ਅੰਮ੍ਰਿਤਸਰ, 31 ਜੁਲਾਈ-
ਜੂਨ ੧੯੮੪ ਵਿਚ ਭਾਰਤੀ ਫ਼ੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਰੋਸ ਵਜੋਂ ਆਪਣੀਆਂ ਨੌਕਰੀਆਂ ਛੱਡਣ ਵਾਲੇ ਧਰਮੀ ਫ਼ੌਜੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ੫੦-੫੦ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਇਹ ਚੈੱਕ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਮਨਜੀਤ ਸਿੰਘ ਬੱਪੀਆਣਾ, ਸ. ਰਾਮਪਾਲ ਸਿੰਘ ਬਹਿਣੀਵਾਲ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਸਾਂਝੇ ਤੌਰ ‘ਤੇ ਪ੍ਰਦਾਨ ਕੀਤੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੂਨ ੧੯੮੪ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਫ਼ੋਜੀ ਹਮਲੇ ਸਮੇਂ ਆਪਣੀ ਨੌਕਰੀਆਂ ਛੱਡਣ ਵਾਲੇ ਧਰਮੀ ਫ਼ੌਜੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ‘ਤੇ ਸਹਾਇਤਾ ਦਿੱਤੀ ਜਾਂਦੀ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਜਿਨ੍ਹਾਂ ਧਰਮੀ ਫ਼ੌਜੀਆਂ ਨੂੰ ਸਰਕਾਰ ਵੱਲੋਂ ਪੈਨਸ਼ਨ ਨਹੀਂ ਦਿੱਤੀ ਜਾਂਦੀ, ਉਨ੍ਹਾਂ ਨੂੰ ਹਰ ਸਾਲ ੫੦-੫੦ ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਸੇ ਤਹਿਤ ਹੀ ਅੱਜ ਕੁਝ ਧਰਮੀ ਫ਼ੌਜੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ ਹਨ ਅਤੇ ਅਗਲੇ ਦਿਨਾਂ ਵਿਚ ਬਾਕੀ ਰਹਿੰਦੇ ਧਰਮੀ ਫ਼ੌਜੀਆਂ ਨੂੰ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਧਰਮੀ ਫ਼ੌਜੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਨੌਕਰੀਆਂ ਵੀ ਦਿੱਤੀਆਂ ਜਾ ਚੁੱਕੀਆਂ ਹਨ। ਇਸ ਸਮੇਂ ਸਹਾਇਤਾ ਪ੍ਰਾਪਤ ਕਰਨ ਵਾਲੇ ਧਰਮੀ ਫ਼ੌਜੀਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਦੀ ਸਮੇਂ-ਸਮੇਂ ‘ਤੇ ਬਾਂਹ ਫੜ੍ਹੀ ਹੈ। ਇਸ ਮੌਕੇ ਧਰਮ ਫ਼ੌਜੀਆਂ ਵਿੱਚੋਂ ਸ. ਬਖਸ਼ੀਸ਼ ਸਿੰਘ ਕਾਦੀਆ ਜਨਰਲ ਸਕੱਤਰ, ਸ. ਸਰਵਣ ਸਿੰਘ, ਸ. ਹਰਭਜਨ ਸਿੰਘ, ਸ. ਕੁਲਵੰਤ ਸਿੰਘ, ਸ. ਬਲਕਾਰ ਸਿੰਘ, ਸ. ਜਗਜੋਤ ਸਿੰਘ, ਸ. ਰਣਜੀਤ ਸਿੰਘ, ਸ. ਸਵਿੰਦਰ ਸਿੰਘ, ਸ. ਹਰਨੇਕ ਸਿੰਘ, ਸ. ਬਲਦੇਵ ਸਿੰਘ ਆਦਿ ਹਾਜ਼ਰ ਸਨ।