ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਸੋਮਵਾਰ, ੧੬ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੮ ਅਪ੍ਰੈਲ, ੨੦੨੫ (ਅੰਗ: ੬੪੧)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਪਾਕਿ ਫੌਜੀਆਂ ਵੱਲੋਂ ਭਾਰਤੀ ਜਵਾਨਾਂ ਦੇ ਮ੍ਰਿਤਕ ਸਰੀਰਾਂ ਨਾਲ ਅਣਮਨੁੱਖੀ ਵਰਤਾਓ ਸਬੰਧੀ ਨਿਖੇਧੀ ਮਤਾ ਪਾਸ ਨੀਟ ਪ੍ਰੀਖਿਆ ਵਿਚ ਸਿੱਖ ਬੱਚਿਆਂ ਨੂੰ ਕੱਕਾਰਾਂ ਸਮੇਤ ਬੈਠਣ ਦੀ ਇਜਾਜਤ ਹੋਵੇ –ਭਾਈ ਅਮਰਜੀਤ ਸਿੰਘ ਚਾਵਲਾ

ਅੰਮ੍ਰਿਤਸਰ, 6 ਮਈ- ਸ. ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿਚ ਦਫਤਰ ਸ਼੍ਰੋਮਣੀ ਕਮੇਟੀ ਸ੍ਰੀ ਅੰਮ੍ਰਿਤਸਰ ਵਿਖੇ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ ਵਿਚ ਸੈਕਸ਼ਨ ੮੫ ਨਾਲ ਸਬੰਧਤ ਗੁਰਦੁਆਰਾ ਸਾਹਿਬਾਨ ਦੇ ਮਾਮਲੇ ਵਿਚਾਰੇ ਗਏ। ਇਸ ਤੋਂ ਇਲਾਵਾ ਪੰਥ ਦੇ ਕਈ ਸੰਜੀਦਾ ਮਸਲਿਆਂ ਸਬੰਧੀ ਵੀ ਵਿਚਾਰ-ਚਰਚਾ ਹੋਈ। ਮੀਟਿੰਗ ਉਪਰੰਤ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਵੱਖ-ਵੱਖ ਪ੍ਰੀਖਿਆਵਾਂ ਦੌਰਾਨ ਸਿੱਖ ਬੱਚਿਆਂ ਨੂੰ ਕਕਾਰਾਂ ਸਮੇਤ ਬੈਠਣ ਤੋਂ ਰੋਕਣ ਦੇ ਸਾਹਮਣੇ ਆ ਰਹੇ ਮਾਮਲਿਆਂ ਦੀ ਸਖਤ ਨਿੰਦਾ ਕੀਤੀ ਗਈ ਹੈ। ਭਾਈ ਚਾਵਲਾ ਨੇ ਕਿਹਾ ਕਿ ਇਹ ਰੁਝਾਨ ਮੰਦਭਾਗਾ ਹੈ ਅਤੇ ਇਹ ਧਾਰਮਿਕ ਅਜ਼ਾਦੀ ਦੇ ਅਧਿਕਾਰਾਂ ਦੀ ਉਲੰਘਣਾ ਹੈ। ਭਾਰਤੀ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਆਪਣੇ ਕਕਾਰ ਪਹਿਨਣ ਦੀ ਪੂਰੀ ਤਰ੍ਹਾਂ ਇਜਾਜ਼ਤ ਮਿਲੀ ਹੋਈ ਹੈ ਪਰ ਫਿਰ ਵੀ ਅਜਿਹਾ ਵਰਤਾਰਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਇਕੱਤਰਤਾ ਵਿਚ ਇਕ ਮਤਾ ਪਾਸ ਕਰਦਿਆਂ ਸੀ.ਬੀ.ਐਸ.ਈ. ਵੱਲੋਂ ਲਈ ਜਾਂਦੀ ਨੀਟ ਪ੍ਰੀਖਿਆ ਸਮੇਂ ਸਿੱਖ ਬੱਚਿਆਂ ਨੂੰ ਕਕਾਰ ਪਹਿਨ ਕੇ ਪ੍ਰੀਖਿਆ ਦੇਣ ਦੀ ਧਾਰਿਮਕ ਅਜ਼ਾਦੀ ਦੇ ਅਧਿਕਾਰ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਸ੍ਰੀ ਪ੍ਰਕਾਸ਼ ਜਾਵੇਡਕਰ ਅਤੇ ਸੀ.ਬੀ.ਐਸ.ਈ. ਦੇ ਚੇਅਰਮੈਨ ਸ੍ਰੀ ਰਕੇਸ਼ ਕੁਮਾਰ ਚਤੁਰਵੇਦੀ ਨੂੰ ਮਸਲੇ ਦਾ ਤੁਰੰਤ ਹੱਲ ਕੱਢਣ ਲਈ ਕਿਹਾ ਗਿਆ ਹੈ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਦੀਆਂ ਘਟਨਾਵਾਂ ਸਬੰਧੀ ਕਿਹਾ ਕਿ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਆਪਣੀਆਂ ਜਾਂਚ ਏਜੰਸੀਆਂ ਰਾਹੀਂ ਦੋਸ਼ੀਆਂ ਦਾ ਤੁਰੰਤ ਪਤਾ ਲਗਾ ਕੇ ਕਾਰਵਾਈ ਕਰਨ। ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨ ਫੌਜ ਵੱਲੋਂ ਭਾਰਤੀ ਫੌਜ ਦੇ ਜਵਾਨਾਂ ਜਿਨ੍ਹਾਂ ਵਿਚ ਇੱਕ ਸਿੱਖ ਜਵਾਨ ਨਾਇਬ ਸੂਬੇਦਾਰ ਸ. ਪਰਮਜੀਤ ਸਿੰਘ ਵੀ ਸ਼ਾਮਲ ਸੀ ਦੇ ਮ੍ਰਿਤਕ ਸਰੀਰਾਂ ਦੀ ਅਣਮਨੁੱਖੀ ਤਰੀਕੇ ਨਾਲ ਵੱਡ-ਟੁੱਕ ਕਰਨ ਦੀ ਅਨੈਤਿਕ ਕਾਰਵਾਈ ਦੀ ਨਿੰਦਾ ਕਰਦਿਆਂ ਨਿਖੇਧੀ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਅਗਲੇ ਕੁਝ ਦਿਨਾਂ ਵਿਚ ਸ਼ਹੀਦ ਸ. ਪਰਮਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਜਾਣਗੇ।
ਉਨ੍ਹਾਂ ਦੱਸਿਆ ਕਿ ਐਕਸਲ ਗਰੀਨ ਪ੍ਰਾਈਵੇਟ ਲਿਮਿਟਡ (ਨੋਇਡਾ) ਵਿਖੇ ਬਤੌਰ ਮੈਨੇਜਰ ਕੰਮ ਕਰਦੀ ਬੀਬੀ ਜਸਮੀਤ ਕੌਰ ਸੀ, ਜਿਸਦੀ ਕੰਪਨੀ ਦੇ ਦਫਤਰ ਨੂੰ ਅੱਗ ਲੱਗਣ ਸਮੇਂ ਦੂਸਰਿਆਂ ਦੀ ਜਾਨ ਬਚਾਉਂਦਿਆਂ ਮੌਤ ਹੋ ਗਈ ਸੀ, ਦੇ ਪਰਿਵਾਰ ਨੂੰ ਦੋ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸੇ ਤਰ੍ਹਾਂ ਸ. ਓਂਕਾਰ ਸਿੰਘ ਅਖੰਡਪਾਠੀ ਸ੍ਰੀ ਦਰਬਾਰ ਸਾਹਿਬ ਦੀ ਡਿਊਟੀ ਦੌਰਾਨ ਹੋਈ ਮੌਤ ਕਾਰਨ ਉਸਦੇ ਪਰਿਵਾਰ ਨੂੰ ਇੱਕ ਲੱਖ ਰੁਪਏ ਦੀ ਮਾਲੀ ਸਹਾਇਤਾ ਵੀ ਪ੍ਰਵਾਨ ਕੀਤੀ ਗਈ। ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਸਿਹਤ ਠੀਕ ਨਾ ਹੋਣ ਕਾਰਨ ਅੱਜ ਦੀ ਇਕੱਤਰਤਾ ਵਿਚ ਸ਼ਾਮਲ ਨਹੀਂ ਹੋ ਸਕੇ।
ਇਸ ਮੌਕੇ ਬਾਬਾ ਬੂਟਾ ਸਿੰਘ ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵਡ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਜੈਪਾਲ ਸਿੰਘ ਮੰਡੀਆਂ, ਸ. ਨਿਰਮਲ ਸਿੰਘ ਹਰਿਆਓ, ਸ. ਗੁਰਮੇਲ ਸਿੰਘ ਸੰਗਤਪੁਰਾ, ਬੀਬੀ ਜੋਗਿੰਦਰ ਕੌਰ ਬਠਿੰਡਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਕੁਲਵੰਤ ਸਿੰਘ ਮੰਨਣ ਤੇ ਸ. ਸੁਰਜੀਤ ਸਿੰਘ ਕਾਲਾਬੂਲਾ, ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ ਤੇ ਸ. ਅਵਤਾਰ ਸਿੰਘ, ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਸ. ਕੇਵਲ ਸਿੰਘ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਤੇ ਹੋਰ ਅਧਿਕਾਰੀ ਹਾਜ਼ਰ ਸਨ।