ਸ. ਦਿਲਜੀਤ ਸਿੰਘ ਬੇਦੀ ਦੇ ਗ੍ਰਹਿ ਵਿਖੇ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ

ਅੰਮ੍ਰਿਤਸਰ, ੬ ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨੂੰ ਸੰਗਤਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਇਸ ਤਹਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਚਾਰਕਾਂ, ਢਾਡੀ-ਕਵੀਸ਼ਰਾਂ ਦੁਆਰਾ ਪਿੰਡਾਂ ਦੀਆਂ ਸੰਗਤਾਂ ਤੱਕ ਪਹੁੰਚ ਕਰਨ ਦੇ ਨਾਲ-ਨਾਲ ਗ੍ਰੰਥੀਆਂ ਅਤੇ ਅਖੰਡਪਾਠੀਆਂ ਨੂੰ ਗੁਰਬਾਣੀ ਉਚਾਰਣ ਦੀ ਜਾਣਕਾਰੀ ਦੇਣ ਲਈ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਵੀ ਚਲਾਈ ਗਈ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਦੇ ਗ੍ਰਹਿ ਵਿਖੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸੰਗਤਾਂ ਨੂੰ ਗੁਰਮਤਿ ਰਹਿਣੀ ਨਾਲ ਜੋੜਨ ਲਈ ਵਚਨਬਧ ਹੈ ਅਤੇ ਧਰਮ ਪ੍ਰਚਾਰ ਸਬੰਧੀ ਕਾਰਜ ਕਰਨਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਇਕੱਲੇ ਪੰਜਾਬ ਅੰਦਰ ਹੀ ਨਹੀਂ ਸਗੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਅੰਦਰ ਵੀ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਸਿੱਖ ਮਿਸ਼ਨਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਹਾਲ ਹੀ ਵਿਚ ਯੂ. ਪੀ., ਉਤਰਾਖੰਡ ਅਤੇ ਜੰਮੂ ਕਸ਼ਮੀਰ ਖੇਤਰਾਂ ਵਿਚ ਚੱਲ ਰਹੇ ਸਿੱਖ ਮਿਸ਼ਨਾਂ ਦਾ ਦੌਰਾ ਕਰਕੇ ਆਏ ਹਨ ਅਤੇ ਇਸ ਦੌਰਾਨ ਪੰਜਾਬ ਤੋਂ ਬਾਹਰ ਵੱਸਦੀਆਂ ਸੰਗਤਾਂ ਵੱਲੋਂ ਕਰਵਾਏ ਸਮਾਗਮਾਂ ਵਿਚ ਵੀ ਹਾਜ਼ਰੀ ਭਰੀ ਹੈ। ਉਨ੍ਹਾਂ ਪ੍ਰਗਟਾਵਾ ਕੀਤਾ ਕਿ ਪੰਜਾਬ ਤੋਂ ਬਾਹਰਲੇ ਸੂਬਿਆਂ ਅੰਦਰ ਸਿੱਖ ਨੌਜੁਆਨਾਂ ‘ਚ ਆਪਣੇ ਗੁਰੂ ਪ੍ਰਤੀ ਅਥਾਹ ਸ਼ਰਧਾ ਹੈ ਅਤੇ ਉਹ ਸਿੱਖੀ ਸਰੂਪ ਨਾਲ ਜੁੜੇ ਹੋਏ ਹਨ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਸਮੇਤ ਮੁਹੱਲਾ ਪ੍ਰਤਾਪ ਨਗਰ ਦੇ ਵਾਸੀਆਂ ਨੇ ਭਾਈ ਲੌਂਗੋਵਾਲ ਦਾ ਸਵਾਗਤ ਕੀਤਾ। ਇਸ ਮੌਕੇ ਭਾਈ ਲੌਂਗੋਵਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ. ਸਵਿੰਦਰ ਸਿੰਘ ਤਰਸਿੱਕਾ ਸੈਕਟਰੀ ਗੁਰਦੁਆਰਾ ਸਿੰਘ ਸਭਾ ਪ੍ਰਤਾਪ ਨਗਰ, ਸ. ਹਰਜਿੰਦਰ ਸਿੰਘ ਪੁਰਬਾ ਐਸ.ਡੀ.ਓ., ਸ. ਗੁਰਨਾਮ ਸਿੰਘ ਹੁੰਦਲ, ਸ੍ਰੀ ਮਦਨ ਲਾਲ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਸ. ਮਨਪ੍ਰੀਤ ਸਿੰਘ ਬੇਦੀ ਸਮੇਤ ਸ. ਦਿਲਜੀਤ ਸਿੰਘ ਬੇਦੀ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।