ਸਾਬਤ ਸੂਰਤ ਗੁਰਸਿੱਖ ਖਿਡਾਰੀਆਂ ਨੂੰ ਦਿੱਤੇ ਜਾਣਗੇ ਵੱਡੇ ਇਨਾਮ-ਭਾਈ ਲੌਂਗੋਵਾਲ

-ਉਲੰਪਿਕ ਖੇਡਾਂ ’ਚ ਸੋਨੇ ਦਾ ਮੈਡਲ ਜਿੱਤਣ ’ਤੇ 5 ਲੱਖ, ਚਾਂਦੀ ਲਈ 4 ਲੱਖ ਤੇ ਕਾਂਸੀ ਲਈ 3 ਲੱਖ ਦੇ ਵਿਸ਼ੇਸ਼ ਇਨਾਮ

-ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ

-ਨਸ਼ੇ ਛੱਡਣ ਵਾਲਿਆਂ ਦਾ ਮੁਫ਼ਤ ਇਲਾਜ਼ ਕਰੇਗੀ ਸ਼੍ਰੋਮਣੀ ਕਮੇਟੀ, ਲੰਗਰ ਦਾ ਵੀ ਕਰੇਗੀ ਪ੍ਰਬੰਧ

ਤਲਵੰਡ ਸਾਬੋ (ਬਠਿੰਡਾ), 12 ਜੁਲਾਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਸਾਬਤ ਸੂਰਤ ਗੁਰਸਿੱਖ ਖਿਡਾਰੀਆਂ ਨੂੰ ਵੱਡੇ ਇਨਾਮ ਦੇਣ ਦਾ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਤਸਵੀਰ ਲਗਾਉਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਕੱਤਰਤਾ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਖੇਡਾਂ ਦੇ ਖੇਤਰ ਵਿਚ ਵਿਸ਼ੇਸ਼ ਨਾਮਣਾ ਖੱਟਣ ਵਾਲੇ ਸਾਬਤ ਸੂਰਤ ਗੁਰਸਿੱਖ ਖਿਡਾਰੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਇਨਾਮ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਉਲੰਪਿਕ ਖੇਡਾਂ ਦੌਰਾਨ ਸੋਨੇ ਦਾ ਮੈਡਲ ਪ੍ਰਾਪਤ ਕਰਨ ’ਤੇ 5 ਲੱਖ ਰੁਪਏ, ਚਾਂਦੀ ਦਾ ਮੈਡਲ ਪ੍ਰਾਪਤ ਕਰਨ ’ਤੇ 4 ਲੱਖ ਰੁਪਏ ਅਤੇ ਕਾਂਸੀ ਦਾ ਮੈਡਲ ਪ੍ਰਾਪਤ ਕਰਨ ਵਾਲੇ ਨੂੰ 3 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਇਆ ਕਰੇਗੀ। ਇਸੇ ਤਰ੍ਹਾਂ ਏਸ਼ੀਅਨ ਖੇਡਾਂ ਵਿਚ ਸੋਨੇ, ਚਾਂਦੀ ਤੇ ਕਾਂਸੀ ਦਾ ਮੈਡਲ ਜਿੱਤਣ ਵਾਲਿਆਂ ਨੂੰ ਕ੍ਰਮਵਾਰ 4 ਲੱਖ, 3 ਲੱਖ ਅਤੇ 2 ਲੱਖ ਰੁਪਏ ਦੀ ਰਾਸ਼ੀ ਨਾਮ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਕਾਮਨ ਵੈਲਥ ਖੇਡਾਂ ਵਿਚ ਸੋਨੇ ਦਾ ਮੈਡਲ ਜੇਤੂ ਗੁਰਸਿੱਖ ਖਿਡਾਰੀਆਂ ਨੂੰ 3 ਲੱਖ ਰੁਪਏ, ਚਾਂਦੀ ਲਈ 2 ਲੱਖ ਅਤੇ ਕਾਂਸੀ ਦਾ ਮੈਡਲ ਜੈਤੂਆਂ ਨੂੰ 1 ਲੱਖ ਰੁਪਏ ਨਾਲ ਨਿਵਾਜਿਆ ਜਾਵੇਗਾ। ਇਸੇ ਤਰ੍ਹਾਂ ਸੈਫ ਖੇਡਾਂ, ਨੈਸ਼ਨਲ ਖੇਡਾਂ ਅਤੇ ਸਟੇਟ ਖੇਡਾਂ ਵਿਚ ਪ੍ਰਾਪਤੀਆਂ ਕਰਨ ਵਾਲੇ ਗੁਰਸਿੱਖ ਖਿਡਾਰੀਆਂ ਲਈ ਵੀ ਵੱਡੇ ਇਨਾਮਾਂ ਦਾ ਫੈਸਲਾ ਕੀਤਾ ਗਿਆ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਇਨਾਮ ਦੇਣ ਦਾ ਮੰਤਵ ਨਵੀਂ ਪੀੜ੍ਹੀ ਨੂੰ ਨਸ਼ਿਆਂ ਤੋਂ ਰਹਿਤ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨਾ ਹੈ।
ਭਾਈ ਲੌਂਗੋਵਾਲ ਨੇ ਇਕੱਤਰਤਾ ਦੌਰਾਨ ਲਏ ਗਏ ਹੋਰ ਫੈਸਲਿਆਂ ਬਾਰੇ ਦੱਸਿਆ ਕਿ ਪਟਿਆਲਾ ਨਿਵਾਸੀ ਸਾਬਤ ਸੂਰਤ ਗੁਰਸਿੱਖ ਸ. ਅਮਨਦੀਪ ਸਿੰਘ ਜਿਸ ਨੇ ਆਈ.ਏ.ਐਸ. ਦੀ ਪ੍ਰੀਖਿਆ ਵਿੱਚੋਂ ਵਧੀਆ ਰੈਂਕ ਹਾਸਲ ਕੀਤਾ ਹੈ, ਨੂੰ ਸ਼੍ਰੋਮਣੀ ਕਮੇਟੀ 1 ਲੱਖ ਰੁਪਏ ਨਾਲ ਸਨਮਾਨਿਤ ਕਰੇਗੀ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਸ. ਬਲਦੇਵ ਸਿੰਘ ਸੜਕਨਾਮਾ ਵੱਲੋਂ ਲਿਖੇ ਗਏ ਨਾਵਲ ‘ਸੂਰਜ ਦੀ ਅੱਖ’ ਵਿਚ ਸਿੱਖ ਇਤਿਹਾਸ ਨੂੰ ਵਿਗਾੜਨ ’ਤੇ ਸ਼੍ਰੋਮਣੀ ਕਮੇਟੀ ਵੱੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸਿੱਖ ਵਿਦਵਾਨਾਂ ਪਾਸੋਂ ਜਾਂਚ ਕਰਵਾਈ ਗਈ ਹੈ ਅਤੇ ਉਨ੍ਹਾਂ ਵੱਲੋਂ ਦਿੱਤੀ ਰਿਪੋਰਟ ਵਿਚ ਸਿੱਖ ਇਤਿਹਾਸ ਵਿਗਾੜਨ ਦੀ ਪੁਸ਼ਟੀ ਹੋਈ ਹੈ। ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਵਿਚ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਨੂੰ ਵਿਗਾੜਨ ਦੀ ਕਿਸੇ ਵੀ ਨੂੰ ਹਰਗਿਜ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਜੋਧਪੁਰ ਜ਼ੇਲ੍ਹ ਵਿਚ ਬੰਦੀ ਰੱਖੇ ਗਏ ਸਾਰੇ ਸਿੱਖਾਂ ਨੂੰ ਮੁਆਵਜ਼ਾ ਦਿਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਕਾਰਵਾਈ ਕਰਨ ਦੀ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੀਤੇ ਸਮੇਂ ’ਚ ਅੰਮ੍ਰਿਤਸਰ ਦੀ ਅਦਾਲਤ ਵੱਲੋਂ 40 ਜੋਧਪੁਰ ਬੰਦੀਆਂ ਨੂੰ ਮੁਆਵਜ਼ਾ ਦੇਣ ਲਈ ਸਰਕਾਰ ਨੂੰ ਹਦਾਇਤ ਕੀਤੀ ਗਈ ਸੀ ਜਦਕਿ ਜ਼ੇਲ੍ਹ ਕੱਟਣ ਵਾਲੇ ਸਿੱਖ ਕੈਦੀਆਂ ਦੀ ਗਿਣਤੀ 365 ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚੋਂ ਬਾਕੀ ਰਹਿੰਦੇ 325  ਕੈਦੀਆਂ ਨੂੰ ਵੀ ਮੁਆਵਜ਼ਾ ਦਿਵਾਉਣ ਲਈ ਸ਼੍ਰੋਮਣੀ ਕਮੇਟੀ ਕਾਨੂੰਨੀ ਸਹਾਇਤਾ ਦੇਵੇਗੀ। ਉਨ੍ਹਾਂ ਇਹ ਵੀ ਦੱੱਸਿਆ ਕਿ ਲੋਹ ਪੁਰਸ਼ ਵਜੋਂ ਜਾਣੇ ਜਾਂਦੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਅਤੇ 55 ਸਾਲ ਗੁਰਮਤਿ ਪ੍ਰਚਾਰ ਲਈ ਸੇਵਾ ਨਿਭਾਉਣ ਵਾਲੇ ਗੁਰਮਤਿ ਕੀਰਤਨ ਵਿਦਿਆਲਾ ਧੂਰਕੋਟ ਦੇ ਮੁਖੀ ਗਿਆਨੀ ਵਰਿਆਮ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਭਾਈ ਲੌਂਗੋਵਾਲ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਨਸ਼ੇ ਛੱਡਣ ਦੇ ਚਾਹਵਾਨ ਵਿਅਕਤੀਆਂ ਦਾ ਇਲਾਜ ਸ਼੍ਰੋਮਣੀ ਕਮੇਟੀ ਵੱਲੋਂ ਬਿਲਕੁਲ ਮੁਫਤ ਕੀਤਾ ਜਾਵੇਗਾ ਅਤੇ ਇਸ ਕਾਰਜ ਲਈ ਖਰਚ ਧਰਮ ਪ੍ਰਚਾਰ ਕਮੇਟੀ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਛੱਡਣ ਲਈ ਦਾਖਲ ਹੋਣ ਵਾਲਿਆਂ ਲਈ ਅੰਮ੍ਰਿਤਸਰ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰ ਅਤੇ ਸ਼੍ਰੋਮਣੀ ਕਮੇਟੀ ਦੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਵਿਖੇ ਲੰਗਰ ਦਾ ਵੀ ਪ੍ਰਬੰਧ ਕੀਤਾ ਜਾਵੇਗਾ। 
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰਾਨ ਸ. ਭਗਵੰਤ ਸਿੰਘ ਸਿਆਲਕਾ, ਸ. ਲਖਬੀਰ ਸਿੰਘ ਅਰਾਈਆਂਵਾਲਾ, ਸ. ਗੁਰਤੇਜ ਸਿੰਘ ਢੱਡੇ, ਸ. ਨਵਤੇਜ ਸਿੰਘ ਕਾਉਣੀ, ਸ. ਹਰਦੇਵ ਸਿੰਘ ਰੋਗਲਾ, ਸ. ਸੱਜਣ ਸਿੰਘ ਬੱਜੂਮਾਨ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਬੀਬੀ ਗੁਰਪ੍ਰੀਤ ਕੌਰ, ਸ. ਗੁਰਮੀਤ ਸਿੰਘ ਬੂਹ, ਸ. ਰਵਿੰਦਰ ਸਿੰਘ ਚੱਕ ਤੇ ਸ. ਅਮਰੀਕ ਸਿੰਘ ਸ਼ਾਹਪੁਰ, ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ਼ੋ੍ਰਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ, ਵਧੀਕ ਸਕੱਤਰ ਸ. ਕੇਵਲ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ, ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਸ. ਸੁਖਮਿੰਦਰ ਸਿੰਘ ਐਕਸੀਅਨ, ਸ. ਕਰਨ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ ਸਮੇਤ ਹੋਰ ਹਾਜ਼ਰ ਸਨ।