ਕਮਿਸ਼ਨ ਵੱਲੋਂ ਅਧਿਕਾਰਾਂ ਦੀ ਦੁਰਵਰਤੋਂ ਕਰਨਾ ਬਰਦਾਸ਼ਤ ਨਹੀਂ –ਪ੍ਰੋ: ਕਿਰਪਾਲ ਸਿੰਘ ਬਡੂੰਗਰ


ਪਟਿਆਲਾ, ੩੦ ਸਤੰਬਰ (             )-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਅੰਤ੍ਰਿੰਗ ਕਮੇਟੀ ਦੀ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਸੱਦੀ ਗਈ ਹੰਗਾਮੀ ਇਕੱਤਰਤਾ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ ਦੇ ਕਠਪੁਤਲੀ ਕਮਿਸ਼ਨ ਜਸਟਿਸ ਰਣਜੀਤ ਸਿੰਘ ਵੱਲੋਂ ਸਿੱਖਾਂ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਰੀਕਾਰਡ ਲੈ ਕੇ ਹਾਜ਼ਰ ਹੋਣ ਲਈ ਭੇਜੀਆਂ ਪੱਤ੍ਰਿਕਾਵਾਂ ਦੀ ਪੁਰਜ਼ੋਰ ਨਿੰਦਾ ਦਾ ਮਤਾ ਪਾਸ ਕਰਦਿਆਂ ਇਸ ਕਮਿਸ਼ਨ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਗਿਆ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਅੱਜ ਹੋਈ ਇਸ ਇਕੱਤਰਤਾ ਵਿਚ ਕਮਿਸ਼ਨ ਵੱਲੋਂ ਭੇਜੀਆਂ ਪੱਤ੍ਰਿਕਾਵਾਂ ਨੂੰ ਘੋਖਣ ਤੇ ਦੀਰਘ ਵਿਚਾਰਾਂ ਕਰਨ ਉਪਰੰਤ ਕਮਿਸ਼ਨ ਦੀ ਕਾਰਵਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਅਤੇ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਾਣ ਮਰਯਾਦਾ ਖਿਲਾਫ ਸਿੱਧਾ ਚੈਲੰਜ ਕਰਾਰ ਦਿੱਤਾ।
ਇਕੱਤਰਤਾ ਤੋਂ ਬਾਅਦ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਦੀ ਸ਼ਹਿ ‘ਤੇ ਕੀਤੀ ਗਈ ਕਾਰਵਾਈ ਸਿੱਖ ਸੰਸਥਾਵਾਂ ਦੀ ਮਾਣ ਮਰਯਾਦਾ ਦੇ ਵਿਰੁੱਧ ਹੈ। ਇਸ ਲਈ ਅੰਤ੍ਰਿੰਗ ਕਮੇਟੀ ਇਸ ਕਮਿਸ਼ਨ ਦੀ ਮਾਨਤਾ ਨੂੰ ਮੂਲੋਂ ਹੀ ਰੱਦ ਕਰਦੀ ਹੈ। ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਿਆਂ ਸਿੱਖ ਸੰਸਥਾਵਾਂ ਨੂੰ ਨੋਟਿਸ ਜਾਰੀ ਕਰਨੇ ਬਰਦਾਸ਼ਤ ਨਹੀਂ। ਪ੍ਰੋ: ਬਡੂੰਗਰ ਨੇ ਆਖਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਿਅਕਤੀਗਤ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣ ਦੇ ਹੁਕਮ ਸਿੱਖ ਕੌਮ, ਸਿੱਖ ਸਿਧਾਂਤਾਂ, ਸਿੱਖ ਸੰਸਥਾਵਾਂ ਅਤੇ ਸਿੱਖ ਮਰਯਾਦਾ ਨੂੰ ਸਿੱਧੀ ਚੁਣੌਤੀ ਹਨ। ਉਨ੍ਹਾਂ ਅੱਗੇ ਕਿਹਾ ਕਿ ਸਿੱਖ ਕੌਮ ਵਿਰੁੱਧ ਕਾਂਗਰਸ ਜਮਾਤ ਸਮੇਂ-ਸਮੇਂ ‘ਤੇ ਅਜਿਹੀਆਂ ਘਿਨਾਉਣੀਆਂ ਹਰਕਤਾਂ ਕਰਦੀ ਰਹੀ ਹੈ। ਇਤਿਹਾਸ ਗਵਾਹ ਹੈ ਕਿ ਜੂਨ ੧੯੮੪ ਵਿਚ ਸਮੇਂ ਦੀ ਕੇਂਦਰੀ ਕਾਂਗਰਸ ਹਕੂਮਤ ਨੇ ਰੂਹਾਨੀਅਤ ਦੇ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਸਮੇਤ ਹੋਰ ਗੁਰਧਾਮਾਂ ਨੂੰ ਤੋਪਾਂ ਤੇ ਟੈਂਕਾਂ ਨਾਲ ਹਮਲਾ ਕਰਕੇ ਸਿੱਖ ਕਤਲੇਆਮ ਕਰਵਾਇਆ। ਸਿੱਖ ਬੀਬੀਆਂ ਦੀ ਬੇਪੱਤੀ ਕੀਤੀ ਗਈ। ਇਥੇ ਹੀ ਬਸ ਨਹੀਂ ਨਵੰਬਰ ੧੯੮੪ ਵਿਚ ਵੀ ਦਿੱਲੀ, ਕਾਨ੍ਹਪੁਰ ਅਤੇ ਹੋਰ ਥਾਵਾਂ ‘ਤੇ ਸਿੱਖ ਨਸਲਕੁਸ਼ੀ ਦਾ ਯਤਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਅਜੇ ਇਨ੍ਹਾਂ ਅੱਲ੍ਹੇ ਜ਼ਖਮਾਂ ਦੀ ਪੀੜ ਵੀ ਨਹੀਂ ਘਟੀ ਅਤੇ ਹੁਣ ਫਿਰ ਇਸੇ ਹੀ ਕਾਂਗਰਸ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਾਣ ਮਰਯਾਦਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਸੋਚ ਦੇ ਧਾਰਨੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਰਾਹੀਂ ਸਿੱਖ ਸੰਸਥਾ ਨੂੰ ਢਾਹ ਲਾਉਣ ਵਾਲੀਆਂ ਕਾਰਵਾਈਆਂ ਨੂੰ ਕਦਾਚਿਤ ਬਰਾਦਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਾਂਗਰਸ ਨੂੰ ਸਖਤ ਸ਼ਬਦਾਂ ਵਿਚ ਤਾੜਨਾ ਕੀਤੀ ਕਿ ਅਜਿਹੀਆਂ ਘਟੀਆ ਕਾਰਵਾਈਆਂ ਨੂੰ ਤੁਰੰਤ ਬੰਦ ਕਰੇ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸਿਹਤਯਾਬ ਹੋਣ ਤੋਂ ਬਾਅਦ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।
ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸੁਰਜੀਤ ਸਿੰਘ ਭਿੱਟੇਵਡ, ਭਾਈ ਰਾਮ ਸਿੰਘ, ਸ. ਨਿਰਮਲ ਸਿੰਘ ਹਰਿਆਓ, ਸ. ਜੈਪਾਲ ਸਿੰਘ ਮੰਡੀਆਂ, ਸ. ਕੁਲਵੰਤ ਸਿੰਘ ਮੰਨਣ, ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਸੁਰਜੀਤ ਸਿੰਘ ਕਾਲਾਬੂਲਾ ਤੇ ਸ. ਬਲਵਿੰਦਰ ਸਿੰਘ ਵੇਈਂਪੂਈਂ, ਸਕੱਤਰ ਡਾ. ਰੂਪ ਸਿੰਘ ਤੇ ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਡਾ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਨਿੱਜੀ ਸਹਾਇਕ ਸ. ਭਗਵੰਤ ਸਿੰਘ ਧੰਗੇੜਾ, ਸ. ਗੁਰਪ੍ਰੀਤ ਸਿੰਘ ਰੋਡੇ ਮੈਨੇਜਰ ਹਾਜ਼ਰ ਸਨ।