਲ ਬੀਬੀ ਸਤਵੰਤ ਕੌਰ ਬਟਾਲਾ ਵੱਲੋਂ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਗਈ ਅਤੇ ਉਨ੍ਹਾਂ ਨੇ ਇਸ ਮੁਹਿੰਮ ਵਿਚ ਤਨੋ ਮਨੋ ਯੋਗਦਾਨ ਪਾਉਣ ਦਾ ਭਰੋਸਾ ਦਿਵਾਇਆ। ਸ. ਸੁਰਜੀਤ ਸਿੰਘ ਭਿੱਟੇਵਿਡ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ ਨੇ ਸਾਰੀਆਂ ਪਹੁੰਚੀਆਂ ਸ਼ਖਸੀਅਤਾਂ ਨੂੰ ਜੀ ਆਇਆਂ ਕਿਹਾ ਤੇ ਧੰਨਵਾਦ ਕੀਤਾ।

ਇਸ ਮੌਕੇ ਸ. ਬਲਵਿੰਦਰ ਸਿੰਘ ਸਿੰਘ ਵੇਈਂਪੂਈਂ ਅੰਤ੍ਰਿੰਗ ਮੈਂਬਰ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਸ਼ਿੰਗਾਰਾ ਸਿੰਘ ਲੋਹੀਆਂ, ਸ. ਰਜਿੰਦਰ ਸਿੰਘ ਮਹਿਤਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਅਮਰੀਕ ਸਿੰਘ ਸ਼ਾਹਪੁਰ, ਸ. ਬਿਕਰਮਜੀਤ ਸਿੰਘ ਕੋਟਲਾ, ਸ. ਅਮਰੀਕ ਸਿੰਘ ਵਿਛੋਆ, ਸ. ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਮਗਵਿੰਦਰ ਸਿੰਘ ਖਾਪੜਖੇੜੀ, ਸ. ਸੱਜਣ ਸਿੰਘ ਬੱਜੂਮਾਨ, ਸ. ਦਰਸ਼ਨ ਸਿੰਘ ਸ਼ੇਰ ਖਾਂ (ਸਾਰੇ ਮੈਂਬਰ ਸ਼੍ਰੋਮਣੀ ਕਮੇਟੀ), ਜਥੇਦਾਰ ਰਤਨ ਸਿੰਘ ਜਫਰਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ, ਸ. ਹਰਭਜਨ ਸਿੰਘ ਮਨਾਵਾਂ, ਸ. ਬਲਵਿੰਦਰ ਸਿੰਘ ਜੌੜਾ ਸਿੰਘਾ, ਸ. ਕੇਵਲ ਸਿੰਘ, ਡਾ. ਪਰਮਜੀਤ ਸਿੰਘ ਸਰੋਆ, ਸ. ਬਿਜੈ ਸਿੰਘ ਤੇ ਸ. ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਸ. ਜਗਜੀਤ ਸਿੰਘ ਤੇ ਸ. ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ, ਸ. ਗੁਰਨਾਮ ਸਿੰਘ ਸੁਪ੍ਰਿੰਟੈਂਡੈਂਟ ਤੇ ਸ. ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ ਆਦਿ ਮੌਜੂਦ ਸਨ।