-ਸਮਾਪਤੀ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਅਰਦਾਸ

-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ, ੯ ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਵਿਰਾਸਤੀ ਮਾਰਗ ‘ਤੇ ਅੱਜ ਤੀਸਰੇ ਦਿਨ ਝਾੜੂ ਲਗਾ ਕੇ ਆਪਣੀ ਸੇਵਾ ਮੁਕੰਮਲ ਕੀਤੀ। ਸੇਵਾ ਦੀ ਸਮਾਪਤੀ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸਮੂਹ ਅਹੁਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ, ਜਿਥੇ ਭਾਈ ਲੌਂਗੋਵਾਲ ਨੇ ਅਰਦਾਸ ਕੀਤੀ। ਅੱਜ ਤੀਸਰੇ ਦਿਨ ਸੇਵਾ ਕਰਨ ਵਾਲਿਆਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਸੁਰਜੀਤ ਸਿੰਘ ਕੰਗ, ਸ. ਸ਼ੇਰ ਸਿੰਘ ਮੰਡਵਾਲਾ, ਸ. ਭੁਪਿੰਦਰ ਸਿੰਘ ਅਸੰਧ, ਬੀਬੀ ਕੁਲਦੀਪ ਕੌਰ ਟੌਹੜਾ, ਸ. ਗੁਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਭਲਾਈਪੁਰ ਸ਼ਾਮਲ ਸਨ।
ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਕੀਰਤਨ ਹੋਇਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਗੁਰਮੀਤ ਸਿੰਘ ਬੂਹ ਵੀ ਮੌਜੂਦ ਸਨ।
ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਦੀ ਮੌਜੂਦਾ ਅੰਤ੍ਰਿੰਗ ਕਮੇਟੀ ਨੂੰ ੧੯ ਮਈ ੨੦੧੬ ਨੂੰ ਪਬਲੀਕੇਸ਼ਨ ਵਿਭਾਗ ਵਿਖੇ ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਦੇ ਪਸ਼ਚਾਤਾਪ ਵਜੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦਾ ਆਦੇਸ਼ ਕੀਤਾ ਸੀ। ਇਸ ਦੇ ਨਾਲ ਹੀ ਤਿੰਨ ਦਿਨ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤੇ ‘ਤੇ ਝਾੜੂ ਦੀ ਸੇਵਾ ਕਰਨ ਦਾ ਵੀ ਹੁਕਮ ਕੀਤਾ ਗਿਆ ਸੀ। ਇਸੇ ਤਹਿਤ ਹੀ ਤਿੰਨ ਦਿਨ ਤੋਂ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਅਹੁਦੇਦਾਰ ਅਤੇ ਅੰਤ੍ਰਿੰਗ ਮੈਂਬਰ ਸੇਵਾ ਕਰ ਰਹੇ ਸਨ, ਜੋ ਅੱਜ ਮੁਕੰਮਲ ਹੋਈ। ਇਸੇ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹਰ ਹੁਕਮ ਅਟੱਲ ਹੈ, ਜਿਸ ਨੂੰ ਮੰਨਣਾ ਹਰ ਸਿੱਖ ਦਾ ਫ਼ਰਜ਼ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੋ ਵੀ ਆਦੇਸ਼ ਹੋਇਆ ਸੀ ਉਸ ਦਾ ਪਾਲਣ ਕੀਤਾ ਗਿਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਮੁਖਤਾਰ ਸਿੰਘ ਆਦਿ ਹਾਜ਼ਰ ਸਨ।