ਕਿਸਾਨੀ ਅੰਦੋਲਨ ਨੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਕੀਤੀਆਂ- ਐਡਵੋਕੇਟ ਧਾਮੀ 
ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨ ਜਥੇਬੰਦੀਆਂ ਦੇ ਆਗੂ ਸਨਮਾਨਿਤ
ਅੰਮ੍ਰਿਤਸਰ, 13 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਦੀ ਜਿੱਤ ਦੇ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਅਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ੇਸ਼ ਸਮਾਗਮ ਕਰਵਾਏ ਗਏ, ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਵਿਚ ਹਿੱਸਾ ਪਾਉਣ ਵਾਲੀਆਂ ਸੰਯੁਕਤ ਕਿਸਾਨ ਮੋਰਚੇ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣੇ ਪਲਾਜ਼ਾ ਵਿਖੇ ਕਿਸਾਨ ਆਗੂਆਂ ਨੂੰ ਜੀ-ਆਇਆਂ ਕਿਹਾ।
ਸਮਾਗਮ ਸਮੇਂ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀ ਅਪਾਰ ਕਿਰਪਾ ਨਾਲ ਕਿਸਾਨੀ ਸੰਘਰਸ਼ ਨੂੰ ਜਿੱਤ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨੇ ਭਾਰਤ ਸਰਕਾਰ ਦੇ ਬਣਾਏ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਕਿਸਾਨੀ ਅੰਦੋਲਨ ਨੇ ਇਤਿਹਾਸ ਨੂੰ ਦੁਬਾਰਾ ਜਿੰਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਅੜੀਅਲ ਰਵੱਈਏ ਕਾਰਨ 700 ਤੋਂ ਵੱਧ ਕਿਸਾਨਾਂ ਨੇ ਆਪਣੀਆਂ ਜਾਨਾਂ ਗਵਾਈਆਂ, ਪਰ ਸਰਕਾਰ ਨੂੰ ਆਖਰ ਝੁਕਣਾ ਪਿਆ। ਉਨ੍ਹਾਂ ਕਿਹਾ ਕਿ ਇਸ ਅੰਦੋਲਨ ਨੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਕੀਤੀਆਂ। ਹਰਿਆਣਾ ਨੇ ਆਪਣੇ ਛੋਟੇ ਭਰਾ ਹੋਣ ਦਾ ਸਬੂਤ ਦਿੰਦਿਆਂ ਹਰ ਔਕੜ ਸਮੇਂ ਡਟਵਾਂ ਮੁਕਾਬਲਾ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੁੱਚੇ ਦੇਸ਼ ਨੂੰ ਕਿਸਾਨੀ ਸੰਘਰਸ਼ ਦੀ ਜਿੱਤ ’ਤੇ ਵਧਾਈ ਦਿੰਦਿਆਂ ਵਿਦੇਸ਼ ਵਿਚ ਵੱਸਦੇ ਪੰਜਾਬੀਆਂ ਵੱਲੋਂ ਸੰਘਰਸ਼ ਵਿਚ ਦਿੱਤੇ ਭਰਵੇਂ ਸਹਿਯੋਗ ਲਈ ਧੰਨਵਾਦ ਵੀ ਕੀਤਾ।
ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਸ. ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨ ਜਥੇਬੰਦੀਆਂ ਵੱਲੋਂ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨੀ ਮੋਰਚੇ ਦੌਰਾਨ ਅਨੇਕਾਂ ਔਕੜਾਂ ਆਈਆਂ, ਪਰ ਪਰਮਾਤਮਾ ਦੀ ਮਿਹਰ ਸਦਕਾ ਕਿਸਾਨਾਂ ਦੀ ਹਰ ਔਕੜ ਦੂਰ ਹੋਈ। ਸ. ਰਾਜੇਵਾਲ ਨੇ ਕਿਹਾ ਕਿ ਇਸ ਮੋਰਚੇ ਦੀ ਜਿੱਤ ਨੇ ਪੰਜਾਬੀਆਂ ਦੇ ਇਤਿਹਾਸ ਦੀ 300 ਸਾਲ ਪੁਰਾਣੀ ਯਾਦ ਨੂੰ ਮੁੜ ਕੀਤਾ। ਉਨ੍ਹਾਂ ਕਿਹਾ ਕਿ ਇਸ ਮੋਰਚੇ ਵਿਚ ਹਰਿਆਣਾ, ਯੂ.ਪੀ. ਸਮੇਤ ਦੇਸ਼ ਦੇ ਹਰ ਸੂਬੇ ਦੇ ਕਿਸਾਨਾਂ ਨੇ ਭਰਵਾਂ ਸਹਿਯੋਗ ਦਿੱਤਾ। ਸ. ਰਾਜੇਵਾਲ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਸਨਮਾਨਿਤ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਉਚੇਚੇ ਤੌਰ ’ਤੇ ਧੰਨਵਾਦ ਵੀ ਕੀਤਾ।
ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਭਾਈ ਹਰਪਾਲ ਸਿੰਘ ਢੰਡ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਨਿਹਾਲ ਕੀਤਾ।
ਇਸੇ ਦੌਰਾਨ ਕਿਸਾਨ ਆਗੂ ਸ੍ਰੀ ਰਕੇਸ਼ ਟਿਕੇਤ, ਸ੍ਰੀ ਲਖਨਪਾਲ ਅਤੇ ਯੁੱਧਵੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਮੈਂਬਰ ਸਾਹਿਬਾਨ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਰਕੇਸ਼ ਟਿਕੇਤ ਨੇ ਕਿਹਾ ਕਿ ਉਨ੍ਹਾਂ ਦੀ ਇੱਛਾ ਸੀ ਕਿ ਕਿਸਾਨੀ ਮੋਰਚੇ ਦੀ ਜਿੱਤ ਤੋਂ ਬਾਅਦ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ ਕਰਕੇ ਫਿਰ ਘਰ ਜਾਣਗੇ। ਉਨ੍ਹਾਂ ਗੁਰੂ ਸਾਹਿਬਾਨ ਦੇ ਚਰਨਾਂ ਵਿਚ ਅਰਦਾਸ ਕਰਦਿਆਂ ਭਵਿੱਖ ਵਿਚ ਵੀ ਮਾਰਗ-ਦਰਸ਼ਨ ਦੀ ਅਰਜ਼ੋਈ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਇਸ ਪਾਵਨ ਅਸਥਾਨ ਤੋਂ ਅਰਦਾਸ ਕਰਕੇ ਇਹ ਮੋਰਚਾ ਸ਼ੁਰੂ ਹੋਇਆ ਸੀ ਅਤੇ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਹੀ ਮੋਰਚੇ ਨੂੰ ਜਿੱਤ ਪ੍ਰਾਪਤ ਹੋਈ ਹੈ। ਉਨ੍ਹਾਂ ਸਨਮਾਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਧੰਨਵਾਦ ਵੀ ਕੀਤਾ। ਇਸੇ ਦੌਰਾਨ ਯੁੱਧਵੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀਆਂ ਸੇਵਾਵਾਂ ਲਈ ਧੰਨਵਾਦ ਕੀਤਾ।
ਸਮਾਗਮ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਕਥਾਵਾਚਕ ਗਿਆਨੀ ਜਸਵੰਤ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਅਮਰਜੀਤ ਸਿੰਘ ਬੰਡਾਲਾ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਅਮਰੀਕ ਸਿੰਘ ਵਿਛੋਆ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਕੁਲਦੀਪ ਸਿੰਘ ਤੇੜਾ,  ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਗਿਆਨੀ ਜਸਬੀਰ ਸਿੰਘ, ਅਕਾਲੀ ਆਗੂ ਸ. ਤਲਬੀਰ ਸਿੰਘ ਗਿੱਲ, ਸ. ਗੁਰਪ੍ਰਤਾਪ ਸਿੰਘ ਟਿੱਕਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਿਮਰਜੀਤ ਸਿੰਘ ਕੰਗ, ਸ. ਗੁਰਮੀਤ ਸਿੰਘ ਬੁੱਟਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਫੈਡਰੇਸ਼ਨ ਦੇ ਪ੍ਰਧਾਨ ਸ. ਕੰਵਰਚੜ੍ਹਤ ਸਿੰਘ ਸਮੇਤ ਵੱਡੀ ਗਿਣਤੀ ਕਿਸਾਨ ਆਗੂ ਅਤੇ ਸੰਗਤਾਂ ਹਾਜ਼ਰ ਸਨ।
ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨ ਆਗੂਆਂ ਨੂੰ ਵਿਸ਼ੇਸ਼ ਤੌਰ ’ਤੇ ਕੀਤਾ ਗਿਆ ਸਨਮਾਨਿਤ 
ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਤੌਰ ’ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਸਨਮਾਨਿਤ ਕੀਤਾ। ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਨੇ ਕਿਸਾਨ ਆਗੂਆਂ ਨੂੰ ਦਿੱਤੇ। ਸਨਮਾਨ ਵਿਚ ਗੁਰੂ ਬਖ਼ਸ਼ਿਸ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। ਸਨਮਾਨ ਪ੍ਰਾਪਤ ਕਰਨ ਵਾਲੇ ਆਗੂਆਂ ਵਿਚ ਸ. ਬਲਬੀਰ ਸਿੰਘ ਰਾਜੇਵਾਲ, ਸਾਬਕਾ ਜਥੇਦਾਰ ਗਿਆਨੀ ਜਸਬੀਰ ਸਿੰਘ ਰੋਡੇ, ਸ. ਗੁਰਨਾਮ ਸਿੰਘ ਚੜੂਨੀ, ਸ੍ਰੀ ਰਕੇਸ਼ ਟਿਕੇਤ, ਡਾ. ਸਵੈਮਾਨ ਸਿੰਘ, ਸ੍ਰੀ ਦਰਸ਼ਨਪਾਲ, ਯੁੱਧਵੀਰ ਸਿੰਘ, ਸ. ਕੁਲਵੰਤ ਸਿੰਘ ਸੰਧੂ ਵੱਲੋਂ ਸ. ਪ੍ਰਗਟ ਸਿੰਘ, ਸ. ਬੂਟਾ ਸਿੰਘ ਬੁਰਜ ਗਿੱਲ, ਸ. ਮਨਜੀਤ ਸਿੰਘ ਰਾਏ, ਸ. ਰੁਲਦੂ ਸਿੰਘ ਮਾਨਸਾ, ਸ. ਬਲਦੇਵ ਸਿੰਘ ਨਿਹਾਲਗੜ੍ਹ, ਸ. ਨਿਰਭੈ ਸਿੰਘ ਢੁਡੀਕੇ, ਸ. ਹਰਜਿੰਦਰ ਸਿੰਘ ਟਾਂਡਾ, ਸ. ਹਰਮੀਤ ਸਿੰਘ ਕਾਦੀਆਂ, ਸ. ਕੁਲਦੀਪ ਸਿੰਘ ਵਜੀਦਪੁਰ, ਸ. ਬਲਵੰਤ ਸਿੰਘ, ਸ੍ਰੀ ਮੁਕੇਸ਼ ਚੰਦਰ ਸ਼ਰਮਾ, ਸ. ਜਗਵੀਰ ਸਿੰਘ ਚੌਹਾਨ, ਸ. ਕਿਰਪਾ ਸਿੰਘ, ਸ. ਸੁਖਪਾਲ ਸਿੰਘ ਡੋਫਰ, ਸ. ਹਰਪਾਲ ਸਿੰਘ ਸੰਘਾ, ਸ. ਮੇਜਰ ਸਿੰਘ ਪੁੰਨਾਵਾਲਾ, ਸ. ਬਲਵਿੰਦਰ ਸਿੰਘ ਔਲਖ, ਸ. ਕਿਰਨਜੀਤ ਸਿੰਘ ਸੇਖੋਂ, ਸ. ਬੋਘ ਸਿੰਘ ਮਾਨਸਾ, ਸ. ਮਨਜਿੰਦਰ ਸਿੰਘ ਬੁੱਟਰ, ਸ. ਸੁੱਚਾ ਸਿੰਘ, ਸ. ਹਰਦੇਵ ਸਿੰਘ ਸੰਧੂ, ਸ. ਬਲਦੇਵ ਸਿੰਘ ਜੀਰਾ, ਸ. ਕੰਵਲਪ੍ਰੀਤ ਸਿੰਘ ਪੰਨੂ, ਸ. ਗੁਰਬਖ਼ਸ਼ ਸਿੰਘ ਬਰਨਾਲਾ, ਸ. ਹਰਿੰਦਰ ਸਿੰਘ, ਸ. ਗੁਰਮੇਲ ਸਿੰਘ, ਸ. ਗੁਰਪ੍ਰੀਤ ਸਿੰਘ ਕੱਟਿਆਵਾਲੀ, ਬੀਬੀ ਜੇਬਾ ਖਾਨ ਝਾਰਖੰਡ, ਸ. ਮਨਦੀਪ ਸਿੰਘ ਨਥਵਾਨ, ਸ. ਬਲਜਿੰਦਰ ਸਿੰਘ ਬਿੱਟੂ ਆਦਿ ਸ਼ਾਮਲ ਸਨ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਬੱਡੀ ਜਗਤ ਦੀਆਂ ਨਾਮਵਰ ਸ਼ਖ਼ਸੀਅਤਾਂ ਜਿਨ੍ਹਾਂ ਨੇ ਕਿਸਾਨੀ ਸੰਘਰਸ਼ ਵਿਚ ਲਗਾਤਾਰ ਸੇਵਾ ਨਿਭਾਈ, ਉਨ੍ਹਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸ਼ਖ਼ਸੀਅਤਾਂ ਵਿਚ  ਉੱਘੇ ਖੇਡ ਪ੍ਰਮੋਟਰ ਟੋਨੀ ਸੰਧੂ ਰੁੜਕ ਕਲਾਂ ਜਲੰਧਰ, ਗੁਰਪਾਲ ਸਿੰਘ ਪਾਲਾ ਖੇਡ ਪ੍ਰਮੋਟਰ, ਮੰਗ ਸਿੰਘ ਮੰਗੀ ਅੰਤਰਾਸ਼ਟਰੀ ਕਬੱਡੀ ਪਲੇਅਰ, ਤਰਿੰਦਰਜੀਤ ਸਿੰਘ, ਭੁਪਿੰਦਰ ਸਿੰਘ ਭਿੰਦਾ, ਮਨਜੋਤ ਸਿੰਘ ਆਦਿ ਸ਼ਾਮਲ ਹਨ।