ਅੰਮ੍ਰਿਤਸਰ, 12 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੇਂ ਨਵੰਬਰ 2020 ਵਿਚ ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਭੇਜੇ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 18 ਅਕਤੂਬਰ 2020 ਤੀਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ, ਤਿੰਨ ਪਾਸਪੋਰਟ ਸਾਈਜ਼ ਰੰਗਦਾਰ ਫੋਟੋਆਂ ਵੀ ਜਮ੍ਹਾਂ ਕਰਵਾਉਣ। ਪਛਾਣ ਪੱਤਰ ਲਈ ਆਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਣ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਅੱਗੇ ਭੇਜੇ ਜਾ ਸਕਣ।