ਅੰਮ੍ਰਿਤਸਰ, 31 ਦਸੰਬਰ-

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਜਿਸਥਾਨ ਦੇ ਤਿੰਨ ਗੁਰਦੁਆਰਿਆਂ ਲਈ ਚਾਰ ਲੱਖ ਪੰਝੀ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪ੍ਰਵਾਨ ਕੀਤੀ ਗਈ ਇਹ ਰਾਸ਼ੀ ਕਮੇਟੀ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਸਬੰਧਤ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਕਰਨਪੁਰ (ਰਾਜਿਸਥਾਨ) ਦੇ ਪ੍ਰਧਾਨ ਸ. ਕਰਨੈਲ ਸਿੰਘ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਭਰਵੀਂ ਸ਼ਲਾਘਾ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਆਖਿਆ ਕਿ ਰਾਜਿਸਥਾਨ ਦੇ ਤਿੰਨ ਗੁਰਦੁਆਰਾ ਸਾਹਿਬਾਨ ਦੇ ਵੱਖ-ਵੱਖ ਕਾਰਜਾਂ ਲਈ ਸਹਾਇਤਾ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤਹਿਤ ਗੁਰਦੁਆਰਾ ਸਿੰਘ ਸਭਾ ਕੇਸਰੀ ਸਿੰਘਪੁਰ ਤਹਿਸੀਲ ਕਰਨਪੁਰ ਨੂੰ 2 ਲੱਖ 75 ਹਜ਼ਾਰ ਰੁਪਏ, ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਕਰਨਪੁਰ ਲਈ 1 ਲੱਖ ਰੁਪਏ ਅਤੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ 36 ਐੱਚ ਨੱਗੀ ਕਰਨਪੁਰ ਲਈ 50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਈ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਤੋਂ ਬਾਹਰਲੇ ਸੂਬਿਆਂ ਅੰਦਰ ਧਰਮ ਪ੍ਰਚਾਰ ਕਾਰਜਾਂ ਨੂੰ ਲਗਾਤਾਰ ਜਾਰੀ ਰੱਖਿਆ ਹੋਇਆ ਹੈ ਅਤੇ ਇਸ ਤਹਿਤ ਰਾਜਿਸਥਾਨ ਵਿਚ ਵੀ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਸਿੱਖੀ ਪ੍ਰਚਾਰ ਕਰ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਸ. ਹਰਭਜਨ ਸਿੰਘ, ਸ. ਗੁਰਮੁਖ ਸਿੰਘ, ਸ. ਜਗਤ ਸਿੰਘ, ਸ. ਜਗਤਾਰ ਸਿੰਘ ਆਦਿ ਮੌਜੂਦ ਸਨ।