ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਵਿਸ਼ੇਸ਼ ਯਾਦਗਾਰ ਸਥਾਪਤ ਕੀਤੀ ਜਾਵੇਗੀ –ਪ੍ਰੋ: ਕਿਰਪਾਲ ਸਿੰਘ ਬਡੂੰਗਰ 

ਆਧੁਨਿਕ ਅਜਾਇਬ ਘਰ ਸਥਾਪਤ ਕਰਕੇ ਗੁਰੂ ਸਾਹਿਬ ਦੇ ਇਤਿਹਾਸ ਤੇ ਵਿਚਾਰਧਾਰਾ ਨੂੰ ਰੂਪਮਾਨ ਕੀਤਾ ਜਾਵੇਗਾ –ਪ੍ਰੋ: ਬਡੂੰਗਰ

ਸੁਲਤਾਨਪੁਰ ਲੋਧੀ, 04 ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇਥੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਦੌਰਾਨ 2019 ‘ਚ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਇਕ ਵਿਸ਼ੇਸ਼ ਯਾਦਗਾਰ ਸਥਾਪਤ ਕਰਨ ਦੇ ਨਾਲ ਨਾਲ ਇਕ ਅੰਤਰ-ਰਾਸ਼ਟਰੀ ਕਮੇਟੀ ਬਣਾਉਣ ਅਤੇ ਆਧੁਨਿਕ ਅਜਾਇਬ ਘਰ ਸਥਾਪਤ ਕਰਕੇ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਤ ਇਤਿਹਾਸ ਨੂੰ ਰੂਪਮਾਨ ਕਰਨ ਸਮੇਤ ਕਈ ਅਹਿਮ ਫੈਸਲੇ ਲਏ ਗਏ। ਇਕੱਤਰਤਾ ਦੌਰਾਨ ਲਏ ਗਏ ਫੈਸਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਕੌਮਾਂਤਰੀ ਪੱਧਰ ‘ਤੇ ਮਨਾਉਣ ਲਈ ਉਲੀਕੀਆਂ ਜਾਣ ਵਾਲੀਆਂ ਯੋਜਨਾਵਾਂ ਬਾਰੇ ਲੰਮੇ ਵਿਚਾਰ ਵਟਾਂਦਰੇ ਤੋਂ ਬਾਅਦ ਇੱਕ ਵਿਸ਼ਾਲ ਯਾਦਗਾਰ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਯਾਦਗਾਰ ਵਿਚ ਗੁਰੂ ਸਾਹਿਬ ਦੇ ਇਤਿਹਾਸ ਅਤੇ ਵਿਚਾਰਧਾਰਾ ਨੂੰ ਸੰਗਤਾਂ ਤਕ ਪਹੁੰਚਾਉਣ ਲਈ ਇੱਕ ਆਧੁਨਿਕ ਅਜਾਇਬ ਘਰ ਬਣਾਇਆ ਜਾਵੇਗਾ ਜਿਸ ਵਿਚ ਐਲ.ਈ.ਡੀ. ਸਕਰੀਨਾਂ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਅਜਾਇਬ ਘਰ ਵਿਚ ਰੂਪਮਾਨ ਕੀਤੇ ਜਾਣ ਵਾਲੇ ਇਤਿਹਾਸ ਨੂੰ 4 ਭਾਗਾਂ ਵਿਚ ਵੰਡ ਕੇ ਦਰਸਾਇਆ ਜਾਵੇਗਾ, ਜਿਸ ਵਿਚ ਗੁਰੂ ਸਾਹਿਬ ਦੇ ਆਰੰਭਕ ਜੀਵਨ, ਸੁਲਤਾਨਪੁਰ ਲੋਧੀ ਨਾਲ ਸਬੰਧਤ ਇਤਿਹਾਸ, ਉਦਾਸੀਆਂ ਅਤੇ ਕਰਤਾਰਪੁਰ ਵਿਖੇ ਕੀਤੀ ਕਿਰਤ ਨਾਲ ਸਬੰਧਤ ਇਤਿਹਾਸ ਪ੍ਰਦਰਸ਼ਿਤ ਕੀਤਾ ਜਾਵੇਗਾ। ਇਸ ਯਾਦਗਾਰ ਦੀ ਇਮਾਰਤ ਦਾ ਢਾਂਚਾ ਗਲੋਬ ਦੇ ਰੂਪ ਵਿਚ ਗੁਰੂ ਸਾਹਿਬ ਦੀਆਂ ਵਿਸ਼ਵ ਵਿਆਪੀ ਸਿੱਖਿਆਵਾਂ ਅਨੁਸਾਰ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਪ੍ਰਸਿੱਧ ਇਤਿਹਾਸਕਾਰਾਂ ਅਤੇ ਇੰਜੀਨੀਅਰਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਇਸ ਤੋਂ ਇਲਾਵਾ ਗੁਰੂ ਸਾਹਿਬ ਦੀ ਵਿਚਾਰਧਾਰਾ ਅਨੁਸਾਰ ਅਕਾਲ ਪੁਰਖ ਦੀ ਏਕਤਾ ਦੇ ਸੰਕਲਪ ਨੂੰ ਦਰਸਾਉਂਦਾ ੴ ਦਾ ਵਿਸ਼ਾਲ ਨਿਸ਼ਾਨ ਵੀ ਸਥਾਪਤ ਕੀਤਾ ਜਾਵੇਗਾ।

ਪ੍ਰੋ: ਬਡੂੰਗਰ ਨੇ ਹੋਰ ਫੈਸਲਿਆਂ ਸਬੰਧੀ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਸਮਾਗਮਾਂ ਲਈ ਧਰਮ ਪ੍ਰਚਾਰ ਕਮੇਟੀ ਦਾ ਇੱਕ ਵਿਸ਼ੇਸ਼ ਸੈੱਲ ਸਥਾਪਤ ਕੀਤਾ ਜਾਵੇਗਾ ਜੋ ਸ਼ਤਾਬਦੀ ਨਾਲ ਸਬੰਧਤ ਸਮੁੱਚੀਆਂ ਗਤੀਵਿਧੀਆਂ ਦੀ ਦੇਖ ਰੇਖ ਕਰੇਗਾ। ਉਨ੍ਹਾਂ ਕਿਹਾ ਕਿ ਅੱਜ ਦੀ ਇਕੱਤਰਤਾ ਵਿਚ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਇੱਕ ਅੰਤਰ ਰਾਸ਼ਟਰੀ ਕਮੇਟੀ ਬਣਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ, ਜਿਸ ਵਿਚ ਦੇਸ਼ ਵਿਦੇਸ਼ ਦੇ ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਨੂੰ ਮੰਨਣ ਵਾਲੇ ਹਰ ਧਰਮ ਦੇ ਨੁਮਾਇੰਦਿਆਂ ਅਤੇ ਵਿਦਵਾਨਾਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਵੱਖ ਵੱਖ ਸਿੱਖ ਜਥੇਬੰਦੀਆਂ, ਸਭਾ ਸੁਸਾਇਟੀਆਂ, ਟਕਸਾਲਾਂ, ਨਿਰਮਲੇ, ਉਦਾਸੀਆਂ, ਨਿਹੰਗ ਸਿੰਘ ਜਥੇਬੰਦੀਆਂ, ਕੌਮੀ ਵਿਦਵਾਨਾਂ ਤੋਂ ਇਲਾਵਾ ਸਥਾਨਕ ਨੁਮਾਇੰਦਿਆਂ ਨਾਲ ਵਿਸ਼ੇਸ਼ ਇਕੱਤਰਤਾਵਾਂ ਕਰ ਕੇ ਉਨ੍ਹਾਂ ਪਾਸੋਂ ਸੁਝਾਅ ਪ੍ਰਾਪਤ ਕੀਤੇ ਜਾਣਗੇ। 

ਉਨ੍ਹਾਂ ਦੱਸਿਆ ਪਹਿਲੇ ਪਾਤਸ਼ਾਹ ਜੀ ਦੇ ਅਨਿਨ ਸ਼ਰਧਾਲੂ ਰਾਇ ਬੁਲਾਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਸਮੇਂ ਉਨ੍ਹਾਂ ਦੇ ਵੰਸ਼ਜ਼ਾਂ ਅਤੇ ਵਕਫ ਬੋਰਡ ਤੇ ਓਕਾਫ ਬੋਰਡ ਦੇ ਨੁਮਾਇੰਦਿਆਂ ਨੂੰੰ ਉਚੇਚੇ ਤੌਰ ‘ਤੇ ਸ਼ਾਮਲ ਕਰਨ ਦਾ ਸੱਦਾ ਦਿੱਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼ਤਾਬਦੀ ਸਮਾਗਮਾਂ ਦਾ ਕੇਂਦਰ ਬਿੰਦੂ ਕਿਉਂਕਿ ਸੁਲਤਾਨਪੁਰ ਲੋਧੀ ਹੋਵੇਗਾ ਇਸ ਲਈ ਪੰਜਾਬ ਸਰਕਾਰ ਇਥੋਂ ਦੇ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਪੰਜਾਬ ਸਰਕਾਰ ਨੂੰ ਪੱਤਰ ਵੀ ਲਿਖਿਆ ਜਾਵੇਗਾ। 

ਪ੍ਰੋ: ਬਡੂੰਗਰ ਨੇ ਪਾਕਿਸਤਾਨ ਸਰਕਾਰ ਵੱਲੋਂ ਨਨਕਾਣਾ ਸਾਹਿਬ ਯੂਨੀਵਰਸਿਟੀ ਬਣਾਉਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਇਹ ਯੂਨੀਵਰਸਿਟੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਨਨਕਾਣਾ ਸਾਹਿਬ ਵਿਖੇ ਹੀ ਸਥਾਪਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨਾਲ ਵੀ ਗੱਲਬਾਤ ਕੀਤੀ ਜਾਵੇਗੀ। ਉਨ੍ਹਾ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਕ ਵਫਦ ਵੀ ਪਾਕਿਸਤਾਨ ਵਿਖੇ ਭੇਜਣ ਦਾ ਵੀ ਫੈਸਲਾ ਕੀਤਾ ਗਿਆ ਹੈ, ਤਾਂ ਜੋ ਉਥੋਂ ਦੀ ਸਰਕਾਰ ਅਤੇ ਹੋਰ ਨੁਮਾਇੰਦਿਆਂ ਨਾਲ ਗੱਲਬਾਤ ਕਰ ਕੇ ਸ਼ਤਾਬਦੀ ਸਬੰਧੀ ਸ੍ਰੀ ਨਨਕਾਣਾ ਸਾਹਿਬ ਅਤੇ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਸਫਲ ਬਣਾਇਆ ਜਾ ਸਕੇ।

ਇਕੱਤਰਤਾ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਸਮੇਤ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਅਧਿਕਾਰੀਆਂ ਵੱਲੋਂ ਗੁਰਦੁਆਰਾ ਸੰਤ ਘਾਟ ਵਿਖੇ ਉਸਾਰੀ ਜਾਣ ਵਾਲੀ ਯਾਦਗਾਰ ਸਥਾਨ ਦਾ ਦੌਰਾ ਕਰ ਕੇ ਪ੍ਰਬੰਧਕੀ ਜਾਇਜ਼ਾ ਲਿਆ ਗਿਆ। 

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸੁਰਜੀਤ ਸਿੰਘ ਭਿੱਟੇਵਡ, ਭਾਈ ਰਾਮ ਸਿੰਘ, ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਨਿਰਮਲ ਸਿੰਘ ਹਰਿਆਓ, ਸ. ਜੈਪਾਲ ਸਿੰਘ ਮੰਡੀਆ, ਬੀਬੀ ਪਰਮਜੀਤ ਕੌਰ, ਸ. ਕੁਲਵੰਤ ਸਿੰਘ ਮੰਨਣ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਸੁਰਜੀਤ ਸਿੰਘ ਕਾਲਾਬੂਲਾ ਤੇ ਸ. ਸਤਪਾਲ ਸਿੰਘ ਤਲਵੰਡੀ ਭਾਈ, ਮੈਂਬਰ ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਦਰਸ਼ਨ ਸਿੰਘ ਸ਼ੇਰ ਖਾਂ, ਬੀਬੀ ਗੁਰਪ੍ਰੀਤ ਕੌਰ ਰੂਹੀ, ਸ. ਇੰਦਰ ਇਕਬਾਲ ਸਿੰਘ ਅਟਵਾਲ, ਸ. ਗੁਰਮੀਤ ਸਿੰਘ ਬੂਹ, ਸ. ਰਣਜੀਤ ਸਿੰਘ ਕਾਹਲੋਂ ਤੇ ਸ. ਸਰਵਣ ਸਿੰਘ ਕੁਲਾਰ, ਸਕੱਤਰ ਡਾ. ਰੂਪ ਸਿੰਘ, ਸ. ਅਵਤਾਰ ਸਿੰਘ ਸੈਂਪਲਾ ਤੇ ਸ. ਮਨਜੀਤ ਸਿੰਘ, ਐਡੀਸ਼ਨਲ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਸ. ਮਹਿੰਦਰ ਸਿੰਘ ਆਹਲੀ, ਸ. ਬਲਵਿੰਦਰ ਸਿੰਘ ਜੌੜਾ ਸਿੰਘਾ, ਸ. ਕੇਵਲ ਸਿੰਘ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਚਾਨਣ ਸਿੰਘ, ਨਿੱਜੀ ਸਹਾਇਕ ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਸਤਿੰਦਰ ਸਿੰਘ ਤੇ ਸ. ਸਰਬਜੀਤ ਸਿੰਘ ਧੂੰਦਾ ਆਦਿ ਹਾਜ਼ਰ ਸਨ।