ਅੰਮ੍ਰਿਤਸਰ, 7 ਮਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਦੇ ਚੌਥੇ ਦਰਜੇ ਵਿੱਚੋਂ ਇਸ ਵਾਰ ਪਹਿਲੇ ਸਥਾਨ ‘ਤੇ ਰਹੀ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ, ਦੀਨਾਨਗਰ ਦੀ ਵਿਦਿਆਰਥਣ ਅਮਨਦੀਪ ਕੌਰ ਨੂੰ ਵਧਾਈ ਦਿੰਦਿਆਂ ਉਸ ਨੂੰ ਵਿਸ਼ੇਸ਼ ਇਨਾਮ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਅਖਿਆ ਕੇ ਇਸ ਬੱਚੀ ਨੇ ਪੂਰੇ ਭਾਰਤ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰ ਕੇ ਇੱਕ ਮਿਸਾਲ ਕਾਇਮ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਮਨਦੀਪ ਕੌਰ ਨੂੰ ਸ਼੍ਰੋਮਣੀ ਕਮੇਟੀ ਵਿਸ਼ੇਸ਼ ਇਨਾਮ ਦੇਣ ਦੇ ਨਾਲ-ਨਾਲ ਉਚੇਚੇ ਤੌਰ ਤੇ ਸਨਮਾਨਿਤ ਵੀ ਕਰੇਗੀ, ਤਾਂ ਜੋ ਹੋਰ ਬੱਚੇ ਵੀ ਧਾਰਮਿਕ ਸਿੱਖਿਆ ਪ੍ਰਤੀ ਉਤਸ਼ਾਹਤ ਹੋ ਸਕਣ। ਪ੍ਰੋ. ਬਡੂੰਗਰ ਨੇ ਕਿਹਾ ਕਿ ਸੱਭਿਅਕ ਸਮਾਜ ਦੀ ਸਿਰਜਣਾ ਲਈ ਅਜਿਹੇ ਬੱਚੇ ਹੋਰਨਾ ਲਈ ਪ੍ਰੇਰਨਾ ਸਰੋਤ ਹੁੰਦੇ ਹਨ।
ਧਾਰਮਿਕ ਪ੍ਰੀਖਿਆ ਦੇ ਬਾਕੀ ਦਰਜਿਆਂ ਵਿੱਚੋਂ ਪ੍ਰਥਮ ਰਹਿਣ ਵਾਲੇ ਬੱਚਿਆਂ ਨੂੰ ਵੀ ਪ੍ਰੋ. ਬਡੂੰਗਰ ਨੇ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਕੌਮ ਅਤੇ ਦੇਸ਼ ਦੀ ਬਿਹਤਰੀ ਲਈ ਕਰਜਸ਼ੀਲ ਰਹਿਣ ਦੀ ਪ੍ਰੇਰਨਾ ਕੀਤੀ।
ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਧਾਰਮਿਕ ਅਤੇ ਨੈਤਿਕ ਸਿੱਖਿਆ ਦੇਣ ਦੇ ਮਕਸਦ ਨਾਲ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿੱਚੋਂ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਲੱਖਾਂ ਰੁਪਏ ਦੇ ਵਜੀਫੇ ਦੇਣ ਦੇ ਨਾਲ-ਨਾਲ ਪਹਿਲੇ ਤਿੰਨ ਸਥਾਨ ਗ੍ਰਹਿਣ ਕਰਨ ਵਾਲਿਆਂ ਨੂੰ ਵਿਸ਼ੇਸ਼ ਇਨਾਮ ਵੀ ਦਿੱਤੇ ਜਾਂਦੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਕਾਦਮਿਕ ਵਿੱਦਿਆਂ ਦੇ ਨਾਲ-ਨਾਲ ਧਾਰਮਿਕ ਅਤੇ ਨੈਤਿਕ ਸਿੱਖਿਆ ਦੀ ਅਵੱਸ਼ਕਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਆਪਣੇ ਵਿਰਸੇ, ਇਤਿਹਾਸ, ਕਦਰਾਂ-ਕੀਮਤਾਂ ਅਤੇ ਜੀਵਨ-ਜਾਚ ਦੀ ਸਮਝ ਧਾਰਮਿਕ ਅਤੇ ਨੈਤਿਕ ਸਿੱਖਿਆ ਬਿਨਾਂ ਸੰਭਵ ਨਹੀਂ ਹੈ। ਉਨ੍ਹਾਂ ਸਕੂਲਾਂ-ਕਾਲਜਾਂ ਦੇ ਪ੍ਰਬੰਧਕਾਂ ਨੂੰ ਸੁਨੇਹਾ ਦਿੰਦਿਆਂ ਆਖਿਆ ਕਿ ਉਹ ਵਿਦਿਆਰਥੀਆਂ ਨੂੰ ਮਾਨਵੀ ਸਰੋਕਾਰਾਂ ਨਾਲ ਜੋੜਨ ਲਈ ਧਾਰਮਿਕ ਸਿੱਖਿਆ ਮੁਹੱਈਆਂ ਕਰਵਾਉਣ ਨੂੰ ਯਕੀਨੀ ਬਣਾਉਣ।