ਅੰਮ੍ਰਿਤਸਰ, 12 ਜੂਨ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਨ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਅੰਦਰ ਵਿਰਾਸਤੀ ਦਰੱਖ਼ਤ ਲਗਾਉਣ ਦਾ ਕਾਰਜ ਆਰੰਭ ਕੀਤਾ ਗਿਆ ਹੈ। ਇਸੇ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਅਤੇ ਵਾਤਾਵਰਨ ਪ੍ਰੇਮੀ ਪ੍ਰਦਮਸ਼੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੇ ਗੁਰਦੁਆਰਾ ਬਾਬਾ ਬੀਰ ਸਿੰਘ ਰੱਤੋਕੇ ਵਿਖੇ ਬੂਟੇ ਲਗਾਉਣ ਦੀ ਆਰੰਭਤਾ ਕੀਤੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਅੰਤ੍ਰਿੰਗ ਕਮੇਟੀ ਨੇ ਇਤਿਹਾਸਕ ਗੁਰਦੁਆਰਿਆਂ ਅੰਦਰ ਇੱਕ-ਇੱਕ ਏਕੜ ਦੇ ਬਾਗ ਲਗਾਉਣ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਵਾਤਾਵਰਨ ਦੀ ਸ਼ੁਧਤਾ ਲਈ ਸ਼੍ਰੋਮਣੀ ਕਮੇਟੀ ਨਿਰੰਤਰ ਯਤਨਸ਼ੀਲ ਹੈ। ਜਿਥੇ ਪਹਿਲਾਂ ਵੱਖ-ਵੱਖ ਗੁਰਦੁਆਰਿਆਂ ਦੀ ਪਰਕਰਮਾਂ ਅਤੇ ਹੋਰ ਥਾਵਾਂ ’ਤੇ ਬੂਟੇ ਲਗਾਏ ਗਏ ਹਨ, ਉਥੇ ਹੀ ਹੁਣ ਗੁਰੂ ਘਰਾਂ ਦੀਆਂ ਜ਼ਮੀਨਾਂ ਅੰਦਰ ਇੱਕ-ਇੱਕ ਏਕੜ ਰਕਬਾ ਵਿਰਾਸਤੀ ਬਾਗ ਲਗਾਉਣ ਲਈ ਵਰਤਿਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ 40 ਦੇ ਕਰੀਬ ਗੁਰਦੁਆਰਾ ਸਾਹਿਬਾਨ ਅੰਦਰ ਵਿਰਾਸਤੀ ਦਰੱਖ਼ਤਾਂ ਵਾਲੇ ਜੰਗਲ ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਅੱਜ ਗੁਰਦੁਆਰਾ ਬਾਬਾ ਬੀਰ ਸਿੰਘ ਰੱਤੋਕੇ ਵਿਖੇ ਨਿੰਮ, ਬੋਹੜ, ਪਿੱਪਲ, ਜਾਮੁਨ, ਬਹੇੜਾ, ਟਾਹਲੀ, ਹਰੜ, ਆਮਲਾ, ਅਰਜੁਨ, ਰੀਠਾ ਆਦਿ ਦੇ ਬੂਟੇ ਲਗਾਏ ਗਏ ਹਨ। ਜਲਦ ਹੀ ਇਨ੍ਹਾਂ ਵਿਚ ਹੋਰ ਵਿਸਥਾਰ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜੰਗਲ ਸਥਾਪਤ ਕਰਨ ਦਾ ਮੰਤਵ ਹਰਿਆਵਲ ਭਰਪੂਰ ਵਾਤਾਵਰਨ ਪੈਦਾ ਕਰਨ ਦੇ ਨਾਲ-ਨਾਲ ਪੰਛੀਆਂ ਨੂੰ ਰੈਣ-ਬਸੇਰੇ ਦੇਣਾ ਵੀ ਹੈ।