ਅੰਮ੍ਰਿਤਸਰ, 1 ਮਈ – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ ਸਬੰਧੀ ਜਾਣਕਾਰੀ ਦੇਣ ਲਈ ਸਕੂਲਾਂ/ਕਾਲਜਾਂ ਵਿਚ ਲਈ ਜਾਂਦੀ ਧਾਰਮਿਕ ਪ੍ਰੀਖਿਆ ਦਾ ਨਤੀਜਾ ਜਾਰੀ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਨਤੀਜਾ ਜਾਰੀ ਕਰਨ ਮਗਰੋਂ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਵੱਡੀ ਗਿਣਤੀ ਵਿਚ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ, ਜਿਸ ਵਿੱਚੋਂ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਵਜੀਫਾ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਨਵੰਬਰ 2018 ਅਤੇ ਜਨਵਰੀ 2019 ਵਿਚ ਵੱਖ-ਵੱਖ ਦਰਜਿਆਂ ਦੀ ਲਈ ਗਈ ਇਸ ਪ੍ਰੀਖਿਆ ਦੌਰਾਨ 53034 ਵਿਦਿਆਰਥੀਆਂ ਨੇ ਭਾਗ ਲਿਆ ਸੀ, ਜਿਨ੍ਹਾਂ ਵਿੱਚੋਂ ਪਹਿਲੇ ਦਰਜੇ ਦੇ 259, ਦੂਜੇ ਦਰਜੇ ਦੇ 913, ਤੀਜੇ ਦਰਜੇ ਦੇ 32 ਅਤੇ ਚੌਥੇ ਦਰਜੇ ਦੇ 32 ਵਿਦਿਆਰਥੀਆਂ (ਕੁਲ 1236 ਵਿਦਿਆਰਥੀਆਂ) ਨੇ ਵਜੀਫਾ ਪ੍ਰਾਪਤ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਵਿੱਚੋਂ ਪਹਿਲੇ ਦਰਜੇ ਵਾਲੇ ਵਿਦਿਆਰਥੀਆਂ ਨੂੰ 1100 ਰੁਪਏ, ਦੂਜੇ ਦਰਜੇ ਨੂੰ 2100, ਤੀਜੇ ਦਰਜੇ ਨੂੰ 3100 ਅਤੇ ਚੌਥੇ ਦਰਜੇ 4100 ਰੁਪਏ ਜਾਣਗੇ। ਇਸ ਤੋਂ ਇਲਾਵਾ ਹਰੇਕ ਦਰਜੇ ਵਿੱਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ 5100, 4100 ਅਤੇ 3100 ਰੁਪਏ ਵਿਸ਼ੇਸ਼ ਸਨਮਾਨ ਵਜੋਂ ਦਿੱਤੇ ਜਾਣਗੇ। ਇਸ ਦੇ ਨਾਲ ਹੀ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ 2100-2100 ਰੁਪਏ ਦੀ ਵਿਸ਼ੇਸ਼ ਇਨਾਮੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ ਅਤੇ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲਿਆਂ ਨੂੰ ਮੈਡਲ ਦਿੱਤੇ ਜਾਣਗੇ। ਨਤੀਜਾ ਜਾਰੀ ਕਰਨ ਮੌਕੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਧਾਰਮਿਕ ਪ੍ਰੀਖਿਆ ਵਿਭਾਗ ਦੇ ਇੰਚਾਰਜ ਸ. ਸੁਖਦੇਵ ਸਿੰਘ ਸਮੇਤ ਹੋਰ ਹਾਜ਼ਰ ਸਨ।